
ਚੰਡੀਗੜ੍ਹ/ਮੋਗਾ, 8 ਨਵੰਬਰ:- ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਪੁਲਿਸ ਨੇ ਮੋਗਾ ਸਿਵਲ ਹਸਪਤਾਲ ਤੋਂ ਦੀਵਾਲੀ ਵਾਲੀ ਰਾਤ ਨਸ਼ਾ ਛੁਡਾਊ ਦਵਾਈਆਂ ਦੀ ਚੋਰੀ ਦੇ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਕਰਦਿਆਂ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮਾਮਲੇ ਨੂੰ ਤੇਜ਼ੀ ਨਾਲ ਸੁਲਝਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੀ ਸ਼ਲਾਘਾ ਕੀਤੀ।
ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਚੋਰੀ ਨੂੰ ਇੱਕ ਗੰਭੀਰ ਅਪਰਾਧ ਕਰਾਰ ਦਿੰਦਿਆਂ ਭਰੋਸਾ ਦਿੱਤਾ ਕਿ ਦੋਸ਼ੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਵਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਿੱਚ ਸ਼ਾਮਲ ਦੋਸ਼ੀ ਨੂੰ ਘਟਨਾ ਦੇ ਕੁਝ ਦਿਨਾਂ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਲਈ ਮੈਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕਰਦਾ ਹਾਂ।
ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ।
ਡਾ. ਬਲਬੀਰ ਸਿੰਘ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬਾ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਇਸ ਲਾਹਨਤ ਦੇ ਖ਼ਾਤਮੇ ਲਈ ਮੀਲ ਪੱਥਰ ਸਾਬਤ ਹੋ ਰਹੀ ਹੈ, ਜਿਸ ਦੇ ਪ੍ਰਭਾਵਸ਼ਾਲੀ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਲਗਭਗ 20,000 ਵਿਅਕਤੀਆਂ ਨੇ ਨਸ਼ੇ ਦਾ ਸੇਵਨ ਛੱਡ ਦਿੱਤਾ ਹੈ।
ਕੇਸ ਦੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਦੀਵਾਲੀ ਵਾਲੀ ਰਾਤ ਨੂੰ ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਾਊ ਦਵਾਈਆਂ ਦੀ ਚੋਰੀ ਹੋਈ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਕੋਲੋਂ ਕੁੱਲ 10,150 ਗੋਲੀਆਂ ਬਰਾਮਦ ਕਰ ਲਈਆਂ ਗਈਆਂ ਹਨ, ਜਦੋਂ ਕਿ ਦੋਸ਼ੀ ਨੇ 850 ਗੋਲੀਆਂ ਵੇਚ ਦਿੱਤੀਆਂ ਹਨ।
ਇਸ ਮੌਕੇ ਕੈਬਨਿਟ ਮੰਤਰੀ ਦੇ ਨਾਲ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਐਸਐਸਪੀ ਅਜੇ ਗਾਂਧੀ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।
ਡਾ. ਬਲਬੀਰ ਸਿੰਘ ਨੇ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਦੇ ਵਿਆਪਕ ਯਤਨਾਂ ‘ਤੇ ਚਾਨਣਾ ਪਾਇਆ ਜਿਸ ਵਿੱਚ 1400 ਡਾਕਟਰਾਂ ਦੀ ਭਰਤੀ, 1000 ਹੋਰ ਨਰਸਾਂ ਭਰਤੀ ਕਰਨ ਦੀ ਚੱਲ ਰਹੀ ਪ੍ਰਕਿਰਿਆ ਅਤੇ ਹਸਪਤਾਲਾਂ ਵਿੱਚ 350 ਕਿਸਮਾਂ ਦੀਆਂ ਦਵਾਈਆਂ ਦੀ ਮੁਫ਼ਤ ਉਪਲਬਧਤਾ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਕੋਟ ਈਸੇ ਖਾਂ ਵਿਖੇ ਨਸ਼ਾ ਛੁਡਾਊ ਕੇਂਦਰ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਗਿਆ ਹੈ, ਜਿਸ ਜਰੀਏ ਹੁਣ ਤੱਕ ਹਜ਼ਾਰ ਦੇ ਕਰੀਬ ਵਿਅਕਤੀ ਨਸ਼ਾ ਛੱਡ ਚੁੱਕੇ ਹਨ।