ਚੰਡੀਗੜ੍ਹ, 31 ਦਸੰਬਰ : ਪੰਜਾਬ ਸਰਕਾਰ ਵਲੋਂ ਨੌਜਵਾਨਾਂ ਦੇ ਰੋਜ਼ਗਾਰ ਦੇਣ ਲਈ ਕੀਤੀ ਗਈ ਪਹਿਲਕਦਮੀ ਤਹਿਤ ਹੁਣ ਤੱਕ ਢਾਈ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸਾਲ 2024 ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਆਮ ਅਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਜਦੋਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੁਣ ਤੱਕ ਢਾਈ ਲੱਖ ਤੋਂ ਵੀ ਜਿਆਦਾ ਨੌਜਵਾਨਾਂ ਨੂੰ ਨੌਕਰੀਆਂ ਮਿਲ ਚੁੱਕੀਆਂ ਹਨ। ਇਨ੍ਹਾਂ ਵਿਚੋਂ 50 ਹਜਾਰ ਨੌਜਵਾਨਾਂ ਨੂੰ ਤਾਂ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਅਤੇ ਬਾਕੀ ਨੌਜਵਾਨਾਂ ਨੂੰ ਵੱਡੀਆਂ ਪ੍ਰਾਈਵੇਟ ਕੰਪਨੀਆਂ ਵਿਚ ਨੌਕਰੀਆਂ ਦਿਵਾਈਆਂ ਜਾ ਚੁੱਕੀਆਂ ਹਨ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਾਲ 2024 ਦੌਰਾਨ ਪੰਜਾਬ ਸਰਕਾਰ ਵਲੋਂ ਹਰ ਖੇਤਰ ਵਿਚ ਹੀ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਪੂਰਾ ਕਰਨ ਲਈ ਸਰਕਾਰ ਵਲੋਂ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਇਸ ਲਈ ਪੰਜਾਬ ਦੇ ਲੋਕਾਂ ਨੇ ਵੀ ਆਮ ਆਦਮੀ ਪਾਰਟੀ ਨੂੰ ਪੂਰਾ ਸਹਿਯੋਗ ਦਿੱਤਾ ਹੈ। ਇਸ ਸਾਲ ਵਿਚ ਹੋਈਆਂ ਜ਼ਿਮਨੀ ਚੋਣ ਅਤੇ ਨਗਰ ਕੌਂਸਲ ਚੋਣਾ ਦੌਰਾਨ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਫਤਵਾ ਦਿੱਤਾ ਹੈ।