
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਅਤੇ ਜੰਗਲਾਤ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਗਣਤੰਤਰ ਦਿਵਸ ਦੇ ਮੌਕੇ ‘ਤੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਸ਼੍ਰੀ ਮੁਕਤਸਰ ਸਾਹਿਬ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪਰੇਡ ਦੀ ਸਲਾਮੀ ਲਈ।
ਇਸ ਮੌਕੇ ‘ਤੇ ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤ ਗਣਰਾਜ ਦੀ ਸਥਾਪਨਾ ਹੋਈ। ਉਨ੍ਹਾਂ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ ਦੇ ਅਮੁੱਲ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਸੰਵਿਧਾਨ ਕਾਰਨ ਅੱਜ ਅਸੀਂ ਸਾਰੇ ਜਾਤ, ਧਰਮ ਅਤੇ ਵਿਤਕਰੇ ਤੋਂ ਉੱਪਰ ਉੱਠ ਕੇ ਭਾਈਚਾਰੇ ਨਾਲ ਜੀਵਨ ਬਤੀਤ ਕਰ ਰਹੇ ਹਾਂ।
ਉਨ੍ਹਾਂ ਨੇ ਅੱਗੇ ਕਿਹਾ ਕਿ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 50,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਸ਼ ਦੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਕੀਤਾ ਹੈ। ਸਾਡੀ ਸਰਕਾਰ ਫੌਜੀਆਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਵੀ ਵਚਨਬੱਧ ਹੈ। ਪੰਜਾਬ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ। ਸਾਡੀ ਸਰਕਾਰ ਨੇ ਇਸ ਵਿੱਤੀ ਸਹਾਇਤਾ ਯੋਜਨਾ ਦੇ ਤਹਿਤ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਸੂਬੇ ਦੇ 90% ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਯੋਜਨਾ ਦੇ ਤਹਿਤ ਜ਼ੀਰੋ ਬਿਜਲੀ ਬਿੱਲ ਪ੍ਰਾਪਤ ਹੋ ਰਹੇ ਹਨ। ਪੰਜਾਬ ਸਰਕਾਰ ਨੇ ਗੋਇੰਦਵਾਲ ਪਾਵਰ ਪਲਾਂਟ ਨੂੰ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦਿਆ, ਜੋ ਕਿਸੇ ਰਾਜ ਸਰਕਾਰ ਦੁਆਰਾ ਨਿੱਜੀ ਪਾਵਰ ਪਲਾਂਟ ਖਰੀਦਣ ਦਾ ਪਹਿਲਾ ਮਾਮਲਾ ਹੈ। ਇਸ ਪਾਵਰ ਪਲਾਂਟ ਦਾ ਨਾਮ ਸ਼੍ਰੀ ਗੁਰੂ ਅਮਰਦਾਸ ਜੀ ਦੇ ਨਾਮ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਨੂੰ ਮੁਫ਼ਤ ਬਿਜਲੀ ਸਹੂਲਤ ਜਾਰੀ ਰੱਖਣ ਲਈ 9330 ਕਰੋੜ ਰੁਪਏ ਨਿਰਧਾਰਤ ਕੀਤੇ ਗਏ ਹਨ। ਵਿੱਤੀ ਸਾਲ 2023-24 ਲਈ ਪੰਜਾਬ ਸਰਕਾਰ ਨੇ ਪੀ.ਐਸ.ਪੀ.ਸੀ.ਐਲ. ਨੂੰ 18276 ਕਰੋੜ ਰੁਪਏ ਤੋਂ ਵੱਧ ਦੀ ਸਬਸਿਡੀ ਦਾ ਭੁਗਤਾਨ ਕੀਤਾ ਹੈ। ਵਿੱਤੀ ਸਾਲ 2024-25 ਦੌਰਾਨ ਹੁਣ ਤੱਕ 9251 ਕਰੋੜ ਰੁਪਏ ਦੀ ਸਬਸਿਡੀ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।
ਪੰਜਾਬ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਦੇਸ਼ ਵਿੱਚ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਦੀ ਦਰ ਨਾਲ ਭੁਗਤਾਨ ਕੀਤਾ ਹੈ। ਪੇਰਾਈ ਸਾਲ 2023-24 ਦੌਰਾਨ ਸਾਰਾ ਭੁਗਤਾਨ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਪੰਜਾਬ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਸਬਸਿਡੀ ਦੇ ਰੂਪ ਵਿੱਚ 242.43 ਕਰੋੜ ਰੁਪਏ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਹਨ।
ਪਰਾਲੀ ਪ੍ਰਬੰਧਨ ਲਈ, 85.23 ਟਨ ਪ੍ਰਤੀ ਦਿਨ ਦੀ ਸਮਰੱਥਾ ਵਾਲੇ 4 ਕੰਪ੍ਰੈਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟ ਚਾਲੂ ਹੋ ਚੁੱਕੇ ਹਨ, ਅਤੇ 7 ਹੋਰ ਪ੍ਰੋਜੈਕਟ ਜਲਦੀ ਸ਼ੁਰੂ ਕੀਤੇ ਜਾਣਗੇ।