ਅੰਮ੍ਰਿਤਸਰ, 15 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ ਅਤੇ ਸੂਬੇ ਤੇ ਇੱਥੋਂ ਦੇ ਵਾਸੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਅੱਗੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਇਹ ਅਰਦਾਸ ਵੀ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਅੱਜ ਦੇ ਪਦਾਰਥਵਾਦੀ ਸਮਾਜ ਵਿੱਚ ਵੀ ਓਨੀਆਂ ਹੀ ਪ੍ਰਸੰਗਿਕ ਹਨ।
ਭਗਵੰਤ ਸਿੰਘ ਮਾਨ ਨੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਸੰਗਤਾਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਕ ਮਹਾਨ ਅਧਿਆਤਮਕ ਦੂਤ ਸਨ ਜਿਨ੍ਹਾਂ ਨੇ ਪ੍ਰਮਾਤਮਾ ਪ੍ਰਤੀ ਸ਼ਰਧਾ ਤੇ ਸਮਰਪਣ ਦੇ ਫਲਸਫੇ ਅਤੇ ਪਾਸਾਰ ਰਾਹੀਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ| ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਹਿਮ-ਭਰਮ ਤੋਂ ਮੁਕਤ ਜਾਤ ਰਹਿਤ ਸਮਾਜ ਦੀ ਪਰਿਕਲਪਨਾ ਕੀਤੀ ਜਿਸ ਨਾਲ ਵੇਦਨਾ ਤੋਂ ਪੀੜਤ ਮਨੁੱਖਤਾ ਦਾ ਕਲਿਆਣ ਹੋਇਆ| ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਉਦੇਸ਼ਾਂ ਅਤੇ ਟੀਚਿਆਂ ਪ੍ਰਤੀ ਪ੍ਰੇਰਿਤ ਕੀਤਾ ਅਤੇ ਇਸ ਨੂੰ ਜਾਤੀ ਅਧਾਰਿਤ ਵੈਰ-ਵਿਰੋਧ, ਝੂਠ-ਫਰੇਬ, ਦਿਖਾਵਾ ਅਤੇ ਪਾਖੰਡਬਾਜ਼ੀ ਦੀਆਂ ਅਲਾਮਤਾ ਤੋਂ ਛੁਟਕਾਰਾ ਪਾਉਣ ਦਾ ਸੱਦਾ ਦਿੱਤਾ|
ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਅਤੇ ਨਿਮਰਤਾ ਦੇ ਦਿਖਾਏ ਮਾਰਗ ਉਤੇ ਚੱਲਣ ਅਤੇ ਗੁਰੂ ਸਾਹਿਬ ਜੀ ਦੀਆਂ ਮਹਾਨ ਸਿੱਖਿਆਵਾਂ ਦੇ ਮੁਤਾਬਕ ਸ਼ਾਂਤਮਈ, ਖੁਸ਼ਹਾਲ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ| ਉਨ੍ਹਾਂ ਨੇ ਗੁਰਪੁਰਬ ਦੇ ਪਵਿੱਤਰ ਮੌਕੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਸ਼ਰਧਾ ਤੇ ਸਮਰਪਣ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ, ਜਿਨ੍ਹਾਂ ਨੂੰ ਸੰਸਾਰ ਭਰ ਵਿੱਚ ਜਗਤ ਗੁਰੂ ਵਜੋਂ ਸਤਿਕਾਰਿਆ ਜਾਂਦਾ ਹੈ, ਨੇ ਆਪਣੀਆਂ ਉਦਾਸੀਆਂ ਰਾਹੀਂ ਲੋਕਾਂ ਨੂੰ ਸਦਭਾਵਨਾ ਅਤੇ ਭਾਈਚਾਰਕ ਸਾਂਝ ਦਾ ਪਾਠ ਪੜ੍ਹਾਇਆ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਮੁਗਲ ਬਾਦਸ਼ਾਹ ਬਾਬਰ ਦੇ ਹਮਲੇ ਦੌਰਾਨ ਜ਼ੁਲਮ, ਅਨਿਆਂ ਅਤੇ ਅੱਤਿਆਚਾਰ ਦਾ ਡਟ ਕੇ ਵਿਰੋਧ ਕੀਤਾ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬ ਜੀ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ ਨੂੰ ਪਿਤਾ ਨਾਲ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਉਸ ਸਮੇਂ ਜਦੋਂ ਪ੍ਰਦੂਸ਼ਣ ਦਾ ਕਿਤੇ ਨਾਮੋ-ਨਿਸ਼ਾਨ ਵੀ ਨਹੀਂ ਸੀ, ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਦਾ ਪਾਠ ਪੜ੍ਹਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਨੇ ਨਾਰੀ ਸਸ਼ਕਤੀਕਰਨ ਅਤੇ ਸਮਾਜ ਵਿੱਚ ਔਰਤਾਂ ਨੂੰ ਬਰਾਬਰ ਦਾ ਦਰਜਾ ਦਿਵਾਉਣ ਲਈ ਵੀ ਆਵਾਜ਼ ਬੁਲੰਦ ਕੀਤੀ।