Wednesday, July 15Malwa News
Shadow

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 15 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ ਪੰਜਾਬ ਦੇ 3 ਲੱਖ ਤੋਂ ਵੱਧ ਸ਼ਰਧਾਲੂ ਦੇਸ਼ ਭਰ ਦੇ ਵੱਖ-ਵੱਖ ਪਵਿੱਤਰ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ।

ਇਸ ਪਹਿਲਕਦਮੀ ਦੇ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਯੋਜਨਾ ਨੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਸਬੰਧੀ ਪੰਜਾਬ ਦੇ ਨਾਗਰਿਕਾਂ ਦੇ ਅਧਿਆਤਮਕ ਸੁਪਨਿਆਂ ਨੂੰ ਅਮਲੀ ਰੂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਮਾਤਮਾ ਨਾਲ ਜੁੜਨਾ ਹੀ ਮਨੁੱਖੀ ਜੀਵਨ ਦਾ ਆਖਰੀ ਉਦੇਸ਼ ਹੈ ਅਤੇ ਇਹ ਪਹਿਲਕਦਮੀ ਪੰਜਾਬੀਆਂ ਲਈ ਪਰਮਾਤਮਾ ਦਾ ਆਸ਼ਿਰਵਾਦ ਪ੍ਰਾਪਤ ਕਰਨ ਦੇ ਇੱਕ ਅਹਿਮ ਜ਼ਰੀਏ ਵਜੋਂ ਕੰਮ ਕਰਦੀ ਹੈ।

ਸਪੀਕਰ ਸੰਧਵਾਂ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।” ਉਨ੍ਹਾਂ ਕਿਹਾ, “ਸ਼ਾਸ਼ਨ ਦਾ ਅਰਥ ਸਿਰਫ਼ ਸਰਕਾਰ ਚਲਾਉਣਾ ਨਹੀਂ ਹੈ, ਸਗੋਂ ਲੋਕਾਂ ਦੀਆਂ ਸੱਭਿਆਚਾਰਕ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਨੂੰ ਉੱਚਾ ਚੁੱਕਣ ਬਾਰੇ ਵੀ ਹੈ।”

ਸਪੀਕਰ ਸੰਧਵਾਂ ਨੇ ਕਿਹਾ ਕਿ ਹੁਣ ਤੱਕ ਕੁੱਲ 304784 ਸ਼ਰਧਾਲੂ 7390 ਯਾਤਰਾਵਾਂ ਦਾ ਲਾਭ ਲੈ ਚੁੱਕੇ ਹਨ, ਜੋ ਕਿ ਵਿਆਪਕ ਪਹੁੰਚ ਨੂੰ ਦਰਸਾਉਂਦਾ ਹੈ। ਇਹ ਪਹਿਲ ਬਜ਼ੁਰਗਾਂ (50 ਸਾਲ ਅਤੇ ਇਸ ਤੋਂ ਵੱਧ ਉਮਰ) ਲਈ ਇੱਕ ਵਰਦਾਨ ਸਾਬਤ ਹੋ ਰਹੀ ਹੈ ਜੋ ਪਹਿਲਾਂ ਇਹਨਾਂ ਪਵਿੱਤਰ ਯਾਤਰਾਵਾਂ ਦਾ ਖਰਚਾ ਨਹੀਂ ਚੁੱਕ ਸਕਦੇ ਸਨ। ਇਹ ਯੋਜਨਾ ਪੂਰੀ ਤਰ੍ਹਾਂ ਮੁਫਤ ਹੈ ਅਤੇ ਇਸ ਯੋਜਨਾ ਦਾ ਲਾਭ ਹਰੇਕ ਜਾਤੀ, ਧਰਮ ਜਾਂ ਖਿੱਤੇ ਦੇ ਸ਼ਰਧਾਲੂ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ 95 ਡੀਲਕਸ ਏਅਰ-ਕੰਡੀਸ਼ਨਡ ਬੱਸਾਂ ਦਾ ਇੱਕ ਬੇੜਾ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਸ਼ਰਧਾਲੂਆਂ ਨੂੰ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਉਨ੍ਹਾਂ ਦੇ ਘਰਾਂ ਤੋਂ ਸਿੱਧੇ ਵੱਖ-ਵੱਖ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਂਦੀਆਂ ਹਨ। ਇਸ ਯੋਜਨਾ ਤਹਿਤ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ ਅਤੇ ਪਾਰਟੀਸ਼ਨ ਮਿਊਜ਼ੀਅਮ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਆਲੇ ਦੁਆਲੇ ਦੇ ਧਾਰਮਿਕ ਸਥਾਨਾਂ ਸਮੇਤ ਵੱਖ-ਵੱਖ ਪਵਿੱਤਰ ਸਥਾਨਾਂ ਦੀ ਯਾਤਰਾ ਕਰ ਸਕਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਯਾਤਰਾ, ਰਿਹਾਇਸ਼, ਭੋਜਨ, ਡਾਕਟਰੀ ਸਹਾਇਤਾ ਅਤੇ ਜ਼ਰੂਰੀ ਕਿੱਟਾਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ।