
ਲੁਧਿਆਣਾ: ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਸੰਗਠਿਤ ਅਪਰਾਧ ਦੇ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਕੁਖਿਆਤ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੇ ਇੱਕ ਖ਼ਤਰਨਾਕ ਅਪਰਾਧਕ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਤਿੰਨ ਹਫ਼ਤਿਆਂ ਤੱਕ ਚੱਲੇ ਵਿਸ਼ੇਸ਼ ਆਪ੍ਰੇਸ਼ਨ ਦੌਰਾਨ 10 ਅਪਰਾਧੀ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਵੱਡੀ ਮਾਤਰਾ ਵਿੱਚ ਵਿਦੇਸ਼ੀ ਹਥਿਆਰ ਵੀ ਬਰਾਮਦ ਕੀਤੇ ਗਏ ਹਨ।
ਪੁਲਿਸ ਸੂਤਰਾਂ ਮੁਤਾਬਕ, ਇਸ ਕਾਰਵਾਈ ਦੌਰਾਨ 2 ਆਸਟ੍ਰੀਅਨ ਗਲੌਕ ਪਿਸਤੌਲ ਸਮੇਤ 12 ਅਧੁਨਿਕ ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਹਥਿਆਰ ਅੰਤਰਰਾਸ਼ਟਰੀ ਗੈਰ-ਕਾਨੂੰਨੀ ਨੈੱਟਵਰਕ ਰਾਹੀਂ ਪੰਜਾਬ ਵਿੱਚ ਤਸਕਰੀ ਕਰਕੇ ਲਿਆਂਦੇ ਗਏ ਸਨ।
ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਕਾਰਕੁਨ ਪੂਰੇ ਸੂਬੇ ਵਿੱਚ ਅਰਾਜਕਤਾ ਫੈਲਾਉਣ, ਵਿਰੋਧੀਆਂ ਨੂੰ ਧਮਕਾਉਣ ਅਤੇ ਯੋਜਨਾਬੱਧ ਤਰੀਕੇ ਨਾਲ ਕਤਲਾਂ ਨੂੰ ਅੰਜਾਮ ਦੇਣ ਦੀਆਂ ਸਾਜ਼ਿਸ਼ਾਂ ਰਚ ਰਹੇ ਸਨ। ਇਹ ਗੈਂਗ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸਪਲਾਈ ਦੇ ਕਾਰੋਬਾਰ ਵਿੱਚ ਵੀ ਸਰਗਰਮ ਸੀ।
ਪੁਲਿਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.) ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਇਨ੍ਹਾਂ ਸਾਰਿਆਂ ਦੇ ਖਿਲਾਫ਼ ਐਫ.ਆਈ.ਆਰ ਦਰਜ ਕੀਤੀਆਂ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਡਿਊਲ ਨਾਲ ਜੁੜੇ ਬਾਕੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਹੋਰ ਜਾਂਚ ਤੇਜ਼ੀ ਨਾਲ ਜਾਰੀ ਹੈ ਅਤੇ ਜਲਦ ਹੀ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕਾਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਦਾ ਸੰਕਲਪ ਦੁਹਰਾਇਆ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ ਅਤੇ ਕਿਸੇ ਵੀ ਅਪਰਾਧਕ ਤੱਤ ਨੂੰ ਬਖ਼ਸ਼ਿਆ ਨਹੀਂ ਜਾਵੇਗਾ।