
ਹੁਸ਼ਿਆਰਪੁਰ, 21 ਸਤੰਬਰ :
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 1 ਵਿਚ 32.50 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈੱਲ ਦਾ ਰਸਮੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਸ ਟਿਊਬਵੈੱਲ ਨਾਲ ਇਲਾਕਾ ਵਾਸੀਆਂ ਦੀ ਪਾਣੀ ਦੀ ਸਮੱਸਿਆ ਦਾ ਹੱਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਥਾਨਕ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਨਾਲ ਪੂਰਾ ਕੀਤਾ ਗਿਆ ਹੈ।
ਵਿਧਾਇਕ ਨੇ ਦੱਸਿਆ ਕਿ 2022 ਤੋਂ ਹੁਣ ਤੱਕ ਨਗਰ ਨਿਗਮ ਵੱਲੋਂ ਸ਼ਹਿਰ ਵਿਚ ਵੱਡੀ ਗਿਣਤੀ ਵਿਚ ਨਵੇਂ ਟਿਊਬਵੈੱਲ ਲਗਾਏ ਗਏ ਹਨ, ਜਿਸ ਕਾਰਨ ਵੱਖ-ਵੱਖ ਖੇਤਰਾਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਸਥਿਤੀ ਵਿਚ ਬੇਹੱਦ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਬਰਸਾਤਾਂ ਕਾਰਨ ਰੁਕਿਆ ਹੋਇਆ ਸੜਕਾਂ ਦਾ ਕੰਮ ਵੀ ਚਾਲੂ ਹੋ ਗਿਆ ਹੈ ਅਤੇ ਸ਼ਹਿਰ ਦੀਆਂ ਸੜਕਾਂ ਦੀ ਕਾਇਆ ਕਲਪ ਲਈ ਵੱਡੀ ਪੱਧਰ ਤੇ ਮੁਹਿੰਮ ਵਿੱਢੀ ਗਈ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ ਅਤੇ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਵਿਧਾਇਕ ਨੇ ਕਿਹਾ ਕਿ ਭਵਿੱਖ ਵਿਚ ਵੀ ਵਿਕਾਸ ਦੀ ਗਤੀ ਬਣਾਈ ਰੱਖੀ ਜਾਵੇਗੀ ਅਤੇ ਜਨਤਾ ਨੂੰ ਹਰ ਸੰਭਵ ਸਹੂਲਤ ਪ੍ਰਦਾਨ ਕੀਤੀ ਜਾਵੇਗੀ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਕੌਂਸਲਰ ਰਜਨੀ ਡਡਵਾਲ, ਰਮੇਸ਼ ਠਾਕੁਰ, ਬਲਵਿੰਦਰ ਬਿੰਦੀ, ਖੁਸ਼ੀ ਰਾਮ, ਸੁਨੀਤਾ ਬਾਘਾ, ਅਜੇ ਰਾਣਾ, ਬਲਵਿੰਦਰ ਬਾਘਾ ਅਤੇ ਗੁਰਬੀਰ ਸਮੇਤ ਹੋਰ ਵੀ ਕਈ ਪਤਵੰਤੇ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।