
ਹੁਸ਼ਿਆਰਪੁਰ, 14 ਅਕਤੂਬਰ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐੱਸ.ਐੱਸ.ਪੀ. ਸੰਦੀਪ ਕੁਮਾਰ ਮਲਿਕ ਨੇ ਜ਼ਿਲ੍ਹੇ ਵਿੱਚ ਨਸ਼ਾ ਪ੍ਰਭਾਵਿਤ ਵਜੋਂ ਚਿੰਨ੍ਹਿਤ ਹੌਟਸਪੌਟ ਖੇਤਰਾਂ ਵਿੱਚ ਸੁਧਾਰ ਲਿਆਉਣ ਅਤੇ ਨਸ਼ੇ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਹਰੇਕ ਹੌਟਸਪੌਟ ਦੀ ਅਸਲ ਸਥਿਤੀ, ਸਥਾਨਕ ਸਮੱਸਿਆਵਾਂ ਅਤੇ ਚੁਣੌਤੀਆਂ ਦਾ ਵਿਸਥਾਰਪੂਰਵਕ ਮੁਲਾਂਕਣ ਕਰਦਿਆਂ ਅਗਲੇ 60 ਦਿਨਾਂ ਲਈ ਠੋਸ, ਵਿਹਾਰਕ ਅਤੇ ਨਤੀਜਾਮੁਖੀ ਕਾਰਜਯੋਜਨਾ ਤਿਆਰ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਸੁਧਾਰ ਲਈ ਸਿਰਫ਼ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੀ ਕਾਫ਼ੀ ਨਹੀਂ ਹੈ, ਸਗੋਂ ਹਰੇਕ ਖੇਤਰ ਦੀਆਂ ਵਿਸ਼ੇਸ਼ ਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਨਵੇਂ ਅਤੇ ਵਾਧੂ ਉਪਰਾਲੇ ਕਰਨਾ ਵੀ ਜ਼ਰੂਰੀ ਹੈ। ਉਨ੍ਹਾਂ ਸਬੰਧਤ ਨੋਡਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਸਟਰੀਟ ਲਾਈਟਾਂ ਦੀ ਵਿਵਸਥਾ ਅਤੇ ਖੇਤਰ ਦੇ ਸੁੰਦਰੀਕਰਨ ਵਰਗੇ ਜ਼ਰੂਰੀ ਕੰਮਾਂ ਦੇ ਨਾਲ-ਨਾਲ ਨਸ਼ੇ ਦੀ ਸਮੱਸਿਆ ਦੇ ਹੱਲ ਲਈ ਪ੍ਰਭਾਵਸ਼ਾਲੀ ਅਤੇ ਵਿਹਾਰਕ ਕਦਮ ਵੀ ਮਾਈਕ੍ਰੋਪਲਾਨ ਵਿੱਚ ਸ਼ਾਮਲ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਹਰੇਕ ਹੌਟਸਪੌਟ ਲਈ ਤਿਆਰ ਕੀਤੀ ਜਾਣ ਵਾਲੀ ਕਾਰਜਯੋਜਨਾ ਵਿੱਚ ਅਗਲੇ 60 ਦਿਨਾਂ ਦੌਰਾਨ ਕੀਤੇ ਜਾਣ ਵਾਲੇ ਕੰਮਾਂ, ਪ੍ਰਸਤਾਵਿਤ ਉਪਰਾਲਿਆਂ ਅਤੇ ਉਮੀਦ ਕੀਤੇ ਜਾਣ ਵਾਲੇ ਨਤੀਜਿਆਂ ਦਾ ਸਪੱਸ਼ਟ ਜ਼ਿਕਰ ਹੋਣਾ ਚਾਹੀਦਾ ਹੈ।
ਐੱਸ.ਐੱਸ.ਪੀ. ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਉਣ ਲਈ ਹਰੇਕ ਹੌਟਸਪੌਟ ਦੀ ਸੰਵੇਦਨਸ਼ੀਲਤਾ ਅਤੇ ਸਥਾਨਕ ਸਥਿਤੀਆਂ ਦੇ ਅਨੁਸਾਰ ਰਣਨੀਤੀ ਤਿਆਰ ਕਰਨੀ ਜ਼ਰੂਰੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਸ਼ੇ ਨਾਲ ਜੁੜੀਆਂ ਗਤੀਵਿਧੀਆਂ ਦੀ ਰੋਕਥਾਮ, ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਅਤੇ ਲੋੜੀਂਦੀ ਕਾਰਵਾਈ ਲਈ ਸਪੱਸ਼ਟ ਅਤੇ ਵਿਹਾਰਕ ਉਪਾਅ ਪ੍ਰਸਤਾਵਿਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਯਤਨਾਂ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਬੰਧਤ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਅਤੇ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਯਕੀਨੀ ਬਣਾਈ ਜਾਣੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਸਹੀ ਜਾਣਕਾਰੀ, ਖੇਤਰ ਅਨੁਸਾਰ ਕਾਰਜਯੋਜਨਾ, ਵਿਭਾਗੀ ਤਾਲਮੇਲ ਅਤੇ ਸਮਾਂਬੱਧ ਕਾਰਵਾਈ ਬਹੁਤ ਮਹੱਤਵਪੂਰਨ ਹਨ। ਸਾਰੇ ਸਬੰਧਤ ਅਧਿਕਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਗੰਭੀਰਤਾ ਨਾਲ ਨਿਭਾਉਣ ਅਤੇ ਨਿਰਧਾਰਤ ਸਮਾਂ-ਸੀਮਾ ਅੰਦਰ ਕਾਰਜਯੋਜਨਾਵਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ, ਤਾਂ ਜੋ ਚਿੰਨ੍ਹਿਤ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਯੋਜਨਾਬੱਧ ਢੰਗ ਨਾਲ ਪ੍ਰਭਾਵਸ਼ਾਲੀ ਸੁਧਾਰ ਲਿਆਂਦਾ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ, ਓ.ਐੱਸ.ਡੀ. (ਸ਼ਹਿਰੀ ਮਾਮਲੇ) ਓਏਸ਼ੀ ਮੰਡਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।