
ਚੰਡੀਗੜ੍ਹ, 27 ਮਈ – ਹਰਿਆਣਾ ਦੇ ਊਰਜਾ ਮੰਤਰੀ ਸ਼੍ਰੀ ਅਨਿਲ ਵਿੱਜ ਨੇ ਅੱਜ ਪੰਚਕੂਲਾ ਸਥਿਤ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਦੇ ਕਾਲ ਸੈਂਟਰ ਦਾ ਅਚਾਨਕ ਨਿਰੀਖਣ ਕਰਕੇ ਬਿਜਲੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਣਾਲੀ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਉਨ੍ਹਾਂ ਨੇ ਕਾਲ ਸੈਂਟਰ ਵਿੱਚ ਆਉਣ ਵਾਲੀਆਂ ਸ਼ਿਕਾਇਤ ਕਾਲਾਂ, ਉਨ੍ਹਾਂ ਦੇ ਹੱਲ ਦੀ ਪ੍ਰਕਿਰਿਆ ਅਤੇ ਖਪਤਕਾਰਾਂ ਨੂੰ ਦਿੱਤੇ ਜਾ ਰਹੇ ਰਿਸਪਾਂਸ ਦੀ ਵਿਸਤਾਰ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਉੱਥੇ ਮੌਜੂਦ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਕਾਰਜਪ੍ਰਣਾਲੀ ਦੀ ਜਾਣਕਾਰੀ ਵੀ ਲਈ।
ਅਚਾਨਕ ਨਿਰੀਖਣ ਤੋਂ ਬਾਅਦ ਮੀਡੀਆ ਪਰਸਨਸ ਨਾਲ ਗੱਲਬਾਤ ਕਰਦੇ ਹੋਏ ਊਰਜਾ ਮੰਤਰੀ ਸ਼੍ਰੀ ਅਨਿਲ ਵਿੱਜ ਨੇ ਕਿਹਾ ਕਿ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਅਤੇ ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਵੱਲੋਂ ਬਿਜਲੀ ਖਪਤਕਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ 1912 ਕਾਲ ਸੈਂਟਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖਪਤਕਾਰ ਨੂੰ ਬਿਜਲੀ ਸਪਲਾਈ ਜਾਂ ਬਿਲਿੰਗ ਸਬੰਧੀ ਕੋਈ ਸਮੱਸਿਆ ਆਉਂਦੀ ਹੈ, ਤਾਂ ਉਹ ਸਿੱਧੇ ਕਰਮਚਾਰੀਆਂ ਨੂੰ ਫੋਨ ਕਰਨ ਦੀ ਬਜਾਏ 1912 ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਕਰਵਾਉਣ, ਤਾਂ ਜੋ ਸ਼ਿਕਾਇਤਾਂ ਦੀ ਨਿਗਰਾਨੀ (ਮਾਨੀਟਰਿੰਗ) ਪਾਰਦਰਸ਼ੀ ਢੰਗ ਨਾਲ ਹੋ ਸਕੇ ਅਤੇ ਖਪਤਕਾਰਾਂ ਤੇ ਕਰਮਚਾਰੀਆਂ ਵਿਚਕਾਰ ਕਿਸੇ ਕਿਸਮ ਦੀ ਅਸਹੂਲਤ ਜਾਂ ਵਿਵਾਦ ਦੀ ਸਥਿਤੀ ਪੈਦਾ ਨਾ ਹੋਵੇ।
ਸ਼੍ਰੀ ਵਿੱਜ ਨੇ ਦੱਸਿਆ ਕਿ ਪੰਚਕੂਲਾ ਸਥਿਤ ਇਸ ਕਾਲ ਸੈਂਟਰ ਵਿੱਚ ਲਗਭਗ 250 ਕਰਮਚਾਰੀ 24 ਘੰਟੇ ਕਾਰਜਸ਼ੀਲ ਰਹਿੰਦੇ ਹਨ ਅਤੇ ਬਿਜਲੀ ਨਾਲ ਸਬੰਧਤ ਸ਼ਿਕਾਇਤਾਂ ਨੂੰ ਲਗਾਤਾਰ ਅਟੈਂਡ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਖੁਦ ਇਹ ਦੇਖਣ ਲਈ ਇੱਥੇ ਪਹੁੰਚੇ ਹਨ ਕਿ ਸ਼ਿਕਾਇਤਾਂ ਦਾ ਨਿਪਟਾਰਾ ਮਿੱਥੇ ਸਮੇਂ ਅੰਦਰ ਅਤੇ ਪ੍ਰਭਾਵੀ ਢੰਗ ਨਾਲ ਹੋ ਰਿਹਾ ਹੈ ਜਾਂ ਨਹੀਂ। ਨਿਰੀਖਣ ਦੌਰਾਨ ਉਨ੍ਹਾਂ ਕਈ ਖਪਤਕਾਰਾਂ ਨਾਲ ਸਿੱਧੇ ਫੋਨ ‘ਤੇ ਗੱਲਬਾਤ ਕਰਕੇ ਸ਼ਿਕਾਇਤ ਦੇ ਹੱਲ ਦੀ ਸਥਿਤੀ ਬਾਰੇ ਜਾਣਕਾਰੀ ਲਈ। ਕੁਝ ਖਪਤਕਾਰਾਂ ਨੇ ਹੱਲ ‘ਤੇ ਸੰਤੁਸ਼ਟੀ ਪ੍ਰਗਟਾਈ, ਜਦੋਂ ਕਿ ਕੁਝ ਮਾਮਲਿਆਂ ਵਿੱਚ ਲੋੜੀਂਦਾ ਰਿਸਪਾਂਸ ਨਾ ਮਿਲਣ ਦੀ ਗੱਲ ਸਾਹਮਣੇ ਆਈ, ਜਿਸ ‘ਤੇ ਉਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ।
ਊਰਜਾ ਮੰਤਰੀ ਨੇ ਕਿਹਾ ਕਿ ਵਿਭਾਗੀ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਸ਼ਹਿਰੀ ਖੇਤਰਾਂ ਵਿੱਚ ਬਿਜਲੀ ਸਬੰਧੀ ਸ਼ਿਕਾਇਤਾਂ ਦਾ ਹੱਲ ਵੱਧ ਤੋਂ ਵੱਧ ਦੋ ਘੰਟਿਆਂ ਦੇ ਅੰਦਰ ਅਤੇ ਪੇਂਡੂ ਖੇਤਰਾਂ ਵਿੱਚ ਚਾਰ ਘੰਟਿਆਂ ਦੇ ਅੰਦਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਅੱਜ ਕਾਲ ਸੈਂਟਰ ਵਿੱਚ ਲਗਭਗ 2500 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ ਅੱਧੀਆਂ ਸ਼ਿਕਾਇਤਾਂ ਦਾ ਹੱਲ ਕੀਤਾ ਜਾ ਚੁੱਕਾ ਹੈ, ਜਦੋਂ ਕਿ ਬਾਕੀ ਸ਼ਿਕਾਇਤਾਂ ‘ਤੇ ਤੇਜ਼ੀ ਨਾਲ ਕੰਮ ਜਾਰੀ ਹੈ।
ਮੋਰਨੀ ਖੇਤਰ ਦੀ ਇੱਕ ਸ਼ਿਕਾਇਤ ਦਾ ਜ਼ਿਕਰ ਕਰਦੇ ਹੋਏ ਸ਼੍ਰੀ ਵਿੱਜ ਨੇ ਦੱਸਿਆ ਕਿ ਉੱਥੇ ਪਿਛਲੇ ਦਿਨ ਤੋਂ ਬਿਜਲੀ ਸਪਲਾਈ ਠੱਪ ਸੀ। ਇਸ ਸਬੰਧ ਵਿੱਚ ਉਨ੍ਹਾਂ ਤੁਰੰਤ ਸਬੰਧਤ ਨਿਗਰਾਨ ਇੰਜੀਨੀਅਰ (ਸੁਪਰਡੈਂਟਿੰਗ ਇੰਜੀਨੀਅਰ) ਨਾਲ ਗੱਲਬਾਤ ਕਰਕੇ ਮੌਕੇ ‘ਤੇ ਸਟਾਫ ਭੇਜਣ ਅਤੇ ਜਲਦੀ ਬਿਜਲੀ ਬਹਾਲ ਕਰਨ ਦੇ ਨਿਰਦੇਸ਼ ਦਿੱਤੇ। ਇਸੇ ਤਰ੍ਹਾਂ ਰੋਹਤਕ ਖੇਤਰ ਵਿੱਚ ਵਧੇਰੇ ਸ਼ਿਕਾਇਤਾਂ ਮਿਲਣ ‘ਤੇ ਉਨ੍ਹਾਂ ਉੱਥੋਂ ਦੇ ਅਧਿਕਾਰੀਆਂ ਨੂੰ ਵੀ ਸ਼ਿਕਾਇਤਾਂ ਦੇ ਤੁਰੰਤ ਹੱਲ ਦੇ ਨਿਰਦੇਸ਼ ਦਿੱਤੇ।
ਸ਼੍ਰੀ ਵਿੱਜ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਆਪਣੇ ਮੋਬਾਈਲ ਫੋਨ ਤੋਂ ਵੀ ਕਾਲ ਸੈਂਟਰ ਵਿੱਚ ਇੱਕ ਸ਼ਿਕਾਇਤ ਦਰਜ ਕਰਕੇ ਇਸ ਦੀ ਕਾਰਜਪ੍ਰਣਾਲੀ ਦੀ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਕਾਲ ਸੈਂਟਰ ਵਿੱਚ ਵਾਧੂ ਕਰਮਚਾਰੀ ਵੀ ਤਾਇਨਾਤ ਕੀਤੇ ਜਾਣਗੇ ਤਾਂ ਜੋ ਬਿਜਲੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਹੋਰ ਤੇਜ਼ੀ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਹੱਲ ਯਕੀਨੀ ਬਣਾਇਆ ਜਾ ਸਕੇ।
ਅਚਾਨਕ ਨਿਰੀਖਣ ਦੌਰਾਨ ਊਰਜਾ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਿਜਲੀ ਖਪਤਕਾਰਾਂ ਨੂੰ ਕਿਸੇ ਵੀ ਕਿਸਮ ਦੀ ਅਸਹੂਲਤ ਨਹੀਂ ਹੋਣੀ ਚਾਹੀਦੀ ਅਤੇ ਸ਼ਿਕਾਇਤਾਂ ਦੇ ਹੱਲ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਜਵਾਬਦੇਹੀ ਤੈਅ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਖਪਤਕਾਰਾਂ ਨੂੰ ਬਿਹਤਰ, ਪਾਰਦਰਸ਼ੀ ਅਤੇ ਜਵਾਬਦੇਹ ਬਿਜਲੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।