Friday, November 7Malwa News
Shadow

ਨਾਰਕੋ ਕੋਆਰਡੀਨੇਸ਼ਨ  ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ

ਮਾਲੇਰਕੋਟਲਾ 01 ਅਕਤੂਬਰ – ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਆਰਡ) ਕਮੇਟੀ ਦੀ ਮੀਟਿੰਗ ਕੀਤੀ ਗਈ। ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੱਖ-ਵੱਖ ਪੱਧਰ ‘ਤੇ ਨਸ਼ਿਆਂ ਵਿਰੁੱਧ ਹੋਰ ਅਸਰਦਾਰ ਢੰਗ ਨਾਲ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਮਿਲਵਰਤਨ ਅਤੇ ਸਾਂਝੇ ਕਦਮਾਂ ਨਾਲ ਇਸ ਵੱਡੀ ਸਮਾਜਿਕ ਬੁਰਾਈ ਦਾ ਮੁਕੰਮਲ ਤੌਰ ਉਤੇ ਖਾਤਮਾ ਸੰਭਵ ਹੈ ਅਤੇ ਮਨੁੱਖਤਾ ਦੀ ਸੇਵਾ ਲਈ ਇਸ ਮੁਹਿੰਮ ਨੂੰ ਜੋਸ਼ ਨਾਲ ਜਮੀਨੀ ਪੱਧਰ ਉਤੇ ਲਾਗੂ ਕੀਤਾ ਜਾਣਾ ਜਰੂਰੀ ਹੈ।
ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਿਆਂ ਦੀ ਵਿਕਰੀ ‘ਤੇ ਰੋਕ ਲਾਉਣ ਲਈ ਨਿਰੰਤਰ ਚੌਕਸੀ ਰੱਖੀ ਜਾਵੇ। ਉਹਨਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ। ਇਸ ਤੋਂ ਇਲਾਵਾ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਨੂੰ ਰੋਕਣ ਲਈ ਮੈਡੀਕਲ ਸਟੋਰਾਂ ਤੇ ਛਾਪੇ ਮਾਰੇ ਜਾਣ ਅਤੇ ਸਖ਼ਤ ਹਦਾਇਤ ਵੀ ਕੀਤੀ ਕਿ ਬਿਨ੍ਹਾਂ ਡਾਕਟਰ ਦੀ ਪਰਚੀ ਤੋਂ ਕਿਸੇ ਨੂੰ ਸਰਿੰਜ਼ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਗ੍ਰਿਫਤ ਵਿਚ ਆ ਚੁੱਕੇ ਵਿਅਕਤੀਆਂ ਨੂੰ ਜ਼ਿਲ੍ਹਾ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਅਤੇ ਹੋਰਨਾਂ ਸੈਂਟਰਾਂ ਵਿਚ ਭਰਤੀ ਕਰਵਾ ਕੇ ਉਨ੍ਹਾਂ ਦਾ ਇਲਾਜ਼ ਕਰਵਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
ਪੁਲਿਸ ਵਿਭਾਗ ਤੋਂ ਪਿਛਲੇ ਦਿਨੀਂ ਕੀਤੀ ਕਾਰਵਾਈ ਬਾਰੇ  ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਗਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਸਤੰਬਰ ਮਹੀਨੇ ਦੌਰਾਨ 121.5 ਕਿੱਲੋ ਭੁੱਕੀ, 320 ਗੋਲੀਆਂ/ਕੈਪਸੂਲ, 323 ਗ੍ਰਾਮ ਹੈਰੋਇਨ, 300 ਗ੍ਰਾਮ ਅਫੀਮ ਅਤੇ 4 ਵਹੀਕਲ ਰਿਕਵਰ ਕੀਤੇ ਗਏ ਹਨ । ਇਸ ਤੋਂ ਇਲਾਵਾ ਹੁਣ ਤੱਕ ਕਮਰਸ਼ੀਅਲ ਮੁਕੱਦਮਿਆਂ ਤਹਿਤ 13 ਮੁਕੱਦਮੇ ਦਰਜ ਕਰਕੇ 24 ਦੋਸ਼ੀ ਗ੍ਰਿਫਤਾਰ ਕੀਤੇ ਗਏ ਹਨ।
ਇਸ ਮੌਕੇ ਐਸ.ਡੀ.ਐਮ ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ ਅਮਰਗੜ੍ਹ ਸੁਰਿੰਦਰ ਕੌਰ, ਡੀ.ਐਸ.ਪੀ ਸਤੀਸ਼ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਿਸ਼ਮਾ ਭੌਰਾ, ਆਬਕਾਰੀ ਇੰਸਪੈਕਟਰ ਅਜੇ ਕੁਮਾਰ ਮਿੱਤਲ, ਖੇਤੀਬਾੜੀ ਵਿਕਾਸ ਅਫਸਰ ਲਜਿੰਦਰ ਸਿੰਘ, ਜੋਨਲ ਲਾਇਸੈਂਸਿੰਗ ਅਥਾਰਟੀ ਅਮਨਦੀਪ ਵਰਮਾ, ਡਰੱਗ ਇੰਸਪੈਕਟਰ ਨਵਪ੍ਰੀਤ ਸਿੰਘ, ਤਹਿਸੀਲ ਸਮਾਜਿਕ ਨਿਆ ਅਧਿਕਾਰਤਾ ਅਫ਼ਸਰ ਹਰਪ੍ਰੀਤ ਸਿੰਘ, ਪ੍ਰਿੰਸੀਪਲ ਕਮਲੇਸ਼, ਕੌਸਲਰ ਸੁਖਵਿੰਦਰ ਕੌਰ  ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।