Tuesday, July 28Malwa News
Shadow

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ – ਪ੍ਰਿਯੰਕ ਕਾਨੂੰਨਗੋ

ਤਰਨ ਤਾਰਨ, 28 ਜੁਲਾਈ :            ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ), ਨਵੀਂ ਦਿੱਲੀ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਤਰਨ ਤਾਰਨ ਦੌਰੇ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜ਼ਿਲ੍ਹਾ ਪ੍ਰਸ਼ਾਸਨ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।

ਇਸ ਦੌਰਾਨ ਪ੍ਰਿਯੰਕ ਕਾਨੂੰਨਗੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇਸ਼ ਦੇ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਤਰਨ ਤਾਰਨ ਦੌਰੇ ਦੌਰਾਨ ਲੋਕਾਂ ਵੱਲੋਂ ਉਠਾਏ ਗਏ ਹਰ ਮਸਲੇ ਨੂੰ ਕਮਿਸ਼ਨ ਵੱਲੋਂ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ ਅਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਕਮਿਸ਼ਨ ਦੀ ਪ੍ਰਮੁੱਖ ਤਰਜੀਹ ਹੈ।

ਸ੍ਰੀ ਕਾਨੂੰਨਗੋ ਨੇ ਖਾਲੜਾ, ਭਿੱਖੀਵਿੰਡ, ਮਹਿੰਦੀਪੁਰ ਅਤੇ ਤਰਨ ਤਾਰਨ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਾਪਤ ਸ਼ਿਕਾਇਤਾਂ ਦਾ ਨਿਰਧਾਰਤ ਸਮੇਂ ਅੰਦਰ ਨਿਰਪੱਖ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਸਮੇਂ ਸਿਰ ਇਨਸਾਫ਼ ਅਤੇ ਰਾਹਤ ਮਿਲ ਸਕੇ। ਇਸ ਦੌਰਾਨ ਉਹ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਦੀਪ ਸਿੰਘ ਜੀ, ਪਹੁਵਿੰਡ ਵਿਖੇ ਵੀ ਨਤਮਸਤਕ ਹੋਏ।

ਪ੍ਰਿਯੰਕ ਕਾਨੂੰਨਗੋ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਅਤੇ ਸਮਾਜਿਕ ਸੁਰੱਖਿਆ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ।

ਸਮੀਖਿਆ ਦੌਰਾਨ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਯੋਜਨਾ, ਪੀ.ਐੱਮ. ਵਿਸ਼ਵਕਰਮਾ ਯੋਜਨਾ, ਪੋਕਸੋ  ਮਾਮਲਿਆਂ ਦੀ ਸਥਿਤੀ, ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ, ਮਿਸ਼ਨ ਵਤਸਾਲਿਆ, ਸੇਫ਼ ਸਕੂਲ ਵਾਹਨ ਸਕੀਮ, ‘ਬੇਟੀ ਬਚਾਓ-ਬੇਟੀ ਪੜ੍ਹਾਓ’, ਦਿਵਿਆਂਗ ਕੁਸ਼ਲ ਯੋਜਨਾਵਾਂ, ਸਿੱਖਿਆ ਵਿਭਾਗ ਦੀਆਂ ਪਹਿਲਕਦਮੀਆਂ ਅਤੇ ਹੋਰ ਸਮਾਜਿਕ ਸੁਰੱਖਿਆ ਨਾਲ ਸਬੰਧਤ ਸਕੀਮਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਸ੍ਰੀ ਕਾਨੂੰਨਗੋ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੂਰੀ ਪਾਰਦਰਸ਼ਤਾ ਨਾਲ ਪਹੁੰਚਾਇਆ ਜਾਵੇ ਅਤੇ ਕਿਸੇ ਵੀ ਯੋਗ ਵਿਅਕਤੀ ਨੂੰ ਬੇਵਜ੍ਹਾ ਖੱਜਲ-ਖੁਆਰ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕ-ਭਲਾਈ ਯੋਜਨਾਵਾਂ ਦਾ ਪ੍ਰਭਾਵੀ ਲਾਗੂਕਰਨ ਪ੍ਰਸ਼ਾਸਨ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਆਦਿੱਤਿਆ ਸ਼ਰਮਾ, ਐੱਸ.ਡੀ.ਐੱਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਐੱਸ.ਡੀ.ਐੱਮ ਖਡੂਰ ਸਾਹਿਬ ਸੰਜੀਵ ਸ਼ਰਮਾ, ਐੱਸ.ਡੀ.ਐੱਮ ਪੱਟੀ ਅਮਨਦੀਪ, ਐੱਸ.ਡੀ.ਐੱਮ ਭਿੱਖੀਵਿੰਡ ਜਗਦੀਪ ਸਿੰਘ, ਐੱਸ.ਪੀ ਸੁਖਨਿੰਦਰ ਸਿੰਘ, ਡੀ.ਡੀ.ਪੀ.ਓ ਦੇਵਿੰਦਰ ਸਿੰਘ, ਸਿਵਲ ਸਰਜਨ ਡਾ. ਸੰਦੀਪ ਧਵਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।