Sunday, November 9Malwa News
Shadow

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਹੁਸ਼ਿਆਰਪੁਰ, 4 ਸਤੰਬਰ:- ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਸ਼ਾਮ ਚੌਰਾਸੀ ਵਿੱਚ ਭਾਰੀ ਬਾਰਸ਼ ਕਾਰਨ ਪ੍ਰਭਾਵਿਤ ਪਿੰਡਾਂ ਖਲਵਾਣਾ, ਬਾਦੋਵਾਲ ਅਤੇ ਦਿਓਵਾਲ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸਮੇਂ ਜਨਤਾ ਦੇ ਨਾਲ ਖੜ੍ਹੀ ਹੈ ਅਤੇ ਕਿਸੇ ਵੀ ਪਿੰਡ ਨੂੰ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਮੀਂਹ ਨਾਲ ਸਬੰਧਤ ਪਾਣੀ ਦੀ ਨਿਕਾਸੀ, ਟੁੱਟੀਆਂ ਸੜਕਾਂ ਦੀ ਮੁਰੰਮਤ ਅਤੇ ਸਫਾਈ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਡਾ. ਰਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਲੋੜੀਂਦੀਆਂ ਸਹੂਲਤਾਂ ਸਮੇਂ ਸਿਰ ਉਪਲਬਧ ਕਰਵਾਈਆਂ ਜਾਣਗੀਆਂ।

ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸਮੱਸਿਆ ਨੂੰ ਤੁਰੰਤ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਇਸ ਦਾ ਜਲਦੀ ਹੱਲ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸੁਰੱਖਿਅਤ ਵਾਤਾਵਰਣ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ।

ਡਾ. ਰਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ ਪਿੰਡਾਂ ਦੇ ਜਿਨ੍ਹਾਂ ਪਰਿਵਾਰਾਂ ਨੂੰ ਵਿਸ਼ੇਸ਼ ਮਦਦ ਦੀ ਲੋੜ ਹੈ, ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਕੁਦਰਤੀ ਆਫ਼ਤ ਵਰਗੀਆਂ ਸਥਿਤੀਆਂ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਮਿਲ ਕੇ ਕੰਮ ਕਰ ਰਹੇ ਹਨ ਅਤੇ ਹਰ ਸੰਭਵ ਮਦਦ ਜਾਰੀ ਰਹੇਗੀ।