
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿਚ ਆਪ ਆਗੂ ਅੱਜ 40 ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਮੌਕੇ ਨਤਮਸਤਕ ਹੋਏ। ਇਸ ਮੌਕੇ ਆਪ ਆਗੂਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੇ ਭਲੇ ਲਈ ਅਰਦਾਸ ਕੀਤੀ।
ਸ੍ਰੀ ਅਰੋੜਾ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਲੋਕ ਸਭਾ ਮੈਂਬਰ ਮੀਤ ਹੇਅਰ, ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਵਿਧਾਇਕ ਅਮੋਲਕ ਸਿੰਘ, ਰਣਬੀਰ ਸਿੰਘ ਭੁੱਲਰ, ਜਗਦੀਪ ਕੰਬੋਜ ਗੋਲਡੀ ਅਤੇ ਹੋਰ ਆਗੂਆਂ ਨੇ ਵੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਚਾਲੀ ਮੁਕਤਿਆਂ ਦੀ ਧਰਤੀ ਵਿਖੇ ਪਾਰਟੀ ਦੇ ਆਗੂਆਂ ਦੀ ਟੀਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਣ ਲਈ ਆਈ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਧਰਤੀ ‘ਤੇ ਆਪਣੇ 40 ਸਿੰਘਾਂ ਦਾ ਬੇਦਾਵਾ ਪਾੜ ਕੇ ਦੁਨੀਆਂ ਨੂੰ ਭੁੱਲਾਂ ਬਖਸ਼ਣ ਦਾ ਇਕ ਵੱਡਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਗੁਰੂਆਂ ਦੀ ਸੋਚ ਨੂੰ ਅੱਗੇ ਤੋਰਦਿਆਂ ਗੁਰੂਆਂ ਪੀਰਾਂ ਤੋਂ ਪ੍ਰੇਰਨਾ ਲੈ ਕੇ ਪੰਜਾਬ ਦੀ ਸਰਕਾਰ ਸਾਡੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂਆਂ ਪੀਰਾਂ ਦੀ ਧਰਤੀ ਦੇ ਜੰਮਿਆਂ ਨੇ ਪੂਰੀ ਦੁਨੀਆਂ ਵਿਚ ਵੱਡੇ ਮਾਅਰਕੇ ਮਾਰੇ ਹਨ। ਇਹ ਧਰਤੀ ਭਾਗਾਂ ਵਾਲੀ ਧਰਤੀ ਹੈ ਅਤੇ ਅਸੀਂ ਭਾਗਾਂ ਵਾਲੇ ਹਾਂ, ਜਿਨਾਂ ਨੂੰ ਇਸ ਧਰਤੀ ‘ਤੇ ਜਨਮ ਮਿਲਿਆ।