
ਹੁਸ਼ਿਆਰਪੁਰ, 27 ਨਵੰਬਰ: ਪਿੰਡ ਬਹਾਦਰਪੁਰ ਬਾਹੀਆਂ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਦਿੰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਪਿੰਡ ਦੇ ਸਰਕਾਰੀ ਸਕੂਲ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਕਮਰੇ ਅਤੇ ਐਲਈਡੀ ਦਾ ਉਦਘਾਟਨ ਕੀਤਾ।
ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਦਾ ਵਿਸਥਾਰ ਵਿਦਿਆਰਥੀਆਂ ਨੂੰ ਬਿਹਤਰ ਵਿੱਦਿਅਕ ਮਾਹੌਲ ਪ੍ਰਦਾਨ ਕਰਨ ਵਿੱਚ ਸਹਾਇਕ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਕਾਸ ਅਤੇ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਬੱਚਿਆਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ ਅਤੇ ਉਨ੍ਹਾਂ ਦਾ ਭਵਿੱਖ ਉੱਜਵਲ ਬਣ ਸਕੇ। ਪਿੰਡਾਂ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣਾ ਵੀ ਉਨ੍ਹਾਂ ਦੀ ਤਰਜੀਹ ਹੈ।
ਇਸ ਮੌਕੇ ਪਿੰਡ ਦੇ ਸਰਪੰਚ ਮੰਗੀਲਾਲ, ਬਲਾਕ ਸੰਮਤੀ ਮੈਂਬਰ ਮਹਿੰਦਰ ਪਾਲ, ਨੰਬਰਦਾਰ ਬਿੰਦੀ, ਰਾਜੇਸ਼ ਸੇਠੀ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।