Monday, August 31Malwa News
Shadow

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਧਿਕਾਰੀਆਂ ਤੇ ਵਲੰਟੀਅਰਾਂ ਨਾਲ ਸਮੀਖਿਆ ਮੀਟਿੰਗ

ਅੰਮ੍ਰਿਤਸਰ, 31 ਅਗਸਤ 2026: ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਸਰਕਾਰੀ ਮੈਡੀਕਲ ਕਾਲਜ ਦੇ ਸੈਮੀਨਾਰ ਹਾਲ ਵਿਖੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਡੀਸੀਪੀ ਜਸਕਰਨਜੀਤ ਸਿੰਘ ਤੇਜਾ ਐਸਐਸਪੀ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ, ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਜ਼ਮੀਨੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ, ਵੱਖ-ਵੱਖ ਖੇਤਰਾਂ ਵਿੱਚ ਦਰਪੇਸ਼ ਸਮੱਸਿਆਵਾਂ, ਪ੍ਰਾਪਤ ਸ਼ਿਕਾਇਤਾਂ ਅਤੇ ਸੁਝਾਵਾਂ ਤੋਂ ਇਲਾਵਾ ਨਸ਼ਿਆਂ ਦੀ ਰੋਕਥਾਮ ਲਈ ਪ੍ਰਸ਼ਾਸਨ, ਪੁਲਿਸ ਅਤੇ ਨਸ਼ਾ ਮੁਕਤੀ ਮੋਰਚਾ ਦਰਮਿਆਨ ਹੋਰ ਬਿਹਤਰ ਤਾਲਮੇਲ ਬਣਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦਾ ਮੁੱਖ ਫੋਕਸ ਜ਼ਮੀਨੀ ਪੱਧਰ ਤੋਂ ਫੀਡਬੈਕ ਪ੍ਰਾਪਤ ਕਰਕੇ ਸਮੱਸਿਆਵਾਂ ਦੀ ਪਛਾਣ, ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਅਤੇ ਸਪੱਸ਼ਟ ਕਾਰਜਯੋਗ ਨੁਕਤੇ ਤੈਅ ਕਰਨਾ ਰਿਹਾ।

ਇਸ ਮੌਕੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਕਾਰਗਰ ਅਤੇ ਸਫਲ ਬਣਾਉਣ ਲਈ ਇਸ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਮਿਲ ਕੇ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਵੱਲੋਂ ਪ੍ਰਾਪਤ ਹੋਣ ਵਾਲੀ ਫੀਡਬੈਕ ਦੇ ਆਧਾਰ ’ਤੇ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।

ਸ੍ਰੀ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਲਤ ਵਿੱਚ ਫਸੇ ਨੌਜਵਾਨਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢਣਾ ਵੀ ਸਰਕਾਰ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ।

ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਦੀ ਲਤ ਵਿੱਚ ਫਸੇ ਨੌਜਵਾਨਾਂ ਨੂੰ ਪ੍ਰੇਰਿਤ ਕਰਕੇ ਇਲਾਜ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦਾ ਯੋਗ ਇਲਾਜ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਕਰਨਾ ਅਤੇ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਮੀਟਿੰਗ ਦੌਰਾਨ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਲੋੜੀਂਦੇ ਸਹਿਯੋਗ ਅਤੇ ਆਪਸੀ ਤਾਲਮੇਲ ਨੂੰ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਇਸ ਤੋਂ ਇਲਾਵਾ ਪਿੰਡਾਂ ਅਤੇ ਵਾਰਡਾਂ ਦੇ ਪੱਧਰ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਸਬੰਧਤ ਵਿਭਾਗਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾ ਕੇ ਉਨ੍ਹਾਂ ਦੇ ਨਿਪਟਾਰੇ ਲਈ ਯੋਗ ਕਾਰਵਾਈ ਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਅਤੇ ਪੁਲਿਸ ਕਮਿਸ਼ਨਰ ਸ੍ਰੀ ਹਰਮਨਬੀਰ ਸਿੰਘ ਗਿੱਲ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਾਰੇ ਸਬੰਧਤ ਵਿਭਾਗਾਂ, ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ, ਕੋਆਰਡੀਨੇਟਰਾਂ ਅਤੇ ਨਸ਼ਾ ਮੁਕਤੀ ਮੋਰਚਾ ਦੇ ਨੁਮਾਇੰਦਿਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਤੋਂ ਮਿਲਣ ਵਾਲੀ ਫੀਡਬੈਕ ਦੇ ਆਧਾਰ ’ਤੇ ਲੋੜੀਂਦੀ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਮਾਝਾ ਜ਼ੋਨ ਦੇ ਇੰਚਾਰਜ ਸ੍ਰੀ ਦੀਕਸ਼ਤ ਧਵਨ ਨੇ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰ ਨਸ਼ਿਆਂ ਦੀ ਰੋਕਥਾਮ ਲਈ ਜ਼ਮੀਨੀ ਪੱਧਰ ’ਤੇ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੋਰਚੇ ਦੇ ਵਲੰਟੀਅਰਾਂ ਵੱਲੋਂ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਲਗਾਤਾਰ ਸੰਪਰਕ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਮੋਰਚਾ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਮੀਟਿੰਗ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਪ੍ਰਾਪਤ ਫੀਡਬੈਕ ’ਤੇ ਤੁਰੰਤ ਕਾਰਵਾਈ ਕਰਨ ਅਤੇ ਪ੍ਰਸ਼ਾਸਨ, ਪੁਲਿਸ ਤੇ ਨਸ਼ਾ ਮੁਕਤੀ ਮੋਰਚਾ ਵਿਚਕਾਰ ਤਾਲਮੇਲ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਅਗਲੀ ਕਾਰਵਾਈ ’ਤੇ ਵੀ ਵਿਚਾਰ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਪਲਵੀ ਮਿਸ਼ਰਾ, ਡੀ.ਸੀ.ਪੀ. ਸ੍ਰੀ ਜਸਕਰਨਜੀਤ ਸਿੰਘ ਤੇਜਾ, ਐਸ.ਡੀ.ਐਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ, ਐਸ.ਡੀ.ਐਮ. ਅੰਮ੍ਰਿਤਸਰ-2 ਸ੍ਰੀ ਗੁਰਮੰਦਰ ਸਿੰਘ, ਐਸਡੀਐਮ ਅਜਨਾਲਾ ਸ਼੍ਰੀਮਤੀ ਚਾਰੂਮਿਤਾ, ਐਸਡੀਐਮ ਮਜੀਠਾ ਸ੍ਰੀ ਰਜਨੀਸ਼ ਅਰੋੜਾ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰੇ ਕੋਆਰਡੀਨੇਟਰ ਅਤੇ ਹੋਰ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।