
ਡੇਰਾ ਬਾਬਾ ਨਾਨਕ/ਗੁਰਦਾਸਪੁਰ, 22 ਸਤੰਬਰ ( ) – ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਬੀਤੀ ਸ਼ਾਮ ਆਪਣੇ ਹਲਕੇ ਦੇ ਪਿੰਡ ਨਿੱਕੇ ਠੇਠਰਕੇ ਦਾ ਦੌਰਾ ਕਰਕੇ ਹੜ੍ਹਾਂ ਕਾਰਨ ਫ਼ਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹ ਰਾਵੀ ਦਰਿਆ ਦੇ ਧੁੱਸੀ ਬੰਨ੍ਹ `ਤੇ ਵੀ ਪਹੁੰਚੇ ਜਿੱਥੇ ਬੰਨ੍ਹ ਨੂੰ ਪਏ ਪਾੜ ਨੂੰ ਪੂਰੇ ਜਾਣ ਅਤੇ ਜ਼ਮੀਨਾਂ ਨੂੰ ਪੱਧਰੀ ਕਰਨ ਦੀ ਸੇਵਾ ਚੱਲ ਰਹੀ ਸੀ।
ਇਸ ਮੌਕੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਹੜ੍ਹਾਂ ਕਾਰਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ 159 ਪਿੰਡ ਅਤੇ 1.10 ਲੱਖ ਦੇ ਕਰੀਬ ਵਸੋਂ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਟੁੱਟਣ ਕਾਰਨ ਫ਼ਸਲਾਂ ਤਬਾਹ ਹੋ ਗਈਆਂ ਹਨ ਅਤੇ ਖੇਤਾਂ ਵਿੱਚ ਰੇਤ ਤੇ ਮਿੱਟੀ ਆ ਗਈ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।
ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਿਸ਼ੇਸ਼ ਗਿਰਦਾਵਰੀ ਚੱਲ ਰਹੀ ਹੈ ਅਤੇ ਬਹੁਤ ਜਲਦੀ ਹੜ੍ਹ ਪੀੜ੍ਹਤਾਂ ਨੂੰ ਮੁਆਵਜ਼ਾ ਦੇਣਾ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ।
ਵਿਧਾਇਕ ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿਤ ਵਿਚ `ਜਿਸ ਦਾ ਖੇਤ, ਉਸ ਦੀ ਰੇਤ’ ਨਾਮਕ ਇਕ ਵਿਸ਼ੇਸ਼ ਸਮਾਂਬੱਧ ਯੋਜਨਾ ਦਾ ਵੀ ਐਲਾਨ ਕੀਤਾ ਹੈ, ਜਿਸ ਦੇ ਤਹਿਤ ਕਿਸਾਨਾਂ ਨੂੰ ਆਪਣੇ ਖੇਤਾਂ ਵਿਚੋਂ ਰੇਤ, ਸਿਲਟ ਜਾਂ ਹੋਰ ਦਰਿਆਈ ਸਮਗਰੀ ਹਟਾਉਣ ਦੀ ਆਗਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ‘ਜਿਸ ਦਾ ਖੇਤ, ਉਸ ਦੀ ਰੇਤ’ ਦੀ ਇਹ ਸਹੂਲਤ 31 ਦਸੰਬਰ 2025 ਤੱਕ ਇਕ ਵਾਰ ਲਈ ਉਪਲਬਧ ਹੋਵੇਗੀ ਅਤੇ ਇਸ ਲਈ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦਾ ਪਰਮਿਟ ਜਾਂ ਵਿਭਾਗੀ ਇਜਾਜ਼ਤ (ਐਨ.ਓ.ਸੀ) ਲੈਣ ਦੀ ਲੋੜ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਵਿਵਸਥਾ ਪੰਜਾਬ ਮਾਈਨਰ ਮਿਨਰਲ ਰੂਲਜ਼, 2013 ਦੇ ਨਿਯਮ 90 ਅਧੀਨ ਲਾਗੂ ਕੀਤੀ ਗਈ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਖੇਤਾਂ ਵਿਚੋਂ ਰੇਤ ਜਾਂ ਗਾਰ ਕੱਢਣ ਦੀ ਇਸ ਗਤੀਵਿਧੀ ਨੂੰ ‘ਮਾਈਨਿੰਗ’ ਨਹੀਂ ਮੰਨਿਆ ਜਾਵੇਗਾ।