ਚੰਡੀਗੜ੍ਹ, 28 ਦਸੰਬਰ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਾਅਵਾ ਕੀਤਾ ਹੈ ਕਿ ਸਾਲ 2024 ਦੌਰਾਨ ਜਿੰਨਾ ਫਾਇਦਾ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਨਾਲ ਹੋਇਆ ਹੈ, ਇਨ੍ਹਾਂ ਫਾਇਦਾ ਪਿਛਲੀ ਕਿਸੇ ਵੀ ਸਰਕਾਰ ਦੇ ਰਾਜ ਵਿਚ ਨਹੀਂ ਹੋਇਆ। ਉਨ੍ਹਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਗੰਨੇ ਦਾ ਭਾਅ ਇੰਨਾ ਵਧਾਅ ਦਿੱਤਾ ਗਿਆ ਹੈ ਕਿ ਇਸ ਵੇਲੇ ਪੰਜਾਬ ਵਿਚ ਗੰਨੇ ਦਾ ਰੇਟ ਦੇਸ਼ ਭਰ ਵਿਚੋਂ ਸਭ ਤੋਂ ਵੱਧ ਹੈ। ਇਸੇ ਤਰਾਂ ਕਿਸਾਨਾਂ ਨੂੰ ਫਸਲਾਂ ਦੇ ਬੀਜਾਂ ਲਈ ਸਹਾਇਤਾ ਮੋਟਰਾਂ ਲਈ ਮੁਫਤ ਬਿਜਲੀ ਅਤੇ ਹੋਰ ਸਹੂਲਤਾਂ ਲਈ ਇਸ ਸਰਕਾਰ ਨੇ ਪਹਿਲਕਦਮੀ ਕੀਤੀ ਹੈ।
ਸਾਲ 2024 ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਸਾਲ ਵਿਚ ਪੰਜਾਬ ਸਰਕਾਰ ਨੇ ਗੰਨੇ ਦਾ ਰੇਟ ਵਧਾਅ ਕੇ 401 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ, ਜੋ ਦੇਸ਼ ਭਰ ਵਿਚੋਂ ਸਭ ਤੋਂ ਵੱਧ ਹੈ। ਸਾਰੀਆਂ ਸਹਿਕਾਰੀ ਖੰਡ ਮਿੱਲਾਂ ਵਲੋਂ ਕਿਸਾਨਾਂ ਦੀ ਅਦਾਇਗੀ ਪੂਰੀ ਤਰਾਂ ਕਲੀਅਰ ਕਰ ਦਿੱਤੀ ਗਈ ਹੈ, ਜਦਕਿ ਪਿਛਲੀਆਂ ਸਰਕਾਰਾਂ ਦੌਰਾਨ ਹਮੇਸ਼ਾਂ ਹੀ ਕਿਸਾਨਾਂ ਦੇ ਬਕਾਏ ਮਿੱਲਾਂ ਵਲੋਂ ਦਬਾਅ ਲਏ ਜਾਂਦੇ ਸਨ।
ਇਸੇ ਤਰਾਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਲਈ ਪੰਜਾਬ ਸਰਕਾਰ ਵਲੋਂ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜਿਸ ਪ੍ਰਤੀ ਕਿਸਾਨਾਂ ਵਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਫਸਲੀ ਵਿਭਿੰਨਤਾ ਲਿਆਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਬਾਸਮਤੀ ਦੀ ਕੁਆਲਟੀ ਵਧਾਉਣ ਅਤੇ ਕਿਸਾਨਾਂ ਨੂੰ ਜਹਿਰ ਮੁਕਤ ਖੇਤੀ ਕਰਨ ਲਈ ਉਤਸ਼ਾਹਿਤ ਕਰਨ ਲਈ 10 ਬੇਲੋੜੀਆਂ ਕੀੜੇਮਾਰ ਦਵਾਈਆਂ ‘ਤੇ ਪਾਬੰਦੀ ਲਗਾਈ ਗਈ ਹੈ। ਇਸੇ ਤਰਾਂ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਨਾਲ ਜੋੜਨ ਲਈ ਹੋਰ ਵੀ ਅਨੇਕਾਂ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ 16 ਹਜਾਰ ਮਸ਼ੀਨਾਂ ਮੁਹਈਆ ਕਰਵਾਈਆਂ ਗਈਆਂ ਹਨ।