ਕਪੂਰਥਲ਼ਾ, 19 ਨਵੰਬਰ: ਪੰਜਾਬ ਦੇ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਨਵੇਂ ਚੁਣੇ ਪੰਚਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਡਟ ਕੇ ਕੰਮ ਕਰਨ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਦੇ ਬਰਾਬਰ ਲਿਆਂਦਾ ਜਾ ਸਕੇ।
ਅੱਜ ਇੱਥੇ ਕਪੂਰਥਲਾ ਜ਼ਿਲ੍ਹੇ ਦੇ ਅਡੀਸ਼ਨਲ ਯਾਰਡ ਜੇ.ਜੇ ਫਾਰਮ ਵਿਖੇ ਨਵੇਂ ਚੁਣੇ ਗਏ 3127 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਮੌਕੇ ਸੰਬੋਧਨ ਕਰਦਿਆਂ ਡਾ.ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਨੂੰ ਬਿਨ੍ਹਾਂ ਕਿਸੇ ਪਾਰਟੀ ਦੇ ਚੋਣ ਨਿਸ਼ਾਨ ਤੋਂ ਕਰਵਾਉਣ ਦੇ ਫੈਸਲੇ ਨੇ ਪਿੰਡਾਂ ਵਿਚ ਭਾਈਚਾਰਕ ਸਾਂਝ ਦਾ ਮੁੱਢ ਬੰਨਿਆ ਹੈ।
ਉਨ੍ਹਾਂ ਕਿਹਾ ਕਿ ਪੰਚਾਇਤ ਸਾਡੇ ਲੋਕਤੰਤਰ ਦੀ ਸਭ ਤੋਂ ਮੁੱਢਲੀ ਇਕਾਈ ਹੈ ਜਿਸ ਰਾਹੀਂ ਜਿੱਥੇ ਪਿੰਡ ਦੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ ,ਉੱਥੇ ਹੀ ਪਿੰਡਾਂ ਦੇ ਛੋਟੇ-ਮੋਟੇ ਝਗੜੇ ਤੇ ਮਸਲੇ ਪਿੰਡਾਂ ਵਿਚ ਹੀ ਨਿਪਟਾ ਕੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਪੰਚਾਇਤਾਂ ਪੂਰੀ ਇਮਾਨਦਾਰੀ ਨਾਲ ਸਰਕਾਰ ਵਲੋਂ ਪ੍ਰਾਪਤ ਗ੍ਰਾਂਟਾਂ ਦੀ ਵਰਤੋਂ ਯਕੀਨੀ ਬਣਾਉਣ ਤਾਂ ਜੋ ਪਿੰਡਾਂ ਨੂੰ ਹਰ ਪੱਖੋਂ ਉੱਤਮ ਬਣਾਇਆ ਜਾ ਸਕੇ।
ਉਨ੍ਹਾਂ ਵਿਸ਼ੇਸ਼ ਕਰਕੇ ਪੰਚ ਚੁਣੀਆਂ ਗਈਆਂ 50 ਫੀਸਦੀ ਮਹਿਲਾਵਾਂ ਨੂੰ ਸੱਦਾ ਦਿੱਤਾ ਕਿ ਉਹ ਲੜਕੀਆਂ ਦੀ ਉਚੇਰੀ ਸਿੱਖਿਆ ਵੱਲ ਵਿਸ਼ੇਸ਼ ਤੌਰ ’ਤੇ ਧਿਆਨ ਦੇਣ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ 5 ਲੱਖ ਰੁਪਏ ਦੀ ਗ੍ਰਾਂਟ ਵੀ ਜਲਦ ਜਾਰੀ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਭਾਰਤ ਦੇ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਤੇ ਨਿਸ਼ਠਾ ਰੱਖਦਿਆਂ ਦੇਸ਼ ਦੀ ਪ੍ਰਭੂਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਦੇ ਨਾਲ-ਨਾਲ ਆਪਣੇ ਫਰਜ਼ਾਂ ਦੀ ਪੂਰਤੀ ਇਮਾਨਦਾਰੀ ਨਾਲ ਕਰਨ ਦੀ ਸਹੁੰ ਚੁਕਾਈ।
ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਫਗਵਾੜਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਜੋਗਿੰਦਰ ਸਿੰਘ ਮਾਨ, ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ, ਚੇਅਰਪਰਸਨ ਜ਼ਿਲ੍ਹਾ ਯੋਜਨਾ ਬੋਰਡ ਲਲਿਤ ਸਕਲਾਨੀ ਵਲੋਂ ਵੀ ਨਵੇਂ ਚੁਣੇ ਪੰਚਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਗਏ।
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜਿੱਥੇ ਮੁੱਖ ਮਹਿਮਾਨ ਅਤੇ ਪੰਚ ਸਾਹਿਬਾਨਾਂ ਦਾ ਧੰਨਵਾਦ ਕੀਤਾ,ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁੱਖ ਮਹਿਮਾਨ ਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐਸ.ਐਸ.ਪੀ. ਵਤਸਲਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ (ਜ) ਨਵਨੀਤ ਕੌਰ ਬੱਲ, ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਜੁਆਇੰਟ ਸਕੱਤਰ ਆਮ ਆਦਮੀ ਪਾਰਟੀ ਪਰਵਿੰਦਰ ਸਿੰਘ ਢੋਟ, ਪੰਜਾਬ ਸਟੇਟ ਕਾਂਊਸਲ ਫਾਰ ਸਾਇੰਸ ਐਂਡ ਤਕਨਾਲੋਜੀ ਦੇ ਮੈਂਬਰ ਕੰਵਰਇਕਬਾਲ ਸਿੰਘ, ਫਗਵਾੜਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਸ਼ਮੀਰ ਸਿੰਘ, ਸੁਲਤਾਨਪੁਰ ਲੋਧੀ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਪ੍ਰਦੀਪ ਥਿੰਦ, ਚੇਅਰਮੈਨ ਮਾਰਕਿਟ ਕਮੇਟੀ ਜਗਜੀਤ ਸਿੰਘ, ਸੁਲਤਾਨਪੁਰ ਲੋਧੀ ਮਾਰਕਿਟ ਕਮੇਟੀ ਦੇ ਚੇਅਰਮੈਨ ਮੁਹੰਮਦ ਰਫ਼ੀ ਹਾਜ਼ਰ ਸਨ।