ਸੰਗਰੂਰ, 19 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਵਿਚ ਜਿਲੇ ਦੇ ਨਵੇਂ ਚੁਣੇ ਗਏ ਪੰਚਾਂ ਨੂੰ ਆਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਮੁੱਖ ਮੰਤਰੀ ਨੇ ਨਵੇਂ ਚੁਣੇ ਪੰਚਾਂ ਨੂੰ ਕਿਹਾ ਕਿ ਉਹ ਆਪਣੇ ਆਪਣੇ ਪਿੰਡਾਂ ਦੇ ਵਿਕਾਸ ਲਈ ਧੁਰੇ ਦਾ ਕੰਮ ਕਰਨ।
ਜਿਲਾ ਸੰਗਰੂਰ ਦੇ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਉਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਂ ਦਾ ਮੁੱਖ ਨਿਸ਼ਾਨਾਂ ਆਪਣੇ ਪਿੰਡਾਂ ਦਾ ਵਿਕਾਸ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਆਪਣੇ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਪੰਚਾਇਤਾਂ ਵਲੋਂ ਮਤੇ ਪਾਸ ਕੀਤੇ ਜਾਣ ਅਤੇ ਲੋੜ ਮੁਤਾਬਿਕ ਸਹੂਲਤਾਂ ਦੀ ਮੰਗ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪੰਚਾਇਤਾਂ ਦੇ ਮਤਿਆਂ ਮੁਤਾਬਿਕ ਹੀ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਵਿਚ ਲਾਇਬਰੇਰੀਆਂ ਸਥਾਪਿਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਲਾਇਬਰੇਰੀਆਂ ਨਾਲ ਹੀ ਨਵੀਂ ਪੀੜ੍ਹੀ ਸਾਹਿਤ ਨਾਲ ਜੁੜੇਗੀ ਅਤੇ ਉਨ੍ਹਾਂ ਨੂੰ ਵਿਸ਼ਵ ਪੱਧਰੀ ਪੁਸਤਕਾਂ ਤੋਂ ਸੇਧ ਮਿਲ ਸਕੇਗੀ।
ਉਨ੍ਹਾਂ ਨੇ ਪੰਚਾਇਤਾਂ ਨੂੰ ਕਿਹਾ ਕਿ ਇਕ ਵਾਰ ਚੁਣੀ ਗਈ ਸਾਰੇ ਪਿੰਡ ਦੀ ਸਾਂਝੀ ਹੁੰਦੀ ਹੈ ਅਤੇ ਉਸ ਨੂੰ ਪਿੰਡ ਦੇ ਹਰ ਵਸਨੀਕ ਨਾਲ ਇਕੋ ਜਿਹਾ ਵਿਵਹਾਰ ਕਰਨਾ ਚਾਹੀਦਾ ਹੈ। ਇਸ ਤੋਂ ਬਾਅਦ ਜਿਲੇ ਦੇ ਸਾਰੇ ਪੰਚਾਂ ਨੂੰ ਆਹੁਦੇ ਦੀ ਸਹੁੰ ਚੁਕਾਈ ਗਈ।