ਚੰਡੀਗੜ੍ਹ, 4 ਦਸੰਬਰ : ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਵਿਚ ਰਹਿ ਰਹੇ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਇਸ ਲਈ ਹੁਣ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਰ ਮਹੀਨੇ ਦੇ ਪਹਿਲੇ ਹਫਤੇ ਆਨਲਾਈਨ ਮਿਲਣੀ ਕੀਤੀ ਜਾਇਆ ਕਰੇਗੀ।
ਐਨ ਆਰ ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅਗਲੇ ਮਹੀਨੇ ਦੀ ਆਨ ਲਾਈਨ ਮੀਟਿੰਗ 6 ਜਨਵਰੀ 2025 ਨੂੰ ਹੋਵੇਗੀ। ਇਸ ਮਿਲਣੀ ਵਿਚ ਐਨ ਆਰ ਆਈ ਪੰਜਾਬੀ ਆਪਣੀਆਂ ਸ਼ਿਕਾਇਤਾਂ ਆਨਲਾਈਨ ਹੀ ਦੇ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਜਿਆਦਾ ਸ਼ਿਕਾਇਤਾਂ ਮਾਲ ਵਿਭਾਗ ਅਤੇ ਪੁਲੀਸ ਵਿਭਾਗ ਨਾਲ ਹੀ ਸਬੰਧਿਤ ਹੁੰਦੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਸਾਰੇ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਪੁਲੀਸ ਮੁਖੀਆਂ ਨੂੰ ਵੀ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ ਕਿ ਐਨ ਆਰ ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇ। ਇਸ ਸਬੰਧੀ ਪਹਿਲਾਂ ਹੀ ਜਿਲਾ ਪੱਧਰ ‘ਤੇ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਜਿਲਾ ਪੱਧਰ ‘ਤੇ ਮਸਲੇ ਹੱਲ ਕਰਨ ਦੀ ਕੋਸ਼ਿਸ਼ ਕਰਦੀਆਂ ਹਨ।