Thursday, June 25Malwa News
Shadow

ਪੀ.ਏ.ਯੂ.-ਕੇ.ਵੀ.ਕੇ., ਵੱਲੋਂ ਨਾਬਾਰਡ ਦੇ ਸਹਿਯੋਗ ਨਾਲ ਐੱਫ਼.ਪੀ.ਓਜ਼. ਲਈ ਵਿਸ਼ੇਸ਼ ਸਿਖਲਾਈ ਕੈਂਪ ਦਾ ਆਯੋਜਨ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 25 ਜੂਨ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਐਸੋਸੀਏਟ ਡਾਇਰੈਕਟਰ ਡਾ. ਕਰਮਜੀਤ ਸ਼ਰਮਾ ਦੀ ਯੋਗ ਅਗਵਾਈ ਹੇਠ ਨਾਬਾਰਡ ਦੇ ਸਹਿਯੋਗ ਨਾਲ ‘ਖੇਤ ਬਚਾਓ ਅਭਿਆਨ’ ਤਹਿਤ ਪਿੰਡ ਆਸਾ ਬੁੱਟਰ ਵਿੱਚ ਕਿਸਾਨ ਉਤਪਾਦਕ ਸੰਗਠਨਾਂ (ਐੱਫ਼.ਪੀ.ਓਜ਼.) ਲਈ ਇੱਕ ਵਿਸ਼ੇਸ਼ ਸਿਖਲਾਈ ਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

ਕੈਂਪ ਦੌਰਾਨ ਡਾ. ਮਨਜੀਤ ਕੌਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਲਈ ਮਿੱਟੀ ਅਤੇ ਪਾਣੀ ਦੀ ਪਰਖ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਲ ਦਰ ਸਾਲ ਇੱਕੋ ਫਸਲ ਉਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਜਾਂਦੀ ਹੈ, ਇਸ ਲਈ ਮਿੱਟੀ ਦੀ ਜਾਂਚ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਜੈਵਿਕ ਖਾਦਾਂ ਦੀ ਵਰਤੋਂ ਨਾਲ ਮਿੱਟੀ ਦੀ ਸਿਹਤ ਸੁਧਾਰ ਬਾਰੇ ਵੀ ਕਿਸਾਨਾਂ ਨਾਲ ਗੱਲਬਾਤ ਕੀਤੀ।

ਇਸ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਸਾਉਣੀ ਦੀਆਂ ਫ਼ਸਲਾਂ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ, ਖਾਦਾਂ ਦੀ ਘਾਟ ਸਮੇਂ ਬਦਲਵੇਂ ਵਿਕਲਪ, ਸੂਖਮ ਪੋਸ਼ਕ ਤੱਤਾਂ ਦੀ ਮਹੱਤਤਾ ਅਤੇ ਸਾਉਣੀ ਦੀਆਂ ਫ਼ਸਲਾਂ ਵਿੱਚ ਨਦੀਨਾਂ ਦੀ ਸਰਵਪੱਖੀ ਰੋਕਥਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਦੇ ਨਾਲ-ਨਾਲ ਉਹਨਾਂ ਨੇ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ ਅਤੇ ਝੋਨੇ ਵਿੱਚ ਮਧਰੇ ਰੋਗ ਦੀ ਸਹੀ ਸਮੇਂ ਤੇ ਸੁਚੱਜੀ ਰੋਕਥਾਮ ਦੇ ਢੰਗਾਂ ਬਾਰੇ ਵੀ ਚਾਨਣਾ ਪਾਇਆ।

ਐੱਸ.ਬੀ.ਆਈ. ਤੋਂ ਅਵਤਾਰ ਸਿੰਘ ਜੱਗਾ ਐੱਲ.ਡੀ.ਐੱਮ. ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਆਧੁਨਿਕ ਖੇਤੀ ਵਿੱਚ ਨਵੇਂ ਰਾਹ ਲੱਭਣ ਲਈ ਕਿਸਾਨਾਂ ਨੂੰ ਲਗਾਤਾਰ ਕੇ.ਵੀ.ਕੇ. ਦੇ ਮਾਹਿਰਾਂ ਨਾਲ ਸੰਪਰਕ ਵਿੱਚ ਰਹਿਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਖੇਤੀ ਅਤੇ ਖੇਤੀ ਸਹਾਇਕ ਧੰਦਿਆਂ ਵਿੱਚ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਵਿੱਤੀ ਸਹੂਲਤਾਂ ਬਾਰੇ ਵੀ ਗੱਲਬਾਤ ਕੀਤੀ।

ਨਾਬਾਰਡ ਦੇ ਡੀ.ਡੀ.ਐੱਮ. ਸੁਰੇਸ਼ ਕੁਮਾਰ ਨੇ ਨਾਬਾਰਡ ਵੱਲੋਂ ਕਿਸਾਨਾਂ ਲਈ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਗੱਲਬਾਤ ਕੀਤੀ ਅਤੇ ਕਿਸਾਨਾਂ ਨੂੰ ਇਹਨਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅਖੀਰ ਵਿੱਚ ਉਹਨਾਂ ਨੇ ਕੇ.ਵੀ.ਕੇ. ਟੀਮ, ਐੱਸ.ਬੀ.ਆਈ. ਦੇ ਅਧਿਕਾਰੀਆਂ, ਵੱਖ-ਵੱਖ ਐੱਫ.ਪੀ.ਓਜ਼ ਤੋਂ ਪਹੁੰਚੇ ਪ੍ਰਤੀਨਿਧੀਆਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦੌਰਾਨ ਕਿਸਾਨਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਖੇਤ ਪੱਧਰੀ ਸਮੱਸਿਆਵਾਂ ਸਬੰਧੀ ਆਪਣੇ ਸਵਾਲ ਵਿਗਿਆਨੀਆਂ ਸਾਹਮਣੇ ਰੱਖੇ, ਜਿਨ੍ਹਾਂ ਦੇ ਸੰਤੁਸ਼ਟੀਜਨਕ ਜਵਾਬ ਦਿੱਤੇ ਗਏ।