
ਰੂਪਨਗਰ, 14 ਅਗਸਤ: ਨਗਰ ਕੌਂਸਲ ਰੂਪਨਗਰ ਦੇ ਨਵ-ਨਿਯੁਕਤ ਪ੍ਰਧਾਨ ਸ. ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਅੱਜ ਨਗਰ ਕੌਂਸਲ ਦਫ਼ਤਰ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਸ. ਮਲਵਿੰਦਰ ਸਿੰਘ ਕੰਗ, ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਸਮੇਤ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ, ਨਗਰ ਕੌਂਸਲ ਦੇ ਮੈਂਬਰਾਂ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਵੱਲੋਂ ਨਵ-ਨਿਯੁਕਤ ਪ੍ਰਧਾਨ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਇਸ ਮੌਕੇ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਰੂਪਨਗਰ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਲਈ ਸੂਬਾ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਨੂੰ ਅਪੀਲ ਕੀਤੀ ਕਿ ਉਹ ਸਮੂਹ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨਾਲ ਤਾਲਮੇਲ ਕਰਕੇ ਵਿਕਾਸ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ।
ਹਲਕਾ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਨੇ ਨਵ-ਨਿਯੁਕਤ ਪ੍ਰਧਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਰੂਪਨਗਰ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਆਧੁਨਿਕ ਸ਼ਹਿਰ ਬਣਾਉਣ ਲਈ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੜਕਾਂ, ਸਫ਼ਾਈ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ, ਨਿਕਾਸੀ ਪ੍ਰਬੰਧਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਅਤੇ ਰੂਪਨਗਰ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਣਾ ਹੈ।
ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਸ. ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਇਸ ਮੌਕੇ ਸਮੂਹ ਆਗੂਆਂ, ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਸਮਰਪਣ ਅਤੇ ਪਾਰਦਰਸ਼ਤਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਸਮੂਹ ਮੈਂਬਰਾਂ ਨੂੰ ਨਾਲ ਲੈ ਕੇ ਸ਼ਹਿਰ ਦੇ ਵਿਕਾਸ, ਸੁੰਦਰੀਕਰਨ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾਣਗੇ।
ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੀ ਚੇਅਰਪਰਸਨ ਸਤਿੰਦਰ ਕੌਰ, ਬਲਾਕ ਸੰਮਤੀ ਰੂਪਨਗਰ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ, ਜ਼ਿਲ੍ਹਾ ਯੂਥ ਪ੍ਰਧਾਨ ਚੇਤਨ ਕਾਲੀਆ, ਚੇਅਰਮੈਨ ਭਾਗ ਸਿੰਘ ਮਦਾਨ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਪਰਮਿੰਦਰ ਸਿੰਘ ਬਾਲਾ, ਸੀਨੀਅਰ ਮੀਤ ਪ੍ਰਧਾਨ ਸੰਗੀਤਾ ਕਾਲੀਆ, ਮੀਤ ਪ੍ਰਧਾਨ ਸੁਰਜੀਤ ਕੌਰ, ਐਮਸੀ ਪ੍ਰਵੀਨ ਸਿੰਘ, ਐਮਸੀ ਅੰਮ੍ਰਿਤਪਾਲ ਸਿੰਘ ਸੋਨੂ, ਐਮਸੀ ਸੰਤੋਸ਼ ਕੁਮਾਰੀ, ਐਮਸੀ ਸੁਖਜਿੰਦਰ ਫੌਜੀ, ਕਿਰਨ ਸੋਨੀ ਐਮਸੀ, ਗੁਰਵਿੰਦਰ ਸਿੰਘ ਜੱਗੀ ਐਮਸੀ, ਅਵਤਾਰ ਸਿੰਘ ਐਮਸੀ,ਸੁਰਿੰਦਰ ਕੌਰ ਐਮਸੀ, ਜਗਮੋਣ ਕੌਰ ਐਮਸੀ, ਤਰਨਜੀਤ ਕੌਰ ਸਤਿਆਲ ਐਮਸੀ, ਬਨਵਾਰੀ ਲਾਲ ਮੱਟੂ, ਦੇਸਰਾਜ ਸੈਣੀ, ਚੌਧਰੀ ਹੁਸਨ ਲਾਲ, ਲਲਿਤ ਡਕਾਲਾ ਸਮੇਤ ਨਗਰ ਕੌਂਸਲ ਦੇ ਸਮੂਹ ਮੈਂਬਰ, ਪਾਰਟੀ ਆਗੂ ਤੇ ਵਰਕਰ ਅਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।