Wednesday, September 24Malwa News
Shadow

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਜਨਮ ਅਸ਼ਟਮੀ ਮੌਕੇ ਵੱਖ ਵੱਖ ਮੰਦਰਾਂ ‘ਚ ਹੋਏ ਨਤਮਸਤਕ

ਹੁਸ਼ਿਆਰਪੁਰ, 18 ਅਗਸਤ:           ਜਨਮ ਅਸ਼ਟਮੀ ਦੇ ਸ਼ੁਭ ਮੌਕੇ ‘ਤੇ ਹੁਸ਼ਿਆਰਪੁਰ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਦੇ ਚੇਅਰਮੈਨ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਜਾ ਕੇ ਭਗਵਾਨ ਕ੍ਰਿਸ਼ਨ ਦੇ ਚਰਨਾਂ ਵਿਚ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਵਾਸੀਆਂ ਖੁਸ਼ਹਾਲੀ ਅਤੇ ਸ਼ਾਂਤੀ ਲਈ ਪ੍ਰਾਰਥਨਾ ਕੀਤੀ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜਨਮ ਅਸ਼ਟਮੀ ਦਾ ਤਿਉਹਾਰ ਸਾਨੂੰ ਧਰਮ, ਨੈਤਿਕਤਾ ਅਤੇ ਸੱਚ ਦੇ ਮਾਰਗ ‘ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਨੇ ਬੁਰਾਈ ਉੱਤੇ ਨੇਕੀ ਦੀ ਜਿੱਤ ਅਤੇ ਸਮਾਜ ਨੂੰ ਇਕ ਨਵੀਂ ਦਿਸ਼ਾ ਦੇਣ ਲਈ ਕੰਮ ਕੀਤਾ। ਇਸ ਤਿਉਹਾਰ ਰਾਹੀਂ ਸਾਨੂੰ ਸਮਾਜ ਵਿਚ ਭਾਈਚਾਰਾ, ਆਪਸੀ ਪਿਆਰ ਅਤੇ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਦਾ ਪ੍ਰਣ ਲੈਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਲਗਾਤਾਰ ਕੰਮ ਕਰ ਰਹੀ ਹੈ। ਸਿੱਖਿਆ, ਸਿਹਤ, ਸੜਕਾਂ, ਪਾਣੀ ਅਤੇ ਰੁਜ਼ਗਾਰ ਦੇ ਖੇਤਰਾਂ ਵਿਚ ਵਿਕਾਸ ਕਾਰਜ ਪਹਿਲ ਦੇ ਆਧਾਰ ‘ਤੇ ਪੂਰੇ ਕੀਤੇ ਜਾ ਰਹੇ ਹਨ। ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ‘ਰੰਗਲਾ ਪੰਜਾਬ’ ਬਣਾਉਣਾ ਹੈ ਅਤੇ ਇਸ ਦਿਸ਼ਾ ਵਿਚ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਵਿਧਾਇਕ ਜਿੰਪਾ ਨੇ ਕਿਹਾ ਕਿ ਤਿਉਹਾਰ ਸਾਡੀ ਸੱਭਿਆਚਾਰਕ ਵਿਰਾਸਤ ਦਾ ਹਿੱਸਾ ਹਨ, ਜੋ ਸਮਾਜ ਨੂੰ ਇਕਜੁੱਟ ਕਰਨ ਦਾ ਕੰਮ ਕਰਦੇ ਹਨ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਆਪਸੀ ਸਹਿਯੋਗ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਹੁਸ਼ਿਆਰਪੁਰ ਸਹਿਕਾਰੀ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਵਿਕਾਸ ਸੈਣੀ, ਗੰਗਾ ਪ੍ਰਸਾਦ ਅਤੇ ਮਨਜੀਤ ਸਿੰਘ ਵੀ ਮੌਜੂਦ ਸਨ।