Saturday, August 8Malwa News
Shadow

ਆਮ ਲੋਕਾਂ ਦੀ ਸੁਖਾਲੀ ਅਤੇ ਸੁਰੱਖਿਅਤ ਆਵਾਜਾਈ ਸੂਬਾ ਸਰਕਾਰ ਦਾ ਮੁੱਖ ਟੀਚਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਚੰਡੀਗੜ੍ਹ, 8 ਅਗਸਤ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਸੂਬਾ ਸਰਕਾਰ ਦਾ ਮੁੱਖ ਅਤੇ ਮੁੱਢਲਾ ਟੀਚਾ ਰਾਜ ਦੇ ਨਾਗਰਿਕਾਂ ਨੂੰ ਸੁਖਾਲੀ, ਸੁਰੱਖਿਅਤ ਅਤੇ ਬਿਨਾਂ ਕਿਸੇ ਰੁਕਾਵਟ ਦੇ ਆਵਾਜਾਈ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਸੜਕਾਂ ਦੇ ਨਿਰਮਾਣ, ਚੌੜਾ ਕਰਨ ਅਤੇ ਮੁਰੰਮਤ ਦੇ ਸਾਰੇ ਕੰਮ ਨਿਰਧਾਰਤ ਸਮੇਂ-ਸੀਮਾ ਦੇ ਅੰਦਰ ਪੂਰੇ ਕੀਤੇ ਜਾਣ। ਸੜਕਾਂ ਦੀ ਗੁਣਵੱਤਾ ਅਤੇ ਨਿਰਮਾਣ ਕੰਮ ਦੀ ਰਫ਼ਤਾਰ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਕੋਤਾਹੀ ਨਾ ਵਰਤੀ ਜਾਵੇ।

ਮੁੱਖ ਮੰਤਰੀ ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਵਿਖੇ 10 ਪ੍ਰਮੁੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਸਾਲ 2025-26 ਦੇ ਰੋਡ ਵਰਕਸ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਪੀ.ਡਬਲਯੂ.ਡੀ., ਐਚ.ਐਸ.ਏ.ਐਮ.ਬੀ., ਪੰਚਾਇਤ ਵਿਭਾਗ, ਐਫ.ਐਮ.ਡੀ.ਏ., ਜੀ.ਐਮ.ਡੀ.ਏ., ਐਸ.ਐਮ.ਡੀ.ਏ., ਪੀ.ਐਮ.ਡੀ.ਏ., ਐਚ.ਐਸ.ਵੀ.ਪੀ., ਐਚ.ਐਸ.ਆਈ.ਆਈ.ਡੀ.ਸੀ. ਅਤੇ ਯੂ.ਐੱਲ.ਬੀ.ਏ. ਦੇ ਅਧਿਕਾਰੀ ਸ਼ਾਮਲ ਹੋਏ।

‘ਮਾਰ੍ਹੀ ਸੜਕ’ ਐਪ ਦੀਆਂ ਸ਼ਿਕਾਇਤਾਂ ‘ਤੇ ਤੁਰੰਤ ਹੋਵੇ ਕਾਰਵਾਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ‘ਮਾਰ੍ਹੀ ਸੜਕ’ ਮੋਬਾਈਲ ਐਪ ਦੀ ਕਾਰਜਪ੍ਰਣਾਲੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਐਪ ‘ਤੇ ਆਮ ਲੋਕਾਂ ਵੱਲੋਂ ਦਰਜ ਕਰਵਾਈਆਂ ਜਾਣ ਵਾਲੀਆਂ ਸੜਕਾਂ ਦੇ ਟੋਇਆਂ ਅਤੇ ਨੁਕਸਾਨ ਨਾਲ ਸਬੰਧਤ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਸੜਕਾਂ ਦੇ ਟੋਏ ਤੁਰੰਤ ਭਰੇ ਜਾਣ ਅਤੇ ਕੀਤੇ ਗਏ ਮੁਰੰਮਤ ਦੇ ਕੰਮ ਦੀ ਰਿਪੋਰਟ ਲਾਜ਼ਮੀ ਤੌਰ ‘ਤੇ ਐਪ ‘ਤੇ ਅੱਪਲੋਡ ਕੀਤੀ ਜਾਵੇ। ਜੇਕਰ ਸ਼ਿਕਾਇਤਾਂ ਦੇ ਨਿਪਟਾਰੇ ਜਾਂ ਰਿਪੋਰਟਿੰਗ ਵਿੱਚ ਕਿਸੇ ਅਧਿਕਾਰੀ ਜਾਂ ਕਰਮਚਾਰੀ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ, ਤਾਂ ਉਸ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਸੜਕਾਂ ਦੀ ਮੈਪਿੰਗ ਅਤੇ ਲਾਪਰਵਾਹੀ ਵਰਤਣ ਵਾਲੇ ਠੇਕੇਦਾਰਾਂ ਤੇ ਹੋਵੇਗੀ ਕਾਰਵਾਈ

ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਅਤੇ ਸਬੰਧਤ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੀਆਂ ਸਾਰੀਆਂ ਸੜਕਾਂ ਦੀ ਮੈਪਿੰਗ ਯਕੀਨੀ ਬਣਾਈ ਜਾਵੇ, ਤਾਂ ਜੋ ਹਰ ਇੱਕ ਸੜਕ ਦੀ ਸਥਿਤੀ ਅਤੇ ਰੱਖ-ਰਖਾਅ ਦਾ ਸਹੀ ਰਿਕਾਰਡ ਉਪਲਬਧ ਰਹੇ। ਨਿਰਮਾਣ ਕੰਮਾਂ ਵਿੱਚ ਦੇਰੀ ਕਰਨ ਵਾਲੇ ਠੇਕੇਦਾਰਾਂ ‘ਤੇ ਸਖ਼ਤ ਰੁਖ਼ ਅਪਨਾਉਂਦਿਆਂ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਿਹੜੇ ਠੇਕੇਦਾਰ ਤੈਅ ਸਮੇਂ ‘ਤੇ ਕੰਮ ਪੂਰਾ ਨਹੀਂ ਕਰਨਗੇ, ਉਨ੍ਹਾਂ ‘ਤੇ ਜੁਰਮਾਨਾ ਲਗਾਇਆ ਜਾਵੇਗਾ, ਜੋ ਗੁਣਵੱਤਾ ਦੇ ਮਿਆਰਾਂ ਦੀ ਅਣਦੇਖੀ ਕਰਨਗੇ, ਉਨ੍ਹਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਵਾਈ ਜਾਵੇਗੀ ਅਤੇ ਉਨ੍ਹਾਂ ਨੂੰ ਬਲੈਕਲਿਸਟ ਕੀਤਾ ਜਾਵੇਗਾ।

ਰੇਲਵੇ ਓਵਰਬ੍ਰਿਜ ਅਤੇ ਉਦਯੋਗਿਕ ਖੇਤਰਾਂ ਦੀਆਂ ਸੜਕਾਂ ਵਿੱਚ ਤੇਜ਼ੀ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰੇਲਵੇ ਨਾਲ ਪ੍ਰਭਾਵਿਤ ਜਾਂ ਪੈਂਡਿੰਗ ਸਾਰੀਆਂ ਸੜਕ ਪ੍ਰੋਜੈਕਟਾਂ ਦੀ ਇੱਕ ਵਿਸਥਾਰ ਸੂਚੀ ਤਿਆਰ ਕੀਤੀ ਜਾਵੇ। ਇਸੇ ਦੇ ਆਧਾਰ ‘ਤੇ ਰੇਲਵੇ ਅਧਿਕਾਰੀਆਂ ਨਾਲ ਤਾਲਮੇਲ ਬਿਠਾ ਕੇ ਸਮੱਸਿਆਵਾਂ ਦਾ ਫੌਰੀ ਹੱਲ ਕੱਢਿਆ ਜਾਵੇ, ਤਾਂ ਜੋ ਰੇਲਵੇ ਓਵਰਬ੍ਰਿਜ (ਆਰ.ਓ.ਬੀ.) ਅਤੇ ਅੰਡਰਬ੍ਰਿਜ ਦੇ ਨਿਰਮਾਣ ਕੰਮ ਜਲਦੀ ਤੋਂ ਜਲਦੀ ਪੂਰੇ ਹੋ ਸਕਣ।

ਮੁੱਖ ਮੰਤਰੀ ਨੇ ਸੂਬੇ ਦੇ ਉਦਯੋਗਿਕ ਖੇਤਰਾਂ ਵਿੱਚ ਉੱਚ ਗੁਣਵੱਤਾ ਵਾਲੀਆਂ ਸੜਕਾਂ ਦੇ ਨਿਰਮਾਣ ‘ਤੇ ਖ਼ਾਸ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮਜ਼ਬੂਤ ਉਦਯੋਗਿਕ ਬੁਨਿਆਦੀ ਢਾਂਚੇ ਨਾਲ ਨਾ ਸਿਰਫ਼ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਆਵਾਜਾਈ ਵਿੱਚ ਆਸਾਨੀ ਹੋਵੇਗੀ, ਬਲਕਿ ਰਾਜ ਵਿੱਚ ਨਿਵੇਸ਼ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ।

ਵੈਕਲਪਿਕ ਤਕਨੀਕ: ਤਾਰਕੋਲ ਨਾ ਮਿਲੇ ਤਾਂ ਬਣਾਓ ਸੀਮੈਂਟਡ ਸੜਕਾਂ

ਸੜਕ ਨਿਰਮਾਣ ਸਮੱਗਰੀ ਦੀ ਉਪਲਬਧਤਾ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਵਿਕਾਸ ਕੰਮਾਂ ਲਈ ਸਮੇਂ ਸਿਰ ਤਾਰਕੋਲ (ਬਿਟੂਮੈਨ) ਦੀ ਸਪਲਾਈ ਵਿੱਚ ਰੁਕਾਵਟ ਆ ਰਹੀ ਹੈ, ਤਾਂ ਕੰਮ ਨੂੰ ਰੋਕਣ ਦੀ ਬਜਾਏ ਸੜਕਾਂ ਦਾ ਨਿਰਮਾਣ ਸੀਮੈਂਟਡ (ਸੀ.ਸੀ. ਰੋਡ) ਕਰਵਾਇਆ ਜਾਵੇ। ਵਿਕਾਸ ਦੀ ਰਫ਼ਤਾਰ ਕਿਸੇ ਵੀ ਸਥਿਤੀ ਵਿੱਚ ਹੌਲੀ ਨਹੀਂ ਹੋਣੀ ਚਾਹੀਦੀ।

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਗੁਪਤਾ, ਲੋਕ ਨਿਰਮਾਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ.ਕੇ. ਸਿੰਘ, ਸਿੰਜਾਈ ਅਤੇ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਜੇਂਦਰ ਸਿੰਘ, ਮੁੱਖ ਮੰਤਰੀ ਦੇ ਤਕਨੀਕੀ ਸਲਾਹਕਾਰ ਸ੍ਰੀ ਰਾਜੀਵ ਯਾਦਵ ਅਤੇ ਹੋਰ ਅਧਿਕਾਰੀ ਮੌਜੂਦ ਸਨ।