Friday, May 22Malwa News
Shadow

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੇ ਨਿਰਦੇਸ਼ਾਂ ‘ਤੇ ਅਧਿਕਾਰੀਆਂ ਵੱਲੋਂ ਪੋਲਿੰਗ ਬੂਥਾਂ ਦਾ ਨਿਰੀਖਣ

ਮਾਨਸਾ, 22 ਮਈ: 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੈ। ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਦੀਆਂ ਸਖ਼ਤ ਹਦਾਇਤਾਂ ਅਨੁਸਾਰ, ਸਮੂਹ ਰਿਟਰਨਿੰਗ ਅਫ਼ਸਰਾਂ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਉੱਥੇ ਕੀਤੇ ਗਏ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ।

ਉਪ ਮੰਡਲ ਮੈਜਿਸਟਰੇਟ ਮਾਨਸਾ ਬਲਜੀਤ ਕੌਰ ਨੇ ਮਾਨਸਾ ਨਗਰ ਕੌਂਸਲ ਅਧੀਨ ਅਤੇ ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗਗਨਦੀਪ ਸਿੰਘ ਨੇ ਨਗਰ ਕੌਂਸਲ ਬੁਢਲਾਡਾ ਅਧੀਨ ਆਉਂਦੇ ਪੋਲਿੰਗ ਬੂਥਾਂ ਦਾ ਦੌਰਾ ਕਰਨ ਉਪਰੰਤ ਦਸਿਆ ਕਿ ਇਸ ਦੌਰੇ ਦਾ ਮੁੱਖ ਮਕਸਦ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸਹੂਲਤਾਂ ਦੀ ਮੌਜੂਦਗੀ ਨੂੰ ਚੈੱਕ ਕਰਨਾ ਸੀ। ਚੈਕਿੰਗ ਦੌਰਾਨ ਦਿਵਿਆਂਗ ਅਤੇ ਬਜ਼ੁਰਗ ਵੋਟਰਾਂ ਲਈ ਰੈਂਪ ਦੀ ਸਹੂਲਤ, ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਪੁਖ਼ਤਾ ਛਾਂ ਅਤੇ ਸਾਫ਼ ਪੀਣ ਵਾਲੇ ਪਾਣੀ ਦੇ ਪ੍ਰਬੰਧ, ਬਿਜਲੀ ਅਤੇ ਸਾਫ਼-ਸਫ਼ਾਈ ਦੀ ਵਿਵਸਥਾ ਨੂੰ ਦੇਖਿਆ ਗਿਆ।

ਜ਼ਿਲ੍ਹਾ ਚੋਣ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਨਿਰੀਖਣ ਟੀਮਾਂ ਨੇ ਸਬੰਧਤ ਇਮਾਰਤਾਂ ਦੇ ਇੰਚਾਰਜ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਉਹ ਚੋਣਾਂ ਤੋਂ ਪਹਿਲਾਂ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰ ਲੈਣ। ਉਨ੍ਹਾਂ ਕਿਹਾ ਕਿ ਡਿਊਟੀ ‘ਤੇ ਤਾਇਨਾਤ ਹੋਣ ਵਾਲੀਆਂ ਪੋਲਿੰਗ ਪਾਰਟੀਆਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ 26 ਮਈ ਨੂੰ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਸ਼ਾਂਤੀਪੂਰਵਕ ਤਰੀਕੇ ਨਾਲ ਵੋਟ ਪਾਉਣ ਲਈ ਅੱਗੇ ਆਉਣ।-