ਚੰਡੀਗੜ੍ਹ, 29 ਨਵੰਬਰ : ਪੰਜਾਬ ਸਰਕਾਰ ਵਲੋਂ ਮਹਿਲਾਵਾਂ ਦੇ ਸਰਵਪੱਖੀ ਵਿਕਾਸ ਲਈ ਅਤੇ ਉਨ੍ਹਾਂ ਨੂੰ ਸਿਹਤ, ਸਿੱਖਆ ਤੇ ਰੋਜਗਾਰ ਦੇ ਮੌਕੇ ਮੁਹਈਆ ਕਰਵਾਉਣ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੀ ਸ਼ੁਰੂਆਤ 2 ਦਸੰਬਰ ਨੂੰ ਮਲੋਟ ਤੋਂ ਕੀਤੀ ਜਾਵੇਗੀ।
ਅੱਜ ਚੰਡੀਗੜ੍ਹ ਵਿਖੇ ਪੰਜਾਬ ਭਵਨ ਵਿਚ ਕੀਤੀ ਗਈ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੜਕੀਆਂ ਅਤੇ ਮਹਿਲਾਵਾਂ ਲਈ ਸ਼ਸ਼ਤੀਕਰਨ ਅਤੇ ਸੁਰੱਖਿਆ ਵਾਲਾ ਮਹੌਲ ਸਿਰਜਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਕਾਨੂੰਨਾਂ ਬਾਰੇ ਜਾਣਕਾਰੀ ਹੋਣਾ ਬਹੁਤ ਲਾਜ਼ਮੀ ਹੈ। ਇਸ ਲਈ ਵੱਖ ਵੱਖ ਢੰਗਾਂ ਨਾਲ ਮਹਿਲਾਵਾਂ ਨੂੰ ਜਾਗਰਿਤ ਕੀਤਾ ਜਾ ਰਿਹਾ ਹੈ।
ਵੱਖ ਵੱਖ ਸ਼ਹਿਰਾਂ ਵਿਚ ਲਾਏ ਜਾ ਰਹੇ ਕੈਂਪਾਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਮਹਿਲਾਵਾਂ ਦੀ ਡਾਕਟਰਾਂ ਵਲੋਂ ਮੁਫਤ ਜਾਂਚ ਵੀ ਕੀਤੀ ਜਾਵੇਗੀ ਅਤੇ ਸਰੀਰ ਦੇ ਸਾਰੇ ਟੈਸਟ ਮੁਫਤ ਕੀਤੇ ਜਾਣਗੇ। ਇਨ੍ਹਾਂ ਕੈਂਪਾਂ ਵਿਚ ਲੋੜ ਮੁਤਾਬਿਕ ਦਵਾਈਆਂ ਵੀ ਮੁਫਤ ਦਿੱਤੀਆਂ ਜਾਣਗੀਆਂ। ਇਸੇ ਤਰਾਂ ਇਨ੍ਹਾਂ ਕੈਂਪਾਂ ਵਿਚ ਰੋਜਗਾਰ ਤੇ ਉਤਪਤੀ ਵਿਭਾਗ ਵਲੋਂ ਵੀ ਜਾਣਕਾਰੀ ਮੁਹਈਆ ਕਰਵਾਈ ਜਾਵੇਗੀ। ਉਨ੍ਹਾਂ ਨੇ ਸਾਰੀਆਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੈਂਪਾਂ ਵਿਚ ਸ਼ਾਮਲ ਹੋਇਆ ਜਾਵੇ।