
ਖਨੌਰੀ, 13 ਜਨਵਰੀ : ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ ਸੰਘਰਸ਼ ਕਰ ਰਹੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੀ ਅੱਜ ਖਨੌਰੀ ਵਿਖੇ ਸਾਂਝੀ ਮੀਟਿੰਗ ਹੋਈ ਜਿਸ ਵਿਚ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ), ਕਿਸਾਨ ਮਜਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਂਬਰ ਹਾਜਰ ਹੋਏ। ਇਸ ਮੀਟਿੰਗ ਵਿਚ ਕਿਸਾਨ ਜਥੇਬੰਦੀਆਂ ਦੀ ਏਕਤਾ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਵਲੋਂ ਰੱਖੇ ਗਏ ਮਰਨ ਵਰਤ ਦੇ ਮਾਮਲੇ ‘ਤੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ ਅਤੇ ਸ੍ਰ ਡੱਲੇਵਾਲਾ ਦੀ ਦਿਨ ਬ ਦਿਨ ਗੰਭੀਰ ਹੁੰਦੀ ਜਾ ਰਹੀ ਹਾਲਤ ‘ਤੇ ਚਿੰਤਾ ਵੀ ਪ੍ਰਗਟ ਕੀਤੀ ਗਈ। ਅੱਜ ਦੀ ਮੀਟਿੰਗ ਵਿਚ ਕਿਸਾਨ ਏਕਤਾ ਹੋਣ ਦੀ ਸੰਭਾਵਨਾ ਸੀ, ਪਰ ਕਿਸਾਨ ਆਗੂਆਂ ਵਿਚ ਕੁੱਝ ਵਿਚਾਰਕ ਮੱਤਭੇਦਾਂ ਕਾਰਨ ਅੱਜ ਕੋਈ ਸਿੱਟਾ ਨਹੀਂ ਨਿਕਲ ਸਕਿਆ। ਇਸ ਲਈ ਹੁਣ ਇਸ ਸਬੰਧੀ 18 ਜਨਵਰੀ ਨੂੰ ਮੁੜ ਖਨੌਰੀ ਮੋਰਚੇ ਵਾਲੀ ਥਾਂ ‘ਤੇ ਮੀਟਿੰਗ ਕਰਨ ਦਾ ਫੈਸਲਾ ਕੀਤਾ ਹੈ। ਆਸ ਹੈ ਕਿ 18 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਦੀ ਏਕਤਾ ਦਾ ਐਲਾਨ ਕੀਤਾ ਜਾ ਸਕੇਗਾ।