
ਗੁਰਦਾਸਪੁਰ, 06 ਸਤੰਬਰ ( ) – ਪਸ਼ੂ ਪਾਲਣ ਵਿਭਾਗ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਪਸ਼ੂ ਪਾਲਕਾਂ ਲਈ ਇੱਕ ਵਿਸ਼ੇਸ਼ ਹੈਲਪ ਲਾਈਨ ਨੰਬਰ 84376-22298 ਜਾਰੀ ਕੀਤਾ ਹੈ। ਇਸ ਹੈਲਪ ਲਾਈਨ ਨੰਬਰ ਉੱਪਰ ਪਸ਼ੂਆਂ ਦੇ ਇਲਾਜ, ਕਿਸੇ ਪ੍ਰਕਾਰ ਦੀ ਸਹਾਇਤਾ ਅਤੇ ਚਾਰੇ ਦੀ ਲੋੜ ਸਬੰਧੀ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਜਿਨ੍ਹਾਂ ਇਲਾਕਿਆਂ ਵਿੱਚ ਹੜ੍ਹ ਆਏ ਹਨ ਓਥੇ ਦੇ ਪਸ਼ੂ ਪਾਲਕਾਂ ਨੂੰ ਆਪਣੇ ਪਸ਼ੂਆਂ ਦੇ ਇਲਾਜ ਜਾਂ ਚਾਰੇ ਸਬੰਧੀ ਕੋਈ ਮੁਸ਼ਕਲ ਨਾ ਆਵੇ, ਇਸ ਲਈ ਇਹ ਹੈਲਪ ਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਸਹਾਇਕ ਜਸਪ੍ਰੀਤ ਸਿੰਘ ਨੂੰ ਇਸ ਹੈਲਪ ਲਾਈਨ ਨੰਬਰ ਦਾ ਨੋਡਲ ਕਰਮਚਾਰੀ ਲਗਾਇਆ ਗਿਆ ਹੈ ਅਤੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜਸਪ੍ਰੀਤ ਸਿੰਘ ਨਾਗਪਾਲ (98781-77491) ਇਸ ਦੇ ਓਵਰਆਲ ਇੰਚਾਰਜ ਹੋਣਗੇ। ਉਨ੍ਹਾਂ ਦੱਸਿਆ ਕਿ ਹੈਲਪ ਲਾਈਨ ਉੱਪਰ ਆਉਣ ਵਾਲੀ ਹਰ ਕਾਲ ਨੂੰ ਨੋਟ ਕਰਕੇ ਉਸ ਉੱਪਰ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਹੈਲਪ ਲਾਈਨ ਨੰਬਰ ਦਿਨ-ਰਾਤ 24 ਘੰਟੇ ਅਤੇ ਹਫ਼ਤੇ ਦੇ ਸਾਰੇ ਦਿਨ ਚੱਲੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰ ਦੇ ਪਸ਼ੂ ਪਾਲਕ ਲੋੜ ਪੈਣ `ਤੇ ਆਪਣੇ ਪਸ਼ੂਆਂ ਦੇ ਇਲਾਜ, ਕਿਸੇ ਪ੍ਰਕਾਰ ਦੀ ਸਹਾਇਤਾ ਜਾਂ ਪਸ਼ੂਆਂ ਦੇ ਚਾਰੇ ਸਬੰਧੀ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਸੁਰੱਖਿਆ ਤੇ ਸੇਵਾ ਵਿੱਚ ਹਰ ਸਮੇ ਹਾਜ਼ਰ ਹੈ।