
ਚੰਡੀਗੜ੍ਹ, 25 ਫਰਵਰੀ : ਅੱਜ ਪੰਜਾਬ ਵਿਧਾਨ ਸਭਾ ਵਿਚ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਨਵੇਂ ਖੇਤੀਬਾੜੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਸਰਬਸੰਮਤੀ ਨਾਲ ਰੱਦ ਕਰ ਦਿੱਤਾ। ਵਿਧਾਨ ਸਭਾ ਸੈਸ਼ਨ ਵਿਚ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਦੇ ਇਸ ਖਰੜੇ ਖਿਲਾਫ ਮਤਾ ਪੇਸ਼ ਕੀਤਾ। ਇਹ ਮਤਾ ਵਿਧਾਨ ਸਭਾ ਦੇ ਸਾਰੇ ਮੈਂਬਰਾਂ ਨੇ ਸਰਵਸੰਮਤੀ ਨਾਲ ਪਾਸ ਕਰ ਦਿੱਤਾ। ਇਸ ਤਰਾਂ ਵਿਧਾਨ ਸਭਾ ਵਿਚ ਇਸ ਨਵੇਂ ਬਿੱਲ ਦੇ ਖਰੜੇ ਨੂੰ ਵਿਧਾਨਕ ਤੌਰ ‘ਤੇ ਪੰਜਾਬ ਨੇ ਰੱਦ ਕਰ ਦਿੱਤਾ ਹੈ।
ਵਿਧਾਨ ਸਭਾ ਵਿਚ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਹਮੇਸ਼ਾਂ ਪੰਜਾਬ ਨਾਲ ਵਿਤਕਰਾ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਵਲੋਂ ਹਮੇਸ਼ਾ ਪੰਜਾਬ ਦੇ ਕਿਸਾਨਾਂ ਦੇ ਖਿਲਾਫ ਫੈਸਲੇ ਕੀਤੇ ਜਾ ਰਹੇ ਹਨ। ਇਸ ਲਈ ਪੰਜਾਬ ਦੇ ਕਿਸਾਨਾਂ ਨਾਲ ਕਿਸੇ ਵੀ ਕਿਸਮ ਦੀ ਬੇਇਨਸਾਫੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।