Saturday, October 10Malwa News
Shadow

ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਲਈ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਪਿੰਡ ਸੋਲਖੀਆਂ ਵਿਖੇ ਲੋਕ ਮਿਲਣੀ

ਰੂਪਨਗਰ, 10 ਅਕਤੂਬਰ: ਪੰਜਾਬ ਨੂੰ ਨਸ਼ਿਆਂ ਦੀ ਗ੍ਰਿਫ਼ਤ ਵਿੱਚੋਂ ਬਾਹਰ ਕੱਢਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸੋਲਖੀਆਂ ਵਿਖੇ ਲੋਕ ਮਿਲਣੀ ਕੀਤੀ ਗਈ। ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਅਤੇ ਐੱਸਐੱਸਪੀ ਸ. ਮਨਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਇਸ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਨਸ਼ਿਆਂ ਦੀ ਸਮੱਸਿਆ, ਨਸ਼ਾ ਤਸਕਰੀ ਦੀ ਰੋਕਥਾਮ, ਨੌਜਵਾਨਾਂ ਨੂੰ ਖੇਡਾਂ ਅਤੇ ਰੁਜ਼ਗਾਰ ਨਾਲ ਜੋੜਨ ਅਤੇ ਪਿੰਡਾਂ ਵਿੱਚ ਸੁਰੱਖਿਅਤ ਤੇ ਸਿਹਤਮੰਦ ਮਾਹੌਲ ਸਿਰਜਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਪਰਕ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਕਿਸੇ ਪਿੰਡ ਨੂੰ ਨਸ਼ਿਆਂ ਦੀ ਸਮੱਸਿਆ ਵਾਲੇ ਖੇਤਰ ਵਜੋਂ ਚਿੰਨ੍ਹਿਤ ਕਰਨ ਦਾ ਇਹ ਅਰਥ ਨਹੀਂ ਕਿ ਉੱਥੋਂ ਦੇ ਸਾਰੇ ਵਸਨੀਕ ਇਸ ਸਮੱਸਿਆ ਨਾਲ ਜੁੜੇ ਹੋਏ ਹਨ। ਇਸ ਦਾ ਮਕਸਦ ਉਨ੍ਹਾਂ ਖੇਤਰਾਂ ਦੀ ਪਛਾਣ ਕਰਨਾ ਹੈ, ਜਿੱਥੇ ਵਧੇਰੇ ਧਿਆਨ ਦੇਣ ਅਤੇ ਸਾਂਝੇ ਯਤਨਾਂ ਦੀ ਲੋੜ ਹੈ।

ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਨਸ਼ਾ ਤਸਕਰੀ, ਨਸ਼ਿਆਂ ਦੀ ਵਰਤੋਂ ਜਾਂ ਕਿਸੇ ਹੋਰ ਸਮਾਜਿਕ ਸਮੱਸਿਆ ਬਾਰੇ ਜਾਣਕਾਰੀ ਹੈ ਅਤੇ ਉਸ ’ਤੇ ਕਾਰਵਾਈ ਨਹੀਂ ਹੋ ਰਹੀ ਤਾਂ ਉਹ ਸਿੱਧੇ ਡਿਪਟੀ ਕਮਿਸ਼ਨਰ ਜਾਂ ਐੱਸਐੱਸਪੀ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਗਈ ਸੂਚਨਾ ਦੇ ਆਧਾਰ ’ਤੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੀ ਲਤ ਵਿੱਚ ਫਸੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਪਣੀਆਂ ਸਮੱਸਿਆਵਾਂ ਖੁੱਲ੍ਹ ਕੇ ਪ੍ਰਸ਼ਾਸਨ ਨਾਲ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ। ਪ੍ਰਸ਼ਾਸਨ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਾਹਰ ਕੱਢ ਕੇ ਮੁੱਖ ਧਾਰਾ ਨਾਲ ਜੋੜਨਾ ਹੈ। ਇਸ ਲਈ ਇਲਾਜ, ਮੁੜ ਵਸੇਬੇ, ਹੁਨਰ ਸਿਖਲਾਈ ਅਤੇ ਰੁਜ਼ਗਾਰ ਦੇ ਮੌਕਿਆਂ ਨਾਲ ਸਬੰਧਤ ਸਹਾਇਤਾ ਉਪਲਬਧ ਕਰਵਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦੀ ਸਰਗਰਮ ਭਾਗੀਦਾਰੀ ਹੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ।

ਇਸ ਮੌਕੇ ਐੱਸਐੱਸਪੀ ਸ. ਮਨਿੰਦਰ ਸਿੰਘ ਨੇ ਕਿਹਾ ਕਿ ਨਸ਼ਾ ਤਸਕਰੀ ਵਿਰੁੱਧ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਬਾਰੇ ਪ੍ਰਾਪਤ ਹੋਣ ਵਾਲੀ ਸੂਚਨਾ ਦੇ ਆਧਾਰ ’ਤੇ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਨਸ਼ਾ ਵੇਚਣ ਜਾਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਸਬੰਧੀ ਕੋਈ ਜਾਣਕਾਰੀ ਆਉਂਦੀ ਹੈ ਤਾਂ ਉਹ ਬਿਨਾਂ ਕਿਸੇ ਡਰ ਦੇ ਪ੍ਰਸ਼ਾਸਨ ਅਤੇ ਪੁਲਿਸ ਨਾਲ ਸਾਂਝੀ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਬਣਦੀ ਕਾਰਵਾਈ ਕੀਤੀ ਜਾਵੇਗੀ।

ਐੱਸਐੱਸਪੀ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦਾ ਸਥਾਈ ਹੱਲ ਸਿਰਫ਼ ਪੁਲਿਸ ਕਾਰਵਾਈ ਨਾਲ ਸੰਭਵ ਨਹੀਂ, ਸਗੋਂ ਇਸ ਲਈ ਸਮੁੱਚੇ ਸਮਾਜ ਦਾ ਇਕਜੁੱਟ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੁਹਿੰਮ ਦਾ ਉਦੇਸ਼ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦਾ ਵਿਸ਼ਵਾਸ ਜਿੱਤਣਾ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਨਸ਼ਿਆਂ ਵਿਰੁੱਧ ਸਾਂਝੇ ਯਤਨਾਂ ਨੂੰ ਮਜ਼ਬੂਤ ਕਰਨਾ ਹੈ।

ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਅਜਿਹੀਆਂ ਥਾਵਾਂ ਦੀ ਪਛਾਣ ਕਰਨੀ ਵੀ ਜ਼ਰੂਰੀ ਹੈ, ਜਿੱਥੇ ਨਸ਼ਾ ਕਰਨ ਵਾਲੇ ਵਿਅਕਤੀ ਇਕੱਠੇ ਹੁੰਦੇ ਹਨ ਜਾਂ ਨਸ਼ਿਆਂ ਕਾਰਨ ਸਮਾਜਿਕ ਮਾਹੌਲ ਪ੍ਰਭਾਵਿਤ ਹੁੰਦਾ ਹੈ। ਅਜਿਹੀਆਂ ਥਾਵਾਂ ਦੀ ਸਫ਼ਾਈ ਅਤੇ ਸੁਧਾਰ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਢੁੱਕਵੇਂ ਕਦਮ ਚੁੱਕੇ ਜਾਣਗੇ, ਤਾਂ ਜੋ ਇਨ੍ਹਾਂ ਦੀ ਗ਼ਲਤ ਵਰਤੋਂ ਨੂੰ ਰੋਕਿਆ ਜਾ ਸਕੇ।

ਨਸ਼ਿਆਂ ਦੀ ਲਤ ਵਿੱਚ ਫਸੇ ਨੌਜਵਾਨਾਂ ਦੇ ਭਵਿੱਖ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਇਲਾਜ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਲਈ ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਵੀ ਲੋੜ ਹੈ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਹੋ ਕੇ ਸਨਮਾਨਜਨਕ ਜੀਵਨ ਬਤੀਤ ਕਰ ਸਕਣ।

ਇਸ ਮੌਕੇ ਪਿੰਡ ਭਗਵੰਤਪੁਰ ਦੇ ਸਰਪੰਚ ਸ. ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪਿੰਡਾਂ ਵਿੱਚ ਨਸ਼ਿਆਂ ਦੇ ਨਾਲ-ਨਾਲ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡਾਂ ਦੀਆਂ ਪੰਚਾਇਤਾਂ, ਸਰਪੰਚਾਂ ਅਤੇ ਹੋਰ ਮੋਹਤਬਰਾਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਪਿੰਡਾਂ ਦੇ ਮੁੱਖ ਦਾਖ਼ਲਾ ਮਾਰਗਾਂ ’ਤੇ ਸੀਸੀਟੀਵੀ ਕੈਮਰੇ ਲਗਾਉਣ ਅਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਵੱਲ ਧਿਆਨ ਦਿੱਤਾ ਜਾਵੇ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਮਾਪਿਆਂ ਅਤੇ ਅਧਿਆਪਕਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਸਕੂਲਾਂ ਵਿੱਚ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਇਲੈਕਟ੍ਰੀਕਲ ਕੰਮ, ਸੀਸੀਟੀਵੀ ਕੈਮਰੇ ਲਗਾਉਣ ਅਤੇ ਹੋਰ ਰੁਜ਼ਗਾਰਮੁਖੀ ਹੁਨਰ ਸਿੱਖਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਹੁਨਰਮੰਦ ਬਣ ਕੇ ਨੌਜਵਾਨ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਦੇ ਹਨ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਪਰਿਵਾਰ ਤੇ ਸਮਾਜ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਜਾਂ ਪੁਲਿਸ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਮਾਪੇ, ਅਧਿਆਪਕ, ਪੰਚਾਇਤੀ ਨੁਮਾਇੰਦੇ ਅਤੇ ਸਮਾਜਿਕ ਸੰਸਥਾ ਦਾ ਸਾਂਝਾ ਫ਼ਰਜ਼ ਹੈ। ਜੇਕਰ ਸਾਰੇ ਮਿਲ ਕੇ ਬੱਚਿਆਂ ਨੂੰ ਸਹੀ ਸੇਧ ਦੇਣ ਅਤੇ ਉਨ੍ਹਾਂ ਲਈ ਖੇਡਾਂ, ਸਿੱਖਿਆ ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਤਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਯਤਨ ਕੀਤੇ ਜਾ ਸਕਦੇ ਹਨ।

ਇਸ ਮੌਕੇ ਐੱਸਪੀ ਰੂਪਨਗਰ ਸ. ਜਸਪ੍ਰੀਤ ਸਿੰਘ, ਐੱਸਡੀਐੱਮ ਰੂਪਨਗਰ ਸ. ਜਸਪ੍ਰੀਤ ਸਿੰਘ, ਡੀਐੱਸਪੀ ਸ. ਦੀਪਇੰਦਰ ਸਿੰਘ, ਐੱਸਐੱਚਓ ਸ੍ਰੀ ਸੰਨੀ ਖੰਨਾ, ਐੱਸਐੱਚਓ ਸ. ਅਜੀਤ ਸਿੰਘ, ਹਲਕਾ ਕੋਆਰਡੀਨੇਟਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ, ਸ੍ਰੀ ਚਮਕੌਰ ਸਾਹਿਬ ਸ੍ਰੀ ਪਰਸ਼ੋਤਮ ਸਿੰਘ ਮਾਹਲ, ਸ. ਅਮਰ ਸਿੰਘ ਸੋਲਖੀਆਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।