Saturday, March 22Malwa News
Shadow

ਪੁਲੀਸ ਨੇ 12ਵੇਂ ਦਿਨ ਫੜ੍ਹੇ 118 ਨਸ਼ਾ ਤਸਕਰ : 543 ਛਾਪੇ

ਚੰਡੀਗੜ੍ਹ, 12 ਮਾਰਚ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 12ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਅੱਜ 543 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ ਜਿਸ ਦੌਰਾਨ 71 ਐਫਆਈਆਰ ਦਰਜ ਕਰਕੇ 118 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ 12 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 1658 ਹੋ ਗਈ ਹੈ। ਪੁਲਿਸ ਟੀਮਾਂ ਨੇ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 994 ਗ੍ਰਾਮ ਹੈਰੋਇਨ, 4633 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 1.47 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 102 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਗਈ ਹੈ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 659 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਤੱਕ ਜਾਰੀ ਰਹਿਣਗੇ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀਅਡਿਕਸ਼ਨ’ ਹਿੱਸੇ ਵਜੋਂ 19 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ, ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 154 ਜਾਗਰੂਕਤਾ ਸਮਾਗਮ ਕਰਵਾਏ ਗਏ। ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਫ਼ਤਹਿਗੜ੍ਹ ਸਾਹਿਬ, ਕਮਿਸ਼ਨਰੇਟ ਪੁਲਿਸ ਲੁਧਿਆਣਾ, ਲੁਧਿਆਣਾ ਦਿਹਾਤੀ, ਖੰਨਾ ਅਤੇ ਮਲੇਰਕੋਟਲਾ ਸਮੇਤ ਪੰਜ ਜ਼ਿਲ੍ਹਿਆਂ ਵਿੱਚ 281 ਮੈਡੀਕਲ ਦੁਕਾਨਾਂ ਦਾ ਨਿਰੀਖਣ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕਿਸੇ ਵੀ ਹੋਰ ਨਸ਼ੀਲੇ ਪਦਾਰਥ ਦੀ ਵਿਕਰੀ ਨਾ ਕਰਦੇ ਹੋਣ ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਣ।

Basmati Rice Advertisment