
ਅੰਮ੍ਰਿਤਸਰ, 7 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਅੰਮ੍ਰਿਤਸਰ ਸ਼ਹਿਰ ਦੇ ਮਾਲ ਵਿਭਾਗ ਦੇ ਕੋਟ ਖਾਲਸਾ ਵਿੱਚ ਤੈਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਵਿਰੁੱਧ ਇਹ ਕਾਰਵਾਈ ਅੰਮ੍ਰਿਤਸਰ ਦੇ ਨਿਊ ਮੋਹਨੀ ਪਾਰਕ ਵਾਸੀ ਪਰਮਜੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਪਟਵਾਰੀ ਰਵੀ ਪ੍ਰਕਾਸ਼ ਨੇ ਉਸਦੇ ਕਰਜ਼ੇ ਦੀ ਰਕਮ ਨੂੰ ਸਹੀ ਕਰਨ ਦੇ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤ ਅਨੁਸਾਰ, ਮਾਲ ਰਿਕਾਰਡ ਵਿੱਚ ਉਸਦੇ ਅਸਲੀ ਕਰਜ਼ੇ 9 ਲੱਖ ਰੁਪਏ ਦੀ ਬਜਾਏ ਗਲਤੀ ਨਾਲ 90 ਲੱਖ ਰੁਪਏ ਦਰਜ ਕਰ ਦਿੱਤੇ ਗਏ ਸਨ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ। ਇਸ ਦੌਰਾਨ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜਿਆ ਗਿਆ। ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਅੰਮ੍ਰਿਤਸਰ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਨਿਵਾਰਣ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਕੱਲ੍ਹ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਦੀ ਅੱਗੇ ਜਾਂਚ ਜਾਰੀ ਹੈ।