
ਰੂਪਨਗਰ, 17 ਜਨਵਰੀ: ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਮੈਂਬਰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਸ. ਜਤਿੰਦਰ ਸਿੰਘ ਸ਼ੰਟੀ (ਪਦਮਸ਼੍ਰੀ ਐਵਾਰਡੀ) ਨੇ ਅੱਜ ਜੀ.ਐਸ ਅਸਟੇਟ ਰੂਪਨਗਰ ਵਿਖੇ ਇੱਕ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਹੈ ਕਿ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੌਲਿਕ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ ਅਤੇ ਕਿਸੇ ਵੀ ਤਰ੍ਹਾਂ ਦਾ ਅਨਿਆਂ ਨਾ ਹੋਵੇ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੁਲਜ਼ਮਾ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਸ੍ਰੀ ਸ਼ੰਟੀ ਨੇ ਪ੍ਰਸ਼ਾਸ਼ਨ ਅਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਹੁਣ ਤੱਕ ਕੀਤੇ ਗਏ ਕਾਰਜਾਂ ਦੀ ਜਿੱਥੇ ਸਮੀਖਿਆ ਕੀਤੀ, ਉੁਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਮਨੁੱਖੀ ਅਧਿਕਾਰਾਂ ਨੂੰ ਹੋਰ ਬਿਹਤਰ ਬਣਾਉਣ ਲਈ ਸੁਝਾਅ ਵੀ ਲਏ।
ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਐਡਵਾਇਜ਼ਰੀ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਮਨੁੱਖਤਾ ਦੀ ਭਲਾਈ ਲਈ ਨਵੇਂ ਕਾਨੂੰਨ ਲਿਆਂਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਹਰ ਜ਼ਿਲ੍ਹੇ ਵਿਚ 15-15 ਵਿਅਕਤੀਆਂ ਦਾ ਕੋਰ ਗਰੁੱਪ ਬਣਾਇਆ ਜਾ ਰਿਹਾ ਹੈ, ਜੋ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੰਮ ਕਰਨਗੇ ਅਤੇ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਤੇ ਸਮੱਸਿਆਵਾਂ ਧਿਆਨ ਵਿਚ ਲਿਆਉਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ ਤਾਂ ਇਸ ਸਬੰਧੀ ਲਿਖਤੀ ਸ਼ਿਕਾਇਤ ਕਮਿਸ਼ਨਰ ਨੂੰ ਦਿੱਤੀ ਜਾਵੇ ਜਿਸ ਤੇ ਦੋ ਦਿਨਾਂ ਅੰਦਰ ਯਕੀਨਨ ਕਾਰਵਾਈ ਹੋਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ ਤਾਂ ਇਸ ਸਬੰਧੀ ਲਿਖਤੀ ਸ਼ਿਕਾਇਤ ਵਟਸਐੱਪ ਨੰਬਰ 9855475547 ਜਾਂ https://www.pshrc.net/ ਵੈੱਬਸਾਈਟ ਤੇ ਦਿੱਤੀ ਜਾਵੇ ਜਿਸ ਤੇ ਦੋ ਦਿਨਾਂ ਅੰਦਰ ਯਕੀਨਨ ਕਾਰਵਾਈ ਹੋਵੇਗੀ।
ਇਸ ਤੋਂ ਉਪਰੰਤ ਉਨ੍ਹਾਂ ਨਸ਼ਾ ਮੁਕਤੀ ਕੇਂਦਰ ਰੂਪਨਗਰ ਦਾ ਦੌਰਾ ਕੀਤਾ ਅਤੇ ਉੱਥੇ ਦਾਖਲ ਮਰੀਜ਼ਾਂ ਨਾਲ ਗੱਲਬਤ ਵੀ ਕੀਤੀ।
ਐਂਟੀ ਕਰੱਪਸ਼ਨ ਕ੍ਰਾਈਮ ਪ੍ਰੇਵੇਂਸ਼ਨ ਕਮਿਊਨਟੀ ਓਰਿੰਨਟਡ ਪੋਲਸਿੰਗ ਸੁਸਾਇਟੀ ਅਤੇ ਈਕੋ ਕੰਜ਼ਰਵ ਫਾਊਂਡੇਸ਼ਨ ਵਲੋਂ ਜੀ.ਐਸ. ਅਸਟੇਟ ਰੂਪਨਗਰ ਵਿਖੇ ਕਰਵਾਏ ਇਸ ਸਮਾਗਮ ਵਿੱਚ ਜ਼ਰੂਰਤਮੰਦ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ ਅਤੇ ਅੱਖਾਂ ਦਾ ਚੈਕਅੱਪ ਕੈਂਪ ਵੀ ਲਗਾਇਆ ਗਿਆ ਅਤੇ ਇਸ ਤੋਂ ਇਲਾਵਾ ਡਾਕਟਰਾਂ ਦੀ ਟੀਮ ਵੱਲੋਂ ਸ਼ੂਗਰ ਅਤੇ ਬੀ.ਪੀ. ਦਾ ਚੈਕਅੱਪ ਵੀ ਕੀਤਾ ਗਿਆ ਅਤੇ ਜਨਰਲ ਦਵਾਈਆਂ ਦਿੱਤੀਆਂ ਗਈਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ, ਐੱਸਪੀ ਅਰਵਿੰਦ ਮੀਨਾ, ਜੇਲ੍ਹ ਸੁਪਰਡੈਂਟ ਰੂਪਨਗਰ ਹਰਜੋਤ ਸਿੰਘ ਕਲੇਰ, ਤਹਿਸੀਲਦਾਰ ਹਰਸਿਮਰਨ ਸਿੰਘ, ਚੇਅਰਮੈਨ ਈਕੋ ਕੰਜ਼ਰਵ ਫਾਊਂਡੇਸ਼ਨ ਡਾ. ਦੀਪਕ ਸਿੰਗਲਾ, ਡੀਐਸਪੀ ਮਨੁੱਖੀ ਅਧਿਕਾਰ ਕਮਿਸ਼ਨ ਦੀਪਕ ਸਿੰਘ, ਪ੍ਰਧਾਨ ਰੂਪਨਗਰ ਈਕੋ ਕੰਜ਼ਰਵ ਫਾਊਂਡੇਸ਼ਨ ਹਰਪ੍ਰੀਤ ਕੌਰ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।