
ਰੂਪਨਗਰ, 5 ਜੁਲਾਈ: ਹੈੱਡਵਰਕਸ ਸਤਲੁਜ ਤੋਂ ਨਿਕਲ ਰਹੀ ਬਿਸਤ ਦੁਆਬ ਨਹਿਰ ਉੱਤੇ ਹਾਈ ਲੈਵਲ ਪੁਲ ਦੇ ਨਿਰਮਾਣ ਦਾ ਨੀਂਹ ਪੱਥਰ ਅੱਜ ਹਲਕਾ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਰੱਖਿਆ ਗਿਆ।
ਇਸ ਮੌਕੇ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ 24.56 ਮੀਟਰ ਲੰਬਾਈ ਵਾਲੇ ਹਾਈ ਲੈਵਲ ਪੁਲ ਦੇ ਨਿਰਮਾਣ ਲਈ 1.85 ਕਰੋੜ ਰੁਪਏ ਦੀ ਲਾਗਤ ਨਾਲ ਲਾਗਤ ਆਵੇਗੀ।
ਉਨ੍ਹਾਂ ਕਿਹਾ ਕਿ ਇਹ ਆਮ ਦੇਖਣ ਨੂੰ ਮਿਲਦਾ ਹੈ ਕਿ ਛੋਟੇ ਪੁਲ ਸਦਕਾ ਖਾਸ ਤੌਰ ਉੱਤੇ ਨੂਰਪੁਰਬੇਦੀ ਦੇ ਸਾਰੇ ਪਿੰਡਾਂ ਦੇ ਲੋਕਾਂ ਨੂੰ ਲੰਮੀ ਦੇਰ ਤੱਕ ਟ੍ਰੈਫਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਜਦਕਿ ਹੁਣ ਇਸ ਹਾਈ ਲੈਵਲ ਪੁਲ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਸੁਰੱਖਿਅਤ, ਸੁਚਾਰੂ ਅਤੇ ਆਸਾਨ ਆਵਾਜਾਈ ਦੀ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਖੇਤਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਆਮ ਲੋਕਾਂ ਨੂੰ ਆਉਣ-ਜਾਣ ਦੌਰਾਨ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੋਂ ਵੀ ਰਾਹਤ ਪ੍ਰਾਪਤ ਹੋਵੇਗੀ।
ਵਿਧਾਇਕ ਚੱਢਾ ਨੇ ਕਿਹਾ ਕਿ ਹਲਕਾ ਰੂਪਨਗਰ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕ ਭਲਾਈ ਨਾਲ ਸਬੰਧਤ ਹਰ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਹਲਕੇ ਦੇ ਵਿਕਾਸ ਲਈ ਅਜਿਹੇ ਲੋਕ-ਹਿੱਤ ਪ੍ਰੋਜੈਕਟ ਜਾਰੀ ਰਹਿਣਗੇ।
ਇਸ ਮੌਕੇ ਰੂਪਨਗਰ ਨਗਰ ਕੌਂਸਲ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸ ਰਾਜ ਸੈਣੀ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਬਲਾਕ ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ, ਸਥਾਨਕ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।