Wednesday, November 25Malwa News
Shadow

ਅਧਿਕਾਰੀ ਮੁੱਖ ਮੰਤਰੀ ਦੀਆਂ ਐਲਾਨਾਂ ਨੂੰ ਪੂਰਾ ਕਰਨ ਵਿੱਚ ਤੇਜ਼ੀ ਲਿਆਉਣ – ਨਾਇਬ ਸਿੰਘ ਸੈਣੀ

ਚੰਡੀਗੜ੍ਹ, 25 ਨਵੰਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਰੈਲੀਆਂ ਅਤੇ ਹੋਰ ਪ੍ਰੋਗਰਾਮਾਂ ਦੌਰਾਨ ਕੀਤੇ ਗਏ ਮੁੱਖ ਮੰਤਰੀ ਦੇ ਐਲਾਨਾਂ ਤਹਿਤ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਨਿਰਧਾਰਤ ਸਮਾਂ ਸੀਮਾ ਅੰਦਰ ਮੁਕੰਮਲ ਕਰਵਾਏ ਜਾਣ, ਤਾਂ ਜੋ ਜਨਤਾ ਨੂੰ ਇਨ੍ਹਾਂ ਦਾ ਢੁਕਵਾਂ ਲਾਭ ਮਿਲ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੁੱਖ ਮੰਤਰੀ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਸੰਤ ਕਬੀਰ ਕੁਟੀਰ ਵਿਖੇ ਮੁੱਖ ਮੰਤਰੀ ਦੇ ਐਲਾਨਾਂ ਦੇ ਅਮਲ ਅਤੇ ਪ੍ਰਗਤੀ ਸਬੰਧੀ ਕਰਵਾਈ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ, ਮਾਲ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਵਿਪੁਲ ਗੋਇਲ, ਸਹਿਕਾਰਤਾ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ, ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਸ਼ਰੁਤੀ ਚੌਧਰੀ ਅਤੇ ਖੇਡ ਮੰਤਰੀ ਸ੍ਰੀ ਗੌਰਵ ਗੌਤਮ ਸਮੇਤ ਕਈ ਵਿਧਾਇਕ ਮੌਜੂਦ ਰਹੇ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਐਲਾਨਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਸਬੰਧਤ ਵਿਭਾਗਾਂ ਅਤੇ ਵਿਧਾਇਕਾਂ ਵਿਚਕਾਰ ਬਿਹਤਰ ਤਾਲਮੇਲ ਬੇਹੱਦ ਮਹੱਤਵਪੂਰਨ ਹੈ। ਇਸੇ ਉਦੇਸ਼ ਨਾਲ ਵਿਧਾਇਕਾਂ ਦੇ ਨਾਲ ਐਲਾਨਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ, ਤਾਂ ਜੋ ਪੈਡਿੰਗ ਵਿਕਾਸ ਕਾਰਜਾਂ ਦੀ ਅਸਲ ਸਥਿਤੀ ਦਾ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਲਾਗੂ ਕਰਨ ਵਿੱਚ ਆ ਰਹੀਆਂ ਰੁਕਾਵਟਾਂ ਦਾ ਹੱਲ ਯਕੀਨੀ ਬਣਾਇਆ ਜਾ ਸਕੇ।

ਹੁਣ ਤੱਕ ਕੀਤੇ ਗਏ 7988 ਐਲਾਨਾਂ ਵਿੱਚੋਂ 5743 ਪੂਰੇ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਦੌਰਿਆਂ ਦੌਰਾਨ ਹੁਣ ਤੱਕ ਕੁੱਲ 7988 ਐਲਾਨ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 5743 ਐਲਾਨਾਂ ਨਾਲ ਸਬੰਧਤ ਕੰਮ ਪੂਰੇ ਕੀਤੇ ਜਾ ਚੁੱਕੇ ਹਨ, ਜਦਕਿ 1101 ’ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ, 805 ਐਲਾਨ ਲੰਬਿਤ ਹਨ ਅਤੇ 339 ਐਲਾਨਾਂ ਨੂੰ ਲਾਗੂ ਕਰਨ ਦੇ ਪੱਖੋਂ ਅਵਿਵਹਾਰਕ (ਨਾਟ ਫਿਜ਼ੀਬਲ) ਪਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਿਆਂ ਵਿੱਚ ਕਰਵਾਈਆਂ ਜਾਣ ਵਾਲੀਆਂ ਰੈਲੀਆਂ ਦੌਰਾਨ ਕੀਤੇ ਜਾਣ ਵਾਲੇ ਐਲਾਨਾਂ ਲਈ ਪਹਿਲਾਂ ਹੀ ਸਬੰਧਤ ਵਿਭਾਗਾਂ ਤੋਂ ਉਨ੍ਹਾਂ ਦੀ ਵਿਹਾਰਕਤਾ ਸਬੰਧੀ ਸਹਿਮਤੀ ਲੈ ਲਈ ਜਾਂਦੀ ਹੈ। ਇਸ ਦੇ ਬਾਵਜੂਦ ਜੇਕਰ ਜ਼ਮੀਨ ਦੀ ਅਣਉਪਲਬਧਤਾ ਸਮੇਤ ਕਿਸੇ ਹੋਰ ਕਾਰਨ ਕਰਕੇ ਐਲਾਨ ਨੂੰ ਲਾਗੂ ਕਰਨਾ ਸੰਭਵ ਨਹੀਂ ਹੋ ਪਾਉਂਦਾ ਤਾਂ ਇਹ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਵਿਧਾਇਕਾਂ ਨੂੰ ਕਿਹਾ ਕਿ ਉਹ ਪੈਡਿੰਗ ਐਲਾਨਾਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਸਬੰਧਤ ਵਿਭਾਗਾਂ ਨਾਲ ਮਿਲ ਕੇ ਇਨ੍ਹਾਂ ਨੂੰ ਲਾਗੂ ਕਰਨ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਵਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦਿਨੀਂ ਵੱਖ-ਵੱਖ ਵਿਭਾਗਾਂ ਦੇ ਬਜਟ ਅਤੇ ਖਰਚਿਆਂ ਦੀ ਵੀ ਸਮੀਖਿਆ ਕੀਤੀ ਗਈ ਸੀ, ਤਾਂ ਜੋ ਉਪਲਬਧ ਵਿੱਤੀ ਸਰੋਤਾਂ ਦੀ ਢੁਕਵੀਂ ਵਰਤੋਂ ਕਰਦਿਆਂ ਵਿਕਾਸ ਪ੍ਰੋਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾ ਸਕੇ ਅਤੇ ਅਲਾਟ ਕੀਤੇ ਬਜਟ ਦੀ ਨਿਰਧਾਰਤ ਸਮੇਂ ਅੰਦਰ ਸੁਚੱਜੀ ਵਰਤੋਂ ਯਕੀਨੀ ਬਣਾਈ ਜਾ ਸਕੇ।

ਰਾਊਂਡ ਟੇਬਲ ਚਰਚਾਵਾਂ ਵਿੱਚ ਵਿਭਾਗਵਾਰ ਹੋਈ ਐਲਾਨਾਂ ਦੀ ਸਮੀਖਿਆ

ਮੀਟਿੰਗ ਤੋਂ ਬਾਅਦ 17 ਮੇਜ਼ਾਂ ’ਤੇ ਵਿਭਾਗਵਾਰ ਰਾਉਂਡ ਟੇਬਲ ਚਰਚਾਵਾਂ ਕਰਵਾਈਆਂ ਗਈਆਂ। ਇਸ ਦੌਰਾਨ ਵਿਧਾਇਕਾਂ ਨੇ ਸੀਨੀਅਰ ਅਧਿਕਾਰੀਆਂ ਨਾਲ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਮੁੱਖ ਮੰਤਰੀ ਦੇ ਐਲਾਨਾਂ ਦੀ ਮੌਜੂਦਾ ਸਥਿਤੀ, ਉਨ੍ਹਾਂ ਨੂੰ ਲਾਗੂ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ ਅਤੇ ਅਗਲੀ ਲੋੜੀਂਦੀ ਕਾਰਵਾਈ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਨ੍ਹਾਂ ਚਰਚਾਵਾਂ ਦੌਰਾਨ ਲਏ ਗਏ ਫੈਸਲਿਆਂ ਅਤੇ ਨਿਰਧਾਰਤ ਕਾਰਜ-ਬਿੰਦੂਆਂ ਨੂੰ ਵਿਭਾਗਵਾਰ ਇਕੱਠਾ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ’ਤੇ ਪ੍ਰਭਾਵਸ਼ਾਲੀ ਕਾਰਵਾਈ ਅਤੇ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾ ਸਕੇ।

ਮੀਟਿੰਗ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਡਾ. ਸੁਮਿਤਾ ਮਿਸ਼ਰਾ, ਸ੍ਰੀਮਤੀ ਜੀ. ਅਨੁਪਮਾ, ਸ੍ਰੀ ਅਨੁਰਾਗ ਅਗਰਵਾਲ, ਸ੍ਰੀ ਵਿਜੇਂਦਰ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੁਦ ਰਹੇ।