Wednesday, November 11Malwa News
Shadow

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਤਿਹਗੜ੍ਹ ਸਾਹਿਬ, 11 ਨਵੰਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਸਾਲ 2027 ਵਿੱਚ ‘ਆਪ’ ਦੀ ਸਰਕਾਰ ’ਚ ਪੰਜਾਬ ਦੇ ਵਿਕਾਸ ਦਾ ਸਫ਼ਰ ਜਾਰੀ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਆਪਣੀ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ, ਮੁਫ਼ਤ ਬਿਜਲੀ, ਸਿਹਤ ਸੰਭਾਲ, ਔਰਤਾਂ ਦੇ ਵਿੱਤੀ ਸਸ਼ਕਤੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਕੇਂਦਰਿਤ ਨੀਤੀਆਂ ਦੀ ਤੁਲਨਾ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਦਹਾਕਿਆਂ ਦੇ ਅਣਗੌਲੇਪਣ ਨਾਲ ਕੀਤੀ।
ਪੂਰੇ ਸੂਬੇ ਨੂੰ ਆਪਣਾ ਪਰਿਵਾਰ ਦੱਸਦੇ ਹੋਏ ਬਿਨਾਂ ਕਿਸੇ ਵਿਤਕਰੇ ਦੇ ਸਰਕਾਰੀ ਲਾਭ ਦੇਣ ਦਾ ਐਲਾਨ ਕਰਦਿਆਂ ਉਨ੍ਹਾਂ ਨੇ ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਦੇਣ ਦੀਆਂ ਉਪਲਬਧੀਆਂ ਦਾ ਜ਼ਿਕਰ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਬਿਜਲੀ ਦੀਆਂ ਤਾਰਾਂ ਨੂੰ ਅੰਡਰਗਰਾਊਂਡ ਕਰਕੇ ਪੰਜਾਬ ਨੂੰ ਖੰਭਾ-ਮੁਕਤ ਬਣਾਉਣ ਦਾ ਆਪਣਾ ਸੁਪਨਾ ਵੀ ਸਾਂਝਾ ਕੀਤਾ। ਵਾਰ-ਵਾਰ ਪਾਰਟੀਆਂ ਬਦਲਣ ਵਾਲੇ ਸਿਆਸੀ ਨੇਤਾਵਾਂ ‘ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ “ਗਿਰਗਿਟ” ਕਿਹਾ ਅਤੇ ਪੰਜਾਬੀਆਂ ਨੂੰ ਸਿਆਸੀ ਲਾਹੇ ਲਈ ਵਫ਼ਾਦਾਰੀਆਂ ਬਦਲਣ ਵਾਲੇ ਮੌਕਾਪ੍ਰਸਤਾਂ ਤੋਂ ਸੁਚੇਤ ਕੀਤਾ।
ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਕੋਲ ਪੰਜਾਬ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣ ਲਈ ਇੱਛਾ ਸ਼ਕਤੀ ਅਤੇ ਨੀਅਤ, ਦੋਵੇਂ ਹਨ। ਵਿਕਾਸ ਅਤੇ ਜਨਤਕ ਭਲਾਈ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਅਸੀਂ ਪੂਰੇ ਸੂਬੇ ਵਿੱਚ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਹੈ ਅਤੇ ਲੋਕਾਂ ਦੇ ਪੂਰੇ ਸਹਿਯੋਗ ਨਾਲ ਇਸ ਪ੍ਰਗਤੀ ਨੂੰ ਤੇਜ਼ ਕਰਨ ਵਿੱਚ ਕੋਈ ਕਸਰ ਨਹੀਂ ਛੱਡਾਂਗੇ।”
ਪੂਰੇ ਸੂਬੇ ਨੂੰ ਆਪਣਾ ਪਰਿਵਾਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਮੇਰੇ ਲਈ ਸਾਰਾ ਪੰਜਾਬ ਇੱਕ ਪਰਿਵਾਰ ਹੈ। ਸਾਡੀ ਸਰਕਾਰ ਭਲਾਈ ਸਕੀਮਾਂ ਦਾ ਲਾਭ ਦੇਣ ਵਿੱਚ ਕਿਸੇ ਨਾਲ ਕੋਈ ਵਿਤਕਰਾ ਨਹੀਂ ਕਰਦੀ। ਚਾਹੇ ਮੁਫ਼ਤ ਬਿਜਲੀ ਹੋਵੇ, ਸਿਹਤ ਸੰਭਾਲ ਹੋਵੇ, ਔਰਤਾਂ ਲਈ ਵਿੱਤੀ ਸਹਾਇਤਾ ਹੋਵੇ, ਸਿੱਖਿਆ ਹੋਵੇ ਜਾਂ ਰੋਜ਼ਗਾਰ, ਸਾਡਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਲੋੜਵੰਦ ਵਿਅਕਤੀ ਨੂੰ ਸਰਕਾਰੀ ਪਹਿਲਕਦਮੀਆਂ ਦਾ ਲਾਭ ਮਿਲੇ।”
ਫਤਿਹਗੜ੍ਹ ਸਾਹਿਬ ਵਿਖੇ ਆਉਣ ਵਾਲੀ ਸ਼ਹੀਦੀ ਸਭਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਨਤਮਸਤਕ ਹੋਣ ਲਈ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਸਾਡੀ ਸਰਕਾਰ ਵਿਆਪਕ ਪ੍ਰਬੰਧ ਕਰੇਗੀ, ਜਿੱਥੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਨੇ ਸ਼ਹਾਦਤ ਪ੍ਰਾਪਤ ਕੀਤੀ ਸੀ। ਅਸੀਂ ਯਕੀਨੀ ਬਣਾਵਾਂਗੇ ਕਿ ਸ਼ਹੀਦੀ ਸਭਾ ਦੌਰਾਨ ਕਿਸੇ ਵੀ ਸ਼ਰਧਾਲੂ ਨੂੰ ਕੋਈ ਅਸੁਵਿਧਾ ਨਾ ਹੋਵੇ ਅਤੇ ਹਰ ਸਾਲ ਵਾਂਗ ਮੈਂ ਖੁਦ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਕਰਾਂਗਾ।”
ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ‘ਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਰਵਾਇਤੀ ਪਾਰਟੀਆਂ ਸਿਆਸੀ ਤੌਰ ‘ਤੇ ਬੇਕਾਰ ਹੋ ਚੁੱਕੀਆਂ ਹਨ ਅਤੇ ਪੰਜਾਬ ਦੇ ਲੋਕਾਂ ਦੁਆਰਾ ਵਾਰ-ਵਾਰ ਨਕਾਰੀਆਂ ਜਾ ਚੁੱਕੀਆਂ ਹਨ। ਦਹਾਕਿਆਂ ਤੱਕ ਇਹ ਸੱਤਾ ਵਿੱਚ ਰਹੀਆਂ ਪਰ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਨਾਕਾਮ ਰਹੀਆਂ। ਇਨ੍ਹਾਂ ਦਾ ਇੱਕੋ-ਇੱਕ ਮਕਸਦ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਪੰਜਾਬ ਦੇ ਸਰੋਤਾਂ ਦੀ ਵਰਤੋਂ ਕਰਨਾ ਅਤੇ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਲੁੱਟਣਾ ਸੀ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀਆਂ ਹਨ ਕਿਉਂਕਿ ਇਨ੍ਹਾਂ ਦੀਆਂ ਸਰਕਾਰਾਂ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਅਸਫਲ ਰਹੀਆਂ। ਇਨ੍ਹਾਂ ਨੂੰ ਪੰਜਾਬੀਆਂ ਦੀ ਭਲਾਈ ਨਾਲੋਂ ਆਪਣੀ ਸਿਆਸੀ ਸੱਤਾ ਦੀ ਵਧੇਰੇ ਚਿੰਤਾ ਸੀ। ਲੋਕ ਇਨ੍ਹਾਂ ਦੇ ਪਿਛੋਕੜ ਨੂੰ ਭੁੱਲੇ ਨਹੀਂ ਹਨ ਅਤੇ ਸਾਲ 2027 ਵਿੱਚ ਇਤਿਹਾਸ ਆਪਣੇ ਆਪ ਨੂੰ ਦੁਹਰਾਏਗਾ ਜਦੋਂ ਇਹ ਪਾਰਟੀਆਂ ਇੱਕ ਵਾਰ ਫਿਰ ਨਕਾਰ ਦਿੱਤੀਆਂ ਜਾਣਗੀਆਂ।”
ਚੋਣਾਂ ਤੋਂ ਪਹਿਲਾਂ ਵਾਰ-ਵਾਰ ਪਾਰਟੀਆਂ ਬਦਲਣ ਵਾਲੇ ਨੇਤਾਵਾਂ ‘ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ, “ਇਨ੍ਹਾਂ ਸਿਆਸੀ ਦਲ-ਬਦਲੂਆਂ ਨੇ ਇੰਨੀ ਜਲਦੀ ਰੰਗ ਬਦਲ ਕੇ ਗਿਰਗਿਟਾਂ ਨੂੰ ਵੀ ਸ਼ਰਮਸਾਰ ਕਰ ਦਿੱਤਾ ਹੈ। ਅਜਿਹੇ ਨੇਤਾਵਾਂ ਦੀ ਕਿਸੇ ਵਿਚਾਰਧਾਰਾ ਜਾਂ ਜਨਤਕ ਭਲਾਈ ਪ੍ਰਤੀ ਕੋਈ ਵਚਨਬੱਧਤਾ ਨਹੀਂ ਹੁੰਦੀ। ਉਨ੍ਹਾਂ ਦਾ ਇੱਕੋ-ਇੱਕ ਮਕਸਦ ਸਿਆਸੀ ਸੱਤਾ ਹਾਸਲ ਕਰਨਾ ਅਤੇ ਪੈਸੇ ਦੀ ਭੁੱਖ ਮਿਟਾਉਣਾ ਹੈ। ਪੰਜਾਬ ਦੇ ਲੋਕ ਇਨ੍ਹਾਂ ਦੀ ਮੌਕਾਪ੍ਰਸਤੀ ਨੂੰ ਸਮਝਦੇ ਹਨ ਅਤੇ ਇਨ੍ਹਾਂ ਨੂੰ ਢੁਕਵਾਂ ਸਬਕ ਸਿਖਾਉਣਗੇ।”
ਅਕਾਲੀ ਲੀਡਰਸ਼ਿਪ ‘ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਹੜੇ ਅਕਾਲੀ ਨੇਤਾ ਕਦੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ, ਦਿੱਲੀ ਅਤੇ ਹਰਿਆਣਾ ਵਿੱਚ ਸਿੱਖ ਮਾਮਲਿਆਂ ਵਿੱਚ ਦਖਲਅੰਦਾਜ਼ੀ ਲਈ ਭਾਜਪਾ ਨੂੰ ਦੋਸ਼ੀ ਠਹਿਰਾਉਂਦੇ ਸਨ, ਉਹ ਅੱਜ ਉਸੇ ਭਾਜਪਾ ਨਾਲ ਗਠਜੋੜ ਕਰਨ ਲਈ ਤਰਲੋਮੱਛੀ ਹਨ। ਲੋਕ ਉਨ੍ਹਾਂ ਨੇਤਾਵਾਂ ਤੋਂ ਕੀ ਉਮੀਦ ਕਰ ਸਕਦੇ ਹਨ ਜੋ ਸਿਰਫ਼ ਸਿਆਸੀ ਸੱਤਾ ਮੁੜ ਹਾਸਲ ਕਰਨ ਲਈ ਆਪਣੇ ਹੀ ਦਾਅਵਿਆਂ ਨਾਲ ਸਮਝੌਤਾ ਕਰਨ ਲਈ ਤਿਆਰ ਹਨ?”
ਮੁੱਖ ਮੰਤਰੀ ਨੇ ਕਿਹਾ, “ਜੇਕਰ ਅਕਾਲੀ ਦਲ ਅਤੇ ਭਾਜਪਾ ਮੁੜ ਹੱਥ ਮਿਲਾਉਂਦੇ ਹਨ ਤਾਂ ਪੰਜਾਬ ਦੇ ਲੋਕ ਚੋਣਾਂ ਵਿੱਚ ਦੋਵਾਂ ਪਾਰਟੀਆਂ ਨੂੰ ਨਕਾਰ ਕੇ ਮੂੰਹ ਤੋੜਵਾਂ ਜਵਾਬ ਦੇਣਗੇ। ਪੰਜਾਬੀ ਚੰਗੀ ਤਰ੍ਹਾਂ ਜਾਣਦੇ ਹਨ ਕਿ ਇਨ੍ਹਾਂ ਪਾਰਟੀਆਂ ਨੇ ਸੱਤਾ ਵਿੱਚ ਹੁੰਦਿਆਂ ਸੂਬੇ ਨਾਲ ਕਿਹੋ ਜਿਹਾ ਵਿਵਹਾਰ ਕੀਤਾ ਸੀ ਅਤੇ ਉਹ ਪੰਜਾਬ ਦੇ ਹਿੱਤਾਂ ਨਾਲ ਮੁੜ ਸਮਝੌਤਾ ਨਹੀਂ ਹੋਣ ਦੇਣਗੇ।”
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਸਤਾਵਿਤ ਸਾਈਕਲ ਯਾਤਰਾ ‘ਤੇ ਚੋਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਚਰਨਜੀਤ ਸਿੰਘ ਚੰਨੀ ਦੀ ਪ੍ਰਸਤਾਵਿਤ ਸਾਈਕਲ ਯਾਤਰਾ ਪੰਜਾਬ ਲਈ ਕਿਸੇ ਸਾਰਥਕ ਏਜੰਡੇ ਤੋਂ ਬਿਨਾਂ ਮਹਿਜ਼ ਇੱਕ ਸਿਆਸੀ ਡਰਾਮਾ ਹੈ। ਕਾਂਗਰਸੀ ਨੇਤਾ ਵੀ ਇਸ ਯਾਤਰਾ ਦਾ ਸਮਰਥਨ ਨਹੀਂ ਕਰ ਰਹੇ ਕਿਉਂਕਿ ਉਹ ਜਾਣਦੇ ਹਨ ਕਿ ਇਸ ਨਾਲ ਸੂਬੇ ਜਾਂ ਇਸ ਦੇ ਲੋਕਾਂ ਦੀ ਭਲਾਈ ਵਿੱਚ ਕੋਈ ਯੋਗਦਾਨ ਨਹੀਂ ਪਵੇਗਾ। ਸਾਬਕਾ ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਉਹ ਸਭ ਕੁਝ ਕਰ ਸਕਦੇ ਹਨ, ਪਰ ਉਨ੍ਹਾਂ ਦਾ ਰਿਕਾਰਡ ਬਿਲਕੁਲ ਵੱਖਰੀ ਕਹਾਣੀ ਬਿਆਨ ਕਰਦਾ ਹੈ।”

ਆਪਣੀ ਸਰਕਾਰ ਦੀਆਂ ਉਪਲਬਧੀਆਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਅਸੀਂ ਪੂਰੀ ਤਰ੍ਹਾਂ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਯੋਗ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ ਆਏ ਨਿਵੇਸ਼ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ 6 ਲੱਖ ਤੋਂ ਵੱਧ ਮੌਕੇ ਪੈਦਾ ਹੋਏ ਹਨ। ਸਾਡਾ ਮਕਸਦ ਪੰਜਾਬ ਵਿੱਚ ਹੀ ਸਾਡੇ ਨੌਜਵਾਨਾਂ ਲਈ ਢੁਕਵੇਂ ਮੌਕੇ ਸਿਰਜਣਾ ਹੈ ਤਾਂ ਜੋ ਉਨ੍ਹਾਂ ਨੂੰ ਬਿਹਤਰ ਭਵਿੱਖ ਦੀ ਭਾਲ ਵਿੱਚ ਆਪਣੀ ਮਾਤ-ਭੂਮੀ ਛੱਡ ਕੇ ਨਾ ਜਾਣਾ ਪਵੇ।”
ਉਨ੍ਹਾਂ ਅੱਗੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਵੀ ਵਾਅਦੇ ਕੀਤੇ ਸਨ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਭੁਲਾ ਦਿੱਤਾ ਸੀ ਪਰ ਅਸੀਂ ਜੋ ਵਾਅਦਾ ਕਰਦੇ ਹਾਂ ਉਸ ਨੂੰ ਪੂਰਾ ਕਰਨ ਵਿੱਚ ਵਿਸ਼ਵਾਸ ਰੱਖਦੇ ਹਾਂ। ਸਾਡਾ ਧਿਆਨ ਰੋਜ਼ਗਾਰ ਦੇ ਮੌਕੇ ਪੈਦਾ ਕਰਨ, ਮਿਆਰੀ ਸਿੱਖਿਆ, ਸਿਹਤ ਸੰਭਾਲ, ਖੇਡਾਂ ਲਈ ਬੁਨਿਆਦੀ ਢਾਂਚੇ, ਪੇਂਡੂ ਵਿਕਾਸ ਅਤੇ ਜਨਤਕ ਭਲਾਈ ‘ਤੇ ਹੈ। ਅਸੀਂ ਚਾਹੁੰਦੇ ਹਾਂ ਕਿ ਵਿਕਾਸ ਦਾ ਲਾਭ ਹਰ ਘਰ ਅਤੇ ਹਰ ਪਿੰਡ ਤੱਕ ਪਹੁੰਚੇ।”
ਜਨਤਕ ਸੇਵਾ ਪ੍ਰਤੀ ਆਪਣੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਲੋਕਾਂ ਦਾ ਵਿਸ਼ਵਾਸ ਅਤੇ ਸਹਿਯੋਗ ਮੰਗਦਾ ਹਾਂ ਕਿਉਂਕਿ ਮੈਂ ਉਨ੍ਹਾਂ ਦੀ ਸੇਵਾ ਕਰਨਾ ਚਾਹੁੰਦਾ ਹਾਂ। ਮੇਰੀ ਤਾਕਤ ਪੰਜਾਬ ਦੇ ਲੋਕਾਂ ਤੋਂ ਆਉਂਦੀ ਹੈ, ਸੱਤਾ ਦੇ ਕਿਸੇ ਅਹੁਦੇ ਤੋਂ ਨਹੀਂ। ਜਦੋਂ ਤੱਕ ਮੈਨੂੰ ਉਨ੍ਹਾਂ ਦਾ ਸਹਿਯੋਗ ਹਾਸਲ ਹੈ, ਮੈਂ ਉਨ੍ਹਾਂ ਦੇ ਹੱਕਾਂ, ਸਨਮਾਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਬਿਹਤਰ ਭਵਿੱਖ ਲਈ ਕੰਮ ਕਰਦਾ ਰਹਾਂਗਾ।”
ਮੁੱਖ ਮੰਤਰੀ ਨੇ ਕਿਹਾ, “ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦਾ ਹੈ ਅਤੇ ਇਹ ਪੈਸਾ ਉਨ੍ਹਾਂ ਦੀ ਭਲਾਈ ‘ਤੇ ਹੀ ਖਰਚਿਆ ਜਾਣਾ ਚਾਹੀਦਾ ਹੈ। ਅਸੀਂ ਕਰਦਾਤਾਵਾਂ ਦਾ ਪੈਸਾ ਬਿਹਤਰ ਸਕੂਲਾਂ, ਹਸਪਤਾਲਾਂ, ਸੜਕਾਂ, ਬਿਜਲੀ, ਸਿਹਤ ਸਹੂਲਤਾਂ ਅਤੇ ਜਨਤਕ ਬੁਨਿਆਦੀ ਢਾਂਚੇ ਦੇ ਰੂਪ ਵਿੱਚ ਲੋਕਾਂ ਤੱਕ ਵਾਪਸ ਪਹੁੰਚਾ ਰਹੇ ਹਾਂ। ਸਾਡੀ ਸਰਕਾਰ ਇੱਕ ਖੁਸ਼ਹਾਲ, ਸਮਾਨਤਾ ਅਤੇ ਭ੍ਰਿਸ਼ਟਾਚਾਰ-ਮੁਕਤ ਪੰਜਾਬ ਦੀ ਸਿਰਜਣਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”
ਬਿਜਲੀ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਪੰਜਾਬ ਵਿੱਚ 90 ਫੀਸਦੀ ਤੋਂ ਵੱਧ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਜਦਕਿ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਦਿੱਤੀ ਜਾ ਰਹੀ ਹੈ। ਪਿਛਲੀਆਂ ਸਰਕਾਰਾਂ ਦੌਰਾਨ ਕਿਸਾਨਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਸਾਡੀ ਸਰਕਾਰ ਵੱਲੋਂ ਇਸ ਸਬੰਧੀ ਵੱਡਾ ਬਦਲਾਅ ਲਿਆਂਦਾ ਗਿਆ ਹੈ। ਅਸੀਂ ਟੋਲ ਪਲਾਜ਼ੇ ਵੀ ਬੰਦ ਕਰ ਦਿੱਤੇ ਹਨ, ਜਿਸ ਨਾਲ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।”
ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਵੱਲੋਂ ਇੱਕ ਵਿਆਪਕ ਸਿਹਤ ਸੰਭਾਲ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਹਰ ਸਾਲ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕੀਤਾ ਜਾਂਦਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਵਿੱਚ ਕਿਸੇ ਵੀ ਪਰਿਵਾਰ ਨੂੰ ਡਾਕਟਰੀ ਖਰਚਿਆਂ ਕਾਰਨ ਵਿੱਤੀ ਤੰਗੀਆਂ ਦਾ ਸਾਹਮਣਾ ਨਾ ਕਰਨਾ ਪਵੇ। ਹਰ ਵਿਅਕਤੀ ਲਈ ਮਿਆਰੀ ਸਿਹਤ ਸੰਭਾਲ ਤੱਕ ਅਸਾਨ ਪਹੁੰਚ ਹੋਣੀ ਚਾਹੀਦੀ ਹੈ, ਭਾਵੇਂ ਉਨ੍ਹਾਂ ਦਾ ਆਰਥਿਕ ਪਿਛੋਕੜ ਕੋਈ ਵੀ ਹੋਵੇ।”
ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਸਾਰਿਆਂ ਲਈ ਸਿਹਤ ਸੰਭਾਲ ਕਵਰੇਜ ਯਕੀਨੀ ਬਣਾਉਣ ਵੱਲ ਇੱਕ ਵੱਡਾ ਕਦਮ ਚੁੱਕਿਆ ਹੈ। ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਪਰਿਵਾਰ ਵਿੱਤੀ ਬੋਝ ਦੀ ਚਿੰਤਾ ਕੀਤੇ ਬਿਨਾਂ ਮਿਆਰੀ ਡਾਕਟਰੀ ਇਲਾਜ ਪ੍ਰਾਪਤ ਕਰ ਸਕੇ। ਇਸ ਯੋਜਨਾ ਨੇ ਆਮ ਲੋਕਾਂ ਨੂੰ ਕਾਫ਼ੀ ਰਾਹਤ ਦਿੱਤੀ ਹੈ।”
‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਅਤੇ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ। ਇਹ ਵਿੱਤੀ ਸਹਾਇਤਾ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਰਹੀ ਹੈ ਅਤੇ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ ‘ਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਮਿਲ ਰਹੇ ਹਨ।”
ਉਨ੍ਹਾਂ ਅੱਗੇ ਕਿਹਾ, “ਜਿਹੜੀਆਂ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਹਨ, ਉਹ ਵੀ ਇਸ ਸਹਾਇਤਾ ਲਈ ਯੋਗ ਹਨ। ਸਾਡੀ ਸਰਕਾਰ ਔਰਤਾਂ ਦੀ ਆਰਥਿਕ ਆਜ਼ਾਦੀ ਅਤੇ ਉਨ੍ਹਾਂ ਦੇ ਮਾਣ-ਸਤਿਕਾਰ ਨੂੰ ਮਜ਼ਬੂਤ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਬਿਨਾਂ ਕਿਸੇ ਬੇਲੋੜੀ ਸ਼ਰਤ ਜਾਂ ਵਿਤਕਰੇ ਤੋਂ ਇਹ ਲਾਭ ਸਿੱਧੇ ਉਨ੍ਹਾਂ ਤੱਕ ਪਹੁੰਚੇ।”
ਸਿੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੋਈ ਵੀ ਮੁਫ਼ਤ ਸਹੂਲਤ ਜਾਂ ਛੋਟ ਗਰੀਬੀ ਜਾਂ ਸਮਾਜਿਕ ਅਸਮਾਨਤਾਵਾਂ ਨੂੰ ਸਥਾਈ ਤੌਰ ‘ਤੇ ਖ਼ਤਮ ਨਹੀਂ ਕਰ ਸਕਦੀ। ਸਿੱਖਿਆ ਹੀ ਇਸ ਬਦਲਾਅ ਦਾ ਅਸਲ ਜ਼ਰੀਆ ਹੈ ਕਿਉਂਕਿ ਇਹ ਲੋਕਾਂ ਨੂੰ ਆਪਣਾ ਜੀਵਨ ਪੱਧਰ ਸੁਧਾਰਨ ਅਤੇ ਗਰੀਬੀ ਦੇ ਚੱਕਰ ਨੂੰ ਤੋੜਨ ਦੇ ਯੋਗ ਬਣਾਉਂਦੀ ਹੈ। ਇਹੀ ਕਾਰਨ ਹੈ ਕਿ ਸਾਡੀ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।”
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਬਿਹਤਰ ਪ੍ਰਦਰਸ਼ਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਲ 2021 ਵਿੱਚ, ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ। ਸਾਲ 2026 ਵਿੱਚ, ਇਹ ਗਿਣਤੀ ਗਿਆਰਾਂ ਗੁਣਾ ਤੋਂ ਵੱਧ ਵਧ ਕੇ 882 ਹੋ ਗਈ ਹੈ। ਇਹ ਨਤੀਜੇ ਸਿੱਖਿਆ ਵਿੱਚ ਨਿਵੇਸ਼ ਕਰਨ ਵਾਲੀ ਸਾਡੀ ਸਰਕਾਰ ਅਤੇ ਉਨ੍ਹਾਂ ਪਿਛਲੀਆਂ ਸਰਕਾਰਾਂ ਦਰਮਿਆਨ ਅੰਤਰ ਨੂੰ ਸਪੱਸ਼ਟ ਕਰਦੇ ਹਨ ਜਿਨ੍ਹਾਂ ਨੇ ਕਦੇ ਵੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਦੇ ਭਵਿੱਖ ਬਾਰੇ ਨਹੀਂ ਸੋਚਿਆ।”
ਸਿੰਚਾਈ ਢਾਂਚੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰੀ 1,587 ਅਜਿਹੇ ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ, ਜਿੱਥੇ ਪਹਿਲਾਂ ਕਦੇ ਨਹਿਰੀ ਸਿੰਚਾਈ ਨਹੀਂ ਹੋਈ ਸੀ। ਸਾਡੀ ਸਰਕਾਰ ਨੇ ਨਹਿਰੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ 7,200 ਕਰੋੜ ਰੁਪਏ ਖਰਚ ਕੀਤੇ ਹਨ ਤਾਂ ਜੋ ਹਰੇਕ ਕਿਸਾਨ ਦੇ ਖੇਤ ਤੱਕ ਪਾਣੀ ਪਹੁੰਚਾਇਆ ਜਾ ਸਕੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਜਦੋਂ ਸਾਡੀ ਸਰਕਾਰ ਨੇ ਅਹੁਦਾ ਸੰਭਾਲਿਆ ਸੀ, ਉਦੋਂ ਸਿਰਫ਼ 26 ਫ਼ੀਸਦ ਰਕਬਾ ਨਹਿਰੀ ਸਿੰਚਾਈ ਅਧੀਨ ਆਉਂਦਾ ਸੀ। ਅੱਜ ਇਹ ਰਕਬਾ ਵਧ ਕੇ 80 ਫ਼ੀਸਦ ਤੋਂ ਵੱਧ ਹੋ ਗਿਆ ਹੈ। ਸਾਲ 2022 ਵਿੱਚ ਨਹਿਰੀ ਪਾਣੀ ਸਿਰਫ਼ 20.89 ਲੱਖ ਏਕੜ ਤੱਕ ਹੀ ਪਹੁੰਚਦਾ ਸੀ, ਜਦੋਂ ਕਿ ਹੁਣ ਇਹ ਦਾਇਰਾ ਵਧ ਕੇ 60.30 ਲੱਖ ਏਕੜ ਹੋ ਗਿਆ ਹੈ। ਇਹ ਬਦਲਾਅ ਪੰਜਾਬ ਦੀ ਖੇਤੀਬਾੜੀ ਆਰਥਿਕਤਾ ਦੀ ਮਜ਼ਬੂਤੀ ਅਤੇ ਕਿਸਾਨਾਂ ਲਈ ਸਿੰਚਾਈ ਦੀਆਂ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਦੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”
ਢਾਂਚਾਗਤ ਵਿਕਾਸ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਸਮੁੱਚੇ ਸੂਬੇ ਵਿੱਚ ਸੜਕੀ ਸੰਪਰਕ ਨੂੰ ਬਿਹਤਰ ਬਣਾਉਣ ਲਈ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਅਤੇ ਅਪਗ੍ਰੇਡੇਸ਼ਨ ਕਰ ਰਹੀ ਹੈ। ਸੂਬੇ ਦੇ ਵਿਕਾਸ ਲਈ ਪਿੰਡਾਂ ਦਾ ਵਿਕਸਿਤ ਹੋਣਾ ਬਹੁਤ ਜ਼ਰੂਰੀ ਹੈ, ਇਸ ਲਈ ਅਸੀਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਗ੍ਰਾਂਟਾਂ ਵੀ ਦੇ ਰਹੇ ਹਾਂ।”
ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਅਸੀਂ ਪੰਜਾਬ ਦੇ ਨੌਜਵਾਨਾਂ ਨੂੰ 1,000 ਖੇਡ ਮੈਦਾਨ ਸਮਰਪਿਤ ਕੀਤੇ ਹਨ ਅਤੇ ਸੂਬੇ ਭਰ ਵਿੱਚ 3,100 ਖੇਡ ਸਟੇਡੀਅਮ ਤਿਆਰ ਕਰ ਰਹੇ ਹਾਂ। ਸਾਡਾ ਮਕਸਦ ਨੌਜਵਾਨਾਂ ਨੂੰ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ, ਉਨ੍ਹਾਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨਾ ਅਤੇ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਣਾ ਹੈ।”
ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ ਨੌਜਵਾਨਾਂ ਵਿੱਚ ਅਥਾਹ ਹੁਨਰ ਅਤੇ ਸਮਰੱਥਾ ਹੈ। ਉਨ੍ਹਾਂ ਨੂੰ ਖੇਡਾਂ ਅਤੇ ਹੋਰ ਖੇਤਰਾਂ ਵਿੱਚ ਮੱਲਾਂ ਮਾਰਨ ਲਈ ਲੋੜੀਂਦਾ ਢਾਂਚਾ, ਮੌਕੇ ਅਤੇ ਉਤਸ਼ਾਹ ਪ੍ਰਦਾਨ ਕਰਨਾ ਸਾਡੀ ਮੁੱਖ ਜ਼ਿੰਮੇਵਾਰੀ ਹੈ। ਪਿੰਡਾਂ ਵਿੱਚ ਖੇਡ ਢਾਂਚੇ ਨੂੰ ਮਜ਼ਬੂਤ ਕਰਕੇ ਅਸੀਂ ਅਗਲੀ ਪੀੜ੍ਹੀ ਲਈ ਇੱਕ ਸਿਹਤਮੰਦ ਅਤੇ ਸੁਨਹਿਰੀ ਭਵਿੱਖ ਸਿਰਜ ਰਹੇ ਹਾਂ।”
ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਵੱਲੋਂ ਲਏ ਫ਼ੈਸਲੇ ਹਮੇਸ਼ਾ ਸੂਬੇ ਦੇ ਲੋਕਾਂ ਦੇ ਹਿੱਤਾਂ ਵਿੱਚ ਹੀ ਹੋਣਗੇ। ਅਸੀਂ ਇੱਕ ਖੁਸ਼ਹਾਲ, ਬਰਾਬਰੀ ਵਾਲਾ ਅਤੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਬਣਾਉਣ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਾ ਜਾਰੀ ਰੱਖਾਂਗੇ। ਲੋਕਾਂ ਦੇ ਲਗਾਤਾਰ ਸਹਿਯੋਗ ਨਾਲ, ਅਸੀਂ ਪੰਜਾਬ ਦਾ ਵਿਕਾਸ ਹੋਰ ਤੇਜ਼ ਰਫ਼ਤਾਰ ਨਾਲ ਕਰਨਾ ਯਕੀਨੀ ਬਣਾਵਾਂਗੇ।”
ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹਰਦੀਪ ਸਿੰਘ ਮੁੰਡੀਆਂ ਸਮੇਤ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।