Friday, June 26Malwa News
Shadow

ਪਿੰਡ ਚਾਂਗਲੀ ਅਤੇ ਫਰਵਾਹੀ ਵਿਖੇ ਹੋਈ ‘ਲੋਕ ਮਿਲਣੀ

ਧੂਰੀ, 26 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਅਤੇ ਸਰਕਾਰੀ ਸੇਵਾਵਾਂ ਨੂੰ ਲੋਕਾਂ ਦੇ ਘਰ-ਦੁਆਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਹਲਕਾ ਧੂਰੀ ਦੇ ਪਿੰਡ ਚਾਂਗਲੀ ਅਤੇ ਫਰਵਾਹੀ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵ ਧਿਆਨ ਨਾਲ ਸੁਣੇ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਅਤੇ ਸਮਾਂਬੱਧ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ।

ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕਟਵਾਉਣ ਦੀ ਬਜਾਏ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਉਨ੍ਹਾਂ ਦੇ ਆਪਣੇ ਪਿੰਡਾਂ ਵਿੱਚ ਹੀ ਕਰਨਾ ਹੈ। ਉਨ੍ਹਾਂ ਕਿਹਾ ਕਿ ‘ਲੋਕ ਮਿਲਣੀ’ ਵਰਗੇ ਪ੍ਰੋਗਰਾਮਾਂ ਰਾਹੀਂ ਨਾ ਸਿਰਫ਼ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਹੋ ਰਿਹਾ ਹੈ, ਸਗੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਵੀ ਹੋਰ ਮਜ਼ਬੂਤੀ ਮਿਲ ਰਹੀ ਹੈ।

ਉਨ੍ਹਾਂ ਕਿਹਾ ਕਿ ਹਲਕਾ ਧੂਰੀ ਦੇ ਹਰ ਪਿੰਡ ਦਾ ਸਰਬਪੱਖੀ ਵਿਕਾਸ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਸੁਝਾਵ ਤੇ ਸਮੱਸਿਆਵਾਂ ਬੇਝਿਜਕ ਸਾਂਝੀਆਂ ਕਰਨ, ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਹਰਜਿੰਦਰ ਸਿੰਘ ਕਾਂਝਲਾਂ (ਜ਼ਿਲ੍ਹਾ ਪ੍ਰੀਸ਼ਦ ਮੈਂਬਰ), ਪੁਸ਼ਪਿੰਦਰ ਸ਼ਰਮਾ, ਜਗਤਾਰ ਸਿੰਘ ਬਾਗੜੀ, ਪਿੰਡ ਚਾਂਗਲੀ ਅਤੇ ਫਰਵਾਹੀ ਦੀਆਂ ਸਮੂਹ ਪੰਚਾਇਤਾਂ, ਪੰਚ, ਪਤਵੰਤੇ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।