ਚੰਡੀਗੜ੍ਹ, 25 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਦੇ ਇੱਕ ਹੋਰ ਯਤਨ ਤਹਿਤ ਪੰਜਾਬ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਅਤੇ ਗੁਰਦਾਸਪੁਰ ਪੁਲਿਸ ਨੇ ਪ੍ਰੈਵੈਨਸ਼ਨ ਆਫ਼ ਇਲਿਸਿਟ ਟ੍ਰੈਫਿਕ ਇਨ ਨਾਰਕੋਟਿਕਸ ਡਰੱਗਜ਼ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀ.ਆਈ.ਟੀ.-ਐਨ.ਡੀ.ਪੀ.ਐਸ.) ਐਕਟ ਤਹਿਤ ਵਿਸ਼ੇਸ਼ ਉਪਬੰਧਾਂ ਦੀ ਵਰਤੋਂ ਕਰਦਿਆਂ ਸਰਹੱਦੀ ਪਿੰਡ ਸ਼ਹੂਰ ਕਲਾਂ ਦੇ ਅਵਤਾਰ ਸਿੰਘ ਉਰਫ਼ ਤਾਰੀ ਨਾਮੀ ਚੋਟੀ ਦੇ ਨਸ਼ਾ ਤਸਕਰ ਨੂੰ ਦੋ ਸਾਲਾਂ ਲਈ ਪ੍ਰੀਵੈਂਟਿਵ ਡਿਟੈਂਸ਼ਨ (ਨਿਵਾਰਕ ਹਿਰਾਸਤ) ਵਿੱਚ ਰੱਖਣ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਜ਼ਿਕਰਯੋਗ ਹੈ ਕਿ ਇਹ ਪ੍ਰੀਵੈਂਟਿਵ ਡਿਟੈਂਸ਼ਨ (ਨਿਵਾਰਕ ਹਿਰਾਸਤ) ਦਾ ਪਹਿਲਾ ਮਾਮਲਾ ਹੈ ਜਿਸ ਵਿੱਚ ਪੀ.ਆਈ.ਟੀ.-ਐਨਡੀਪੀਐਸ ਐਕਟ ਦੀ ਧਾਰਾ 3 (1) ਅਤੇ ਧਾਰਾ 10 ਦੇ ਤਹਿਤ ਸਮਰੱਥ ਅਥਾਰਟੀ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਪੀਆਈਟੀ-ਐਨਡੀਪੀਐਸ ਐਕਟ ਦੀ ਧਾਰਾ 3, ਸਰਕਾਰ ਨੂੰ ਅਜਿਹੇ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਨਿਵਾਰਕ ਹਿਰਾਸਤ ਵਿੱਚ ਲੈਣ ਦਾ ਅਧਿਕਾਰ ਦਿੰਦੀ ਹੈ।
ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) ‘ਤੇ ਇੱਕ ਪੋਸਟ ਵਿੱਚ ਜਾਣਕਾਰੀ ਦਿੱਤੀ ਕਿ ਪੰਜਾਬ ਪੁਲਿਸ ਵੱਲੋਂ ਪਹਿਲੀ ਦਫ਼ਾ ਕੀਤੀ ਗਈ ਇਹ ਕਾਰਵਾਈ ਪੀਆਈਟੀ-ਐਨਡੀਪੀਐਸ ਐਕਟ, ਜੋ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮਾਮਲਿਆਂ ਵਿੱਚ ਨਿਵਾਰਕ ਹਿਰਾਸਤ ਦੀ ਆਗਿਆ ਦਿੰਦਾ ਹੈ, ਦੇ ਸਖ਼ਤ ਉਪਬੰਧਾਂ ਦੀ ਸਫ਼ਲ ਵਰਤੋਂ ਨੂੰ ਦਰਸਾਉਂਦੀ ਹੈ।
ਡੀਜੀਪੀ ਨੇ ਕਿਹਾ ਕਿ ਮੁਲਜ਼ਮ ਤਾਰੀ ਨੂੰ ਪੀਆਈਟੀ-ਐਨਡੀਪੀਐਸ ਐਕਟ ਤਹਿਤ ਦੋ ਸਾਲਾਂ ਲਈ ਹਿਰਾਸਤ ਵਿੱਚ ਲੈ ਕੇ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਭੇਜ ਦਿੱਤਾ ਗਿਆ ਹੈ, ਜੋ ਕਿ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚੱਲ ਰਹੇ ਯਤਨਾਂ ਵੱਲ ਇੱਕ ਮਜ਼ਬੂਤ ਕਦਮ ਨੂੰ ਦਰਸਾਉਂਦਾ ਹੈ।
ਜਾਣਕਾਰੀ ਅਨੁਸਾਰ ਮੁਲਜ਼ਮ ਤਾਰੀ ਆਪਣੇ ਸਰਹੱਦੀ ਪਿੰਡ ਵਿੱਚ ਰਹਿੰਦਿਆਂ ਅੰਤਰਰਾਸ਼ਟਰੀ ਸਰਹੱਦ ਤੋਂ ਸੂਬੇ ਅਤੇ ਦੇਸ਼ ਵਿੱਚ ਹੈਰੋਇਨ ਦੀ ਤਸਕਰੀ ਕਰਦਾ ਆ ਰਿਹਾ ਹੈ, ਜਿਸ ਕਰਕੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਕਾਰਨ ਸੂਬੇ ਦਾ ਵੱਡਾ ਨੁਕਸਾਨ ਹੋਣ ਦੇ ਨਾਲ-ਨਾਲ ਸੂਬੇ ਦੇ ਕਈ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਗਏ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਤਾਰੀ 231 ਕਿਲੋ ਹੈਰੋਇਨ ਤਸਕਰੀ ਮਾਮਲੇ ਵਿੱਚ ਸ਼ਾਮਲ ਸੀ ਅਤੇ ਪਾਕਿ ਅਧਾਰਤ ਤਸਕਰਾਂ ਨਾਲ ਮਿਲ ਕੇ ਨਸ਼ੇ ਦਾ ਕਾਰੋਬਾਰ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਦੋ ਕੇਸਾਂ ਵਿੱਚ ਦੋਸ਼ੀ ਠਹਿਰਾਉਣ ਉਪਰੰਤ ਸਜ਼ਾ ਸੁਣਾਈ ਗਈ ਹੈ।
ਦੱਸਣਯੋਗ ਹੈ ਕਿ ਪੰਜਾਬ ਪੁਲਿਸ ਆਉਣ ਵਾਲੇ ਦਿਨਾਂ ਵਿੱਚ ਨਸ਼ਾ ਤਸਕਰੀ ਵਿੱਚ ਸ਼ਾਮਲ ਹੋਰ ਤਸਕਰਾਂ ਦੀ ਪ੍ਰੀਵੈਂਟਿਵ ਡਿਟੈਂਸ਼ਨ ਦੇ ਕੇਸ ਵੀ ਸਮਰੱਥ ਅਥਾਰਟੀ ਕੋਲ ਭੇਜੇਗੀ, ਜਿਸ ਨਾਲ ਅਜਿਹੇ ਤਸਕਰਾਂ ਨੂੰ ਵੱਡਾ ਝਟਕਾ ਲੱਗੇਗਾ।