Tuesday, November 5Malwa News
Shadow

ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲੇ ਪੰਜ ਪੁਲੀਸ ਅਧਿਕਾਰੀ ਸਸਪੈਂਡ

ਜਲੰਧਰ : ਲੋਕਾਂ ਨੂੰ ਖੱਜਲ ਖੁਆਰ ਕਰਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਾ ਕਰਨ ਦੇ ਦੋਸ਼ਾਂ ਅਧੀਨ ਜਲੰਧਰ ਰੂਰਲ ਪੁਲੀਸ ਦੇ ਪੰਜ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਐਸ ਐਸ ਪੀ ਹਰਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਖਿਲਾਫ ਲੋਕਾਂ ਦੀਆਂ ਸ਼ਿਕਾਇਤਾਂ ਆ ਰਹੀਆਂ ਸਨ। ਇਸ ਲਈ ਇਨ੍ਹਾਂ ਪੰਜ ਅਧਿਕਾਰੀਆਂ ਨੂੰ ਸਸਪੈਂਡ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਸਾਫ ਸੁਥਰਾ ਪ੍ਰਬੰਧ ਮੁਹਈਆ ਕਰਵਾਉਣ ਲਈ ਲਗਾਤਾਰ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਪੁਲੀਸ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਦੇ ਨਾਲ ਨਾਲ ਮੁੱਖ ਮੰਤਰੀ ਵਲੋਂ ਕਈ ਵਾਰ ਖੁਦ ਵਾਰਨਿੰਗ ਵੀ ਦਿੱਤੀ ਜਾ ਚੁੱਕੀ ਹੈ। ਪਰ ਫਿਰ ਵੀ ਕਈ ਅਧਿਕਾਰੀਆਂ ਦੇ ਕੰਨਾਂ ‘ਤੇ ਅਜੇ ਤੱਕ ਜੂੰ ਨਹੀਂ ਸਰਕੀ। ਆਮ ਲੋਕਾਂ ਵਲੋਂ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਹਨ ਕਿ ਕਈ ਦਫਤਰਾਂ ਵਿਚ ਅਜੇ ਵੀ ਪਹਿਲਾਂ ਵਾਂਗ ਹੀ ਲੋਕਾਂ ਦੀ ਖੱਜਲ ਖੁਆਰੀ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਨਹੀਂ ਕੀਤਾ ਜਾਂਦਾ। ਕਈ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਤਾਂ ਅਜੇ ਵੀ ਦਫਤਰਾਂ ਵਿਚ ਭਰਿਸ਼ਟਾਚਾਰ ਕੀਤਾ ਜਾ ਰਿਹਾ ਹੈ। ਇਸ ਲਈ ਅਜਿਹੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਨੱਥ ਪਾਉਣ ਲਈ ਹੁਣ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਜ਼ੀਲੈਂਸ ਨੂੰ ਵੀ ਸਰਗਰਮ ਕੀਤਾ ਹੈ ਅਤੇ ਉੱਚ ਅਧਿਕਾਰੀਆਂ ਨੂੰ ਵੀ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਐਸ ਐਸ ਪੀ ਨੇ ਦੱਸਿਆ ਕਿ ਸਸਪੈਂਡ ਕੀਤੇ ਗਏ ਅਧਿਕਾਰੀਆਂ ਵਿਚ ਏ ਐਸ ਆਈ ਅਵਤਾਰ ਸਿੰਘ, ਕਾਂਸਟੇਬਲ ਬਿਕਰਮਜੀਤ ਸਿੰਘ, ਹੌਲਦਾਰ ਭੁਪਿੰਦਰ ਸਿੰਘ, ਕਾਂਸਟੇਬਲ ਅਰਨਪ੍ਰੀਤ ਸਿੰਘ ਅਤੇ ਏ ਐਸ ਆਈ ਜਸਵਿੰਦਰ ਸਿੰਘ ਸ਼ਾਮਲ ਹਨ। ਜਿਲਾ ਪੁਲੀਸ ਨੇ ਇਨ੍ਹਾਂ ਅਧਿਕਾਰੀਆਂ ਨੂੰ ਸਸਪੈਂਡ ਕਰਕੇ ਦੋਸ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।