Friday, September 11Malwa News
Shadow

ਵਪਾਰੀਆਂ ਦੀ ਸਹੂਲਤ ਲਈ ਸੀਵਰੇਜ, ਬਿਜਲੀ, ਸਫ਼ਾਈ ਤੇ ਟਰੈਫਿਕ ਪ੍ਰਬੰਧਾਂ ਵਿੱਚ ਸੁਧਾਰ ਦੇ ਆਦੇਸ਼

ਮਾਲੇਰਕੋਟਲਾ, 01 ਸਤੰਬਰ -ਜ਼ਿਲ੍ਹੇ ਵਿੱਚ ਵਪਾਰਕ ਗਤੀਵਿਧੀਆਂ ਲਈ ਸੁਖਾਵਾਂ ਮਾਹੌਲ ਯਕੀਨੀ ਬਣਾਉਣ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਵਪਾਰੀਆਂ ਵੱਲੋਂ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ, ਸਫ਼ਾਈ, ਸੀਵਰੇਜ, ਬਿਜਲੀ, ਟਰੈਫਿਕ ਅਤੇ ਹੋਰ ਜਨਤਕ ਸੁਵਿਧਾਵਾਂ ਨਾਲ ਸਬੰਧਤ ਮਾਮਲੇ ਸਾਂਝੇ ਕੀਤੇ ਗਏ।
ਡਿਪਟੀ ਕਮਿਸ਼ਨਰ ਨੇ ਵਪਾਰੀਆਂ ਵੱਲੋਂ ਰੱਖੇ ਗਏ ਮਾਮਲਿਆਂ ’ਤੇ ਵਿਚਾਰ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸੀਵਰੇਜ ਪ੍ਰਬੰਧਨ ਵਿੱਚ ਸੁਧਾਰ ਲਿਆਉਣ, ਜਨਤਕ ਪਖਾਨਿਆਂ ਦੀ ਸਫ਼ਾਈ ਅਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਤੋਂ ਇਲਾਵਾ ਪਾਬੰਦੀਸ਼ੁਦਾ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਬਿਜਲੀ ਵਿਭਾਗ ਨੂੰ ਸ਼ਹਿਰ ਵਿੱਚ ਬੇਤਰਤੀਬ ਢੰਗ ਨਾਲ ਲਟਕ ਰਹੀਆਂ ਬਿਜਲੀ ਦੀਆਂ ਤਾਰਾਂ ਨੂੰ ਠੀਕ ਕਰਨ, ਬਿਜਲੀ ਦੀ ਸੁਚਾਰੂ ਸਪਲਾਈ ਅਤੇ ਸਟ੍ਰੀਟ ਲਾਈਟਾਂ ਦੀ ਨਿਰੰਤਰ ਕਾਰਜਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਕਿਹਾ। ਇਸੇ ਤਰ੍ਹਾਂ ਟਰੈਫਿਕ ਪੁਲਿਸ ਨੂੰ ਭੀੜ ਵਾਲੇ ਖੇਤਰਾਂ ਵਿੱਚ ਆਵਾਜਾਈ ਵਿਵਸਥਾ ਸੁਚਾਰੂ ਕਰਨ, ਜ਼ਰੂਰਤ ਮੁਤਾਬਕ ਵਨ-ਵੇ ਪ੍ਰਬੰਧ ਲਾਗੂ ਕਰਨ ਅਤੇ ਗੈਰ-ਕਾਨੂੰਨੀ ਪਾਰਕਿੰਗ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਉਣ ਲਈ ਕਿਹਾ ਗਿਆ।
ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਵਪਾਰ ਮੰਡਲ ਵੱਲੋਂ ਉਠਾਏ ਗਏ ਮਾਮਲਿਆਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਅਤੇ ਇਸ ਸਬੰਧੀ ਕਿਸੇ ਵੀ ਪੱਧਰ ’ਤੇ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਦੌਰਾਨ ਚੇਅਰਪਰਸਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਮਾਲੇਰਕੋਟਲਾ ਆਜਮ ਦਾਰਾ, ਚੇਅਰਪਰਸਨ ਅਮਰਗੜ੍ਹ ਅਸ਼ਵਨੀ ਕੁਮਾਰ, ਡੀ.ਐਸ.ਪੀ. ਮਾਨਵਜੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ ਚੰਦਰ ਪ੍ਰਕਾਸ਼ ਵਧਵਾ, ਕਾਰਜ ਸਾਧਕ ਅਫ਼ਸਰ ਅਮਰਗੜ੍ਹ/ਅਹਿਮਦਗੜ੍ਹ ਅਸ਼ੀਸ਼ ਕੁਮਾਰ, ਸਹਾਇਕ ਇੰਜੀਨੀਅਰ ਪੀ.ਐਸ.ਪੀ.ਸੀ.ਐਲ. ਮੁਹੰਮਦ ਇਸ਼ਹਾਕ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।