ਚੰਡੀਗੜ੍ਹ, 19 ਦਸੰਬਰ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਵਲੋਂ ਭੇਜੇ ਗਏ ਖੇਤੀ ਮੰਡੀਕਰਨ ਨੀਤੀ ਬਾਰੇ ਕੌਮੀ ਨੀਤੀ ਦੇ ਖਰੜੇ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਨੀਤੀ ਦਾ ਪੰਜਾਬ ਦੇ ਕਿਸਾਨਾਂ ‘ਤੇ ਮਾੜਾ ਪ੍ਰਭਾਵ ਪੈ ਸਕਦਾ ਹੈ। ਪਰ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਹਿੱਤਾਂ ਦੀ ਪੂਰੀ ਤਰਾਂ ਰਾਖੀ ਕੀਤੀ ਜਾਵੇਗੀ।
ਅੱਜ ਇਥੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਖੇਤੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਖਰੜੇ ਸਬੰਧੀ ਵੱਖ ਵੱਖ ਪੱਧਰ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਵੱਖ ਵੱਖ ਖੇਤੀ ਮਾਹਿਰਾਂ ਨਾਲ ਵੀ ਸਲਾਹ ਮਸ਼ਵਰਾ ਕੀਤਾ ਜਾ ਰਿਹਾ ਹੈ। ਇਸ ਮੀਟਿੰਗ ਵਿਚ ਖੇਤੀ ਮੰਤਰੀ ਨੇ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਖਰੜੇ ਬਾਰੇ ਆਪਣੇ ਸੁਝਾਅ ਅਤੇ ਟਿੱਪਣੀਆਂ ਖੇਤੀਬਾੜੀ ਵਿਭਾਗ ਕੋਲ ਭੇਜਣ ਤਾਂ ਜੋ ਸਰਕਾਰ ਵਲੋਂ ਇਸ ਸਬੰਧੀ ਯੋਗ ਕਦਮ ਚੁੱਕੇ ਜਾ ਸਕਣ।
ਇਸ ਮੀਟਿੰਗ ਵਿਚ ਕਿਸਾਨ ਯੂਨੀਅਨ ਦੇ ਆਗੂਆਂ ਵਿਚ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਰੁਲਦੂ ਸਿੰਘ ਮਾਨਸਾ, ਡਾ. ਸਤਨਾਮ ਸਿੰਘ ਅਜਨਾਲਾ ਅਤੇ ਹੋਰ ਆਗੂ ਹਾਜਰ ਸਨ। ਇਨ੍ਹਾਂ ਆਗੂਆਂ ਨੇ ਚਿੰਤਾ ਪ੍ਰਗਟ ਕੀਤੀ ਕਿ ਇਸ ਨੀਤੀ ਦੀ ਆੜ ਵਿਚ ਨਿੱਜੀਕਰਨ ਅਤੇ ਅਜਾਰੇਦਾਰੀ ਦੇ ਅਮਲਾਂ ਨੂੰ ਨੇਪਰੇ ਚਾੜ੍ਹਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਖਰੜੇ ਬਾਰੇ ਕੇਂਦਰ ਸਰਕਾਰ ਨੂੰ ਜਵਾਬ ਭੇਜਣ ਤੋਂ ਪਹਿਲਾਂ ਸਾਰੇ ਪਹਿਲੂਆਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ।
ਇਸ ਮੀਟਿੰਗ ਵਿਚ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਸਕੱਤਰ ਹਰਬੀਰ ਸਿੰਘ, ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ, ਖੇਤੀ ਯੂਨੀਵਰਸਿਟੀ ਦੇ ਖੋਜ ਨਿਰਦੇਸ਼ਕ ਡਾ. ਅਜਮੇਰ ਸਿੰਘ ਢੱਟ ਅਤੇ ਹੋਰ ਅਧਿਕਾਰੀ ਵੀ ਹਾਜਰ ਸਨ।