Sunday, March 23Malwa News
Shadow

ਜੇਲਾਂ ‘ਚ ਮੋਬਾਈਲ ਫ਼ੋਨਾਂ ਦੀ ਗ਼ੈਰ-ਕਾਨੂੰਨੀ ਵਰਤੋਂ ਅਤੇ ਅਪਰਾਧੀ ਤੱਤਾਂ ਦੀਆਂ ਨਾਪਾਕ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣਗੇ

ਚੰਡੀਗੜ੍ਹ, 26 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਸੂਬੇ ਦੇ ਨਵੇਂ ਜੇਲ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਹਾਲ ਹੀ ਵਿੱਚ ਹੋਏ ਕੈਬਨਿਟ ਫ਼ੇਰਬਦਲ ਦੌਰਾਨ ਜੇਲ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੂੰ ਸੌਂਪੀ ਗਈ ਹੈ।

ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਸੂਬੇ ਦੀਆਂ ਜੇਲਾਂ ਨੂੰ ਅਸਲ ਮਾਅਨਿਆਂ ਵਿੱਚ ਸੁਧਾਰ ਘਰ ਬਣਾਉਣਾ ਹੋਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਸੁਧਾਰ ਕੇ ਚੰਗੇ ਨਾਗਰਿਕ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਜ਼ਾ ਯਾਫ਼ਤਾ ਕੈਦੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਉਨ੍ਹਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਵਾਸਤੇ ਸਿਖਲਾਈ ਦਿੱਤੀ ਜਾ ਰਹੀ ਹੈ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੀਆਂ ਜੇਲਾਂ ‘ਚ ਮੋਬਾਈਲ ਫ਼ੋਨਾਂ ਦੀ ਗ਼ੈਰ-ਕਾਨੂੰਨੀ ਵਰਤੋਂ ਅਤੇ ਅਪਰਾਧੀ ਤੱਤਾਂ ਦੀਆਂ ਨਾਪਾਕ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲਾਂ ਨੂੰ ਨਵੀਨਤਮ ਸੁਰੱਖਿਆ ਉਪਕਰਣਾਂ ਨਾਲ ਲੈਸ ਕਰਨਾ ਵੀ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।

ਜੇਲ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਕੈਦੀਆਂ ਦੇ ਸੁਧਾਰ ਅਤੇ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਉਨ੍ਹਾਂ ਨੂੰ ਉਸਾਰੂ ਨਾਗਰਿਕ ਵਜੋਂ ਸਮਾਜ ਵਿੱਚ ਮੁੜ ਜੋੜਨ ਵਿੱਚ ਮਦਦ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਅਲੋਕ ਸ਼ੇਖਰ, ਵਧੀਕ ਮੁੱਖ ਸਕੱਤਰ ਜੇਲਾਂ, ਸ੍ਰੀ ਅਰੁਣ ਪਾਲ ਸਿੰਘ, ਏ.ਡੀ.ਜੀ.ਪੀ. ਜੇਲਾਂ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Basmati Rice Advertisment