
ਲੁਧਿਆਣਾ, 31 ਜਨਵਰੀ : ਪੰਜਾਬ ਭਰ ਵਿਚ ਪ੍ਰਸਿੱਧ ਕਿਲਾ ਰਾਏਪੁਰ ਦੀਆਂ ਪੇਂਡੂ ਖੇਡਾਂ ਅੱਜ ਸ਼ੁਰੂ ਹੋ ਗਈਆਂ ਹਨ। ਇਨ੍ਹਾਂ ਖੇਡਾਂ ਦਾ ਉਦਘਾਟਨ ਕਰਦਿਆਂ ਪੰਜਾਬ ਦੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਨ੍ਹਾਂ ਪੇਂਡੂ ਖੇਡਾਂ ਲਈ ਪੰਜਾਬ ਸਰਕਾਰ ਵਲੋਂ 75 ਲੱਖ ਰੁਪਏ ਦਾ ਬੱਜਟ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਖੇਡਾਂ ਨਾਲ ਪੰਜਾਬ ਦੇ ਖਿਡਾਰੀਆਂ ਨੂੰ ਭਾਰੀ ਉਤਸ਼ਾਹ ਮਿਲੇਗਾ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵੱਡੀ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਕੀਤੇ ਜਾ ਰਹੇ ਯਤਨਾਂ ਸਦਕਾ ਇਸ ਵੇਲੇ ਪੰਜਾਬ ਵਿਚ ਖੇਡਾਂ ਲਈ ਢੁੱਕਵਾਂ ਮਹੌਲ ਸਿਰਜਨ ਵਿਚ ਕਾਮਯਾਬੀ ਮਿਲ ਚੁੱਕੀ ਹੈ। ਇਸ ਵੇਲੇ ਪੰਜਾਬ ਦੇ ਖਿਡਾਰੀ ਵਿਸ਼ਵ ਪੱਧਰ ‘ਤੇ ਵੱਡੀਆਂ ਮੱਲਾਂ ਮਾਰ ਰਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਨਾਲ ਵੀ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਭਾਰੀ ਉਤਸ਼ਾਹ ਪੈਦਾ ਹੋਇਆ ਹੈ। ਇਨ੍ਹਾਂ ਖੇਡਾਂ ਕਾਰਨ ਹੀ ਵੱਖ ਵੱਖ ਖੇਡਾਂ ਵਿਚ ਖਿਡਾਰੀਆਂ ਦੀ ਗਿਣਤੀ ਇਕਦਮ ਵਧ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵਲੋਂ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਖੇਡਾ ਮੈਦਾਨਾਂ ਦਾ ਵੀ ਸੁਧਾਰ ਕੀਤਾ ਜਾ ਰਿਹਾ ਹੈ।
ਕਿਲਾ ਰਾਏਪੁਰ ਦੇ ਪੇਂਡੂ ਖੇਡ ਮੇਲੇ ਵਿਚ ਵੱਖ ਵੱਖ ਪੇਂਡੂ ਖੇਡਾਂ ਦੇ ਮੁਕਾਬਲੇ ਕਰਵਾਏ ਜਾਂਦੇ ਹਨ ਅਤੇ ਸਭਿਆਚਰਕ ਝਲਕੀਆਂ ਵੀ ਪੇਸ਼ ਕੀਤੀਆਂ ਜਾਂਦੀਆਂ ਹਨ।