ਚੰਡੀਗੜ੍ਹ, 8 ਨਵੰਬਰ : ਪੰਜਾਬ ਰਾਜ ਚੋਣ ਕਮਿਸ਼ਨ ਨੇ ਅੱਜ ਪੰਜਾਬ ਵਿਚ ਨਗਰ ਨਿਗਮਾਂ ਅਤੇ ਨਗਰ ਕੌਂਸਲ ਦੀਆਂ ਚੋਣਾ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣਾ 21 ਦਸੰਬਰ ਨੂੰ ਕਰਵਾਈਆਂ ਜਾਣਗੀਆਂ ਅਤੇ ਵੋਟਾਂ ਪੈਣ ਤੋਂ ਬਾਅਦ ਸ਼ਾਮ ਨੂੰ ਹੀ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਇਸਦੇ ਨਾਲ ਹੀ ਅੱਜ ਤੋਂ ਹੀ ਪੰਜਾਬ ਵਿਚ ਚੋਣ ਜਾਬਤਾ ਲੱਗ ਗਿਆ ਹੈ।
ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀ ਚੋਣ ਲਈ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ ਚਾਰ ਵਜੇ ਤੱਕ ਵੋਟਾਂ ਪੈਣਗੀਆਂ। ਪੰਜਾਬ ਵਿਚ ਪੰਜ ਨਗਰ ਨਿਗਮ ਹਨ, ਜਿਨ੍ਹਾਂ ਵਿਚ ਲੁਧਿਆਣਾ, ਪਟਿਆਲ, ਅੰਮ੍ਰਿਤਸਰ, ਜਲੰਧਰ ਅਤੇ ਫਗਵਾੜਾ ਸ਼ਾਮਲ ਹਨ। ਇਸ ਤੋਂ ਇਲਾਵਾ ਬਾਕੀ ਸਾਰੇ ਸ਼ਹਿਰਾਂ ਵਿਚ ਨਗਰ ਕੌਂਸਲਾਂ ਹਨ। ਇਨ੍ਹਾਂ ਚੋਣਾ ਲਈ ਸੋਮਵਾਰ ਤੋਂ ਹੀ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸਿਲਸਾ ਸ਼ੁਰੂ ਹੋ ਜਾਵੇਗਾ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਰੀਕ ਵੀ 12 ਦਸੰਬਰ ਮਿਥੀ ਗਈ ਹੈ। ਨਾਮਜ਼ਦਗੀਆਂ ਦੀ ਪੜਤਾਲ 13 ਦਸੰਬਰ ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਤਰੀਕ 14 ਦਸੰਬਰ ਮਿਥੀ ਗਈ ਹੈ। ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਲੋਂ ਦਸੰਬਰ ਦੇ ਆਖਰੀ ਹਫਤੇ ਚੋਣਾ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ, ਪਰ ਵੋਟਾਂ ਦੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ ਗਿਆ ਸੀ। ਅੱਜ ਵੋਟਾਂ ਦੀਆਂ ਤਰੀਕਾਂ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ ਅਤੇ ਅੱਜ ਚੋਣ ਜਾਬਤਾ ਵੀ ਲਾਗੂ ਕਰ ਦਿੱਤਾ ਗਿਆ ਹੈ।