Friday, March 6Malwa News
Shadow

ਪੀ.ਏ.ਯੂ.–ਕੇ.ਵੀ.ਕੇ. ਵੱਲੋਂ ਪਰਾਲੀ ਪ੍ਰਬੰਧਨ ਤਕਨੀਕਾਂ ਦੀ ਸਫਲ ਵਰਤੋਂ ਸਬੰਧੀ ਖੇਤ ਦਿਵਸ ਆਯੋਜਿਤ

ਸ੍ਰੀ ਮੁਕਤਸਰ ਸਾਹਿਬ, 06 ਮਾਰਚ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਪ੍ਰਬੰਧਨ (CRM) ਤਕਨੀਕਾਂ ਦੀ ਸਫਲ ਵਰਤੋਂ ਸੰਬੰਧੀ ਖੇਤ ਦਿਵਸ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਲੰਬੀ ਬਲਾਕ ਦੇ ਪਿੰਡ ਭਾਗੂ ਦੇ ਲਗਭਗ 120 ਕਿਸਾਨਾਂ ਨੇ ਭਾਗ ਲਿਆ ਅਤੇ ਵਿਗਿਆਨੀਆਂ ਨਾਲ ਆਧੁਨਿਕ ਖੇਤੀ ਤਕਨੀਕਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।

ਇਸ ਮੌਕੇ ਡਾ. ਕਰਮਜੀਤ ਸ਼ਰਮਾ ਐਸੋਸੀਏਟ ਡਾਇਰੈਕਟਰ ਕੇ.ਵੀ.ਕੇ. ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਫਸਲੀ ਰਹਿੰਦ-ਖੁੰਹਦ ਪ੍ਰਬੰਧਨ ਤਕਨੀਕਾਂ ਦੀ ਵਾਤਾਵਰਣ ਸੁਰੱਖਿਆ ਵਿੱਚ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕੇ.ਵੀ.ਕੇ. ਵੱਲੋਂ ਕਿਸਾਨਾਂ ਲਈ ਵੱਖ-ਵੱਖ ਸਿਖਲਾਈ ਪ੍ਰੋਗਰਾਮ, ਪ੍ਰਦਰਸ਼ਨੀਆਂ, ਬੀਜ਼ ਅਤੇ ਨਵੀਆਂ ਖੇਤੀ ਤਕਨੀਕਾਂ ਦੇ ਪਸਾਰ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਡਾ. ਸ਼ਰਮਾ ਨੇ ਪਰਿਵਾਰ ਦੀ ਸਿਹਤ ਅਤੇ ਪੋਸ਼ਣ ਨੂੰ ਸੁਧਾਰਨ ਲਈ ਫ਼ਲਾਂ ਅਤੇ ਸਬਜ਼ੀਆਂ ਦੀ ਘਰੇਲੂ ਬਗ਼ੀਚੀ ਦੇ ਮਾਡਲਾਂ ਨੂੰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ।

ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਨਾਲ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਦੌਰਾਨ ਕਿਸਾਨਾਂ ਦੀਆਂ ਮੁਸ਼ਕਿਲਾਂ ਵਿੱਚ ਬਹੁਤ ਕਮੀ ਆਈ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਬੀਜਾਂ ਦੀ ਘੱਟ ਜੰਮ ਅਤੇ ਗੁਲਾਬੀ ਸੁੰਡੀ ਵਰਗੇ ਕੀੜਿਆਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਸਹੀ ਢੰਗ ਨਾਲ ਪਰਾਲੀ ਪ੍ਰਬੰਧਨ ਦੀਆਂ ਸਿਫ਼ਾਰਸ਼ਾਂ ਨੂੰ ਅਪਣਾਉਣ ਨਾਲ ਇਸ ਸਾਲ ਇਹ ਸਮੱਸਿਆਵਾਂ ਕਾਫੀ ਹੱਦ ਤੱਕ ਘੱਟ ਹੋਈਆਂ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਝੋਨੇ ਦੀ ਪਰਾਲੀ ਦਾ ਸਹੀ ਪ੍ਰਬੰਧਨ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ, ਨਮੀ ਸੰਭਾਲਣ ਅਤੇ ਨਦੀਨ ਪ੍ਰਬੰਧਨ ਵਿੱਚ ਮਦਦਗਾਰ ਸਾਬਤ ਹੁੰਦਾ ਹੈ, ਜਿਸ ਨਾਲ ਫਸਲ ਦੇ ਝਾੜ ਵਿੱਚ ਵੀ ਵਾਧਾ ਹੁੰਦਾ ਹੈ।

ਇਸ ਦੌਰਾਨ ਡਾ. ਵਿਵੇਕ ਸ਼ਰਮਾ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਆਉਣ ਵਾਲੇ ਗਰਮੀ ਦੇ ਮੌਸਮ ਵਿੱਚ ਡੇਅਰੀ ਪਸ਼ੂਆਂ ਦੇ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪਸ਼ੂਆਂ ਦੀ ਸਿਹਤ ਅਤੇ ਉਤਪਾਦਕਤਾ ਬਣਾਈ ਰੱਖਣ ਲਈ ਉੱਚ ਗੁਣਵੱਤਾ ਵਾਲੇ ਚਾਰੇ ਅਤੇ ਸਾਫ਼ ਪੀਣ ਵਾਲੇ ਪਾਣੀ ਦੀ ਉਪਲਬਧਤਾ ਦੀ ਮਹੱਤਤਾ ਬਾਰੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਆਮ ਬਿਮਾਰੀਆਂ ਦੇ ਲੱਛਣ, ਰੋਕਥਾਮ ਅਤੇ ਇਲਾਜ ਬਾਰੇ ਵੀ ਕਿਸਾਨਾਂ ਨੂੰ ਜਾਣੂ ਕਰਵਾਇਆ।

ਪ੍ਰੋਗਰਾਮ ਦੌਰਾਨ ਕਿਸਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਵੱਖ-ਵੱਖ ਖੇਤੀ ਅਤੇ ਪਸ਼ੂਪਾਲਨ ਨਾਲ ਸੰਬੰਧਿਤ ਆਪਣੇ ਸਵਾਲਾਂ ਦੇ ਜਵਾਬ ਵਿਗਿਆਨੀਆਂ ਤੋਂ ਪ੍ਰਾਪਤ ਕੀਤੇ। ਇਸ ਮੌਕੇ ਕਿਸਾਨਾਂ ਨੂੰ ਘਰੇਲੂ ਬਗ਼ੀਚੀ ਨੂੰ ਉਤਸ਼ਾਹਿਤ ਕਰਨ ਲਈ ਸਬਜ਼ੀਆਂ ਦੀਆਂ ਬੀਜ ਕਿੱਟਾਂ ਵੀ ਵੰਡੀਆਂ ਗਈਆਂ, ਤਾਂ ਜੋ ਘਰੇਲੂ ਪੱਧਰ ’ਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕੀਤਾ ਜਾ ਸਕੇ।