ਚੰਡੀਗੜ੍ਹ, 9 ਦਸੰਬਰ : ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਿਚਾਰ ਕੀਤਾ ਜਾ ਰਿਹਾ ਹੈ। ਸਰਕਾਰ ਵਲੋਂ ਨੌਜ਼ਵਾਨਾਂ ਨੂੰ ਨੌਕਰੀਆਂ ਦੇਣ ਲਈ ਪਹਿਲਾਂ ਹੀ ਮੁਹਿੰਮ ਸ਼ਰੂ ਕੀਤੀ ਹੋਈ ਹੈ ਅਤੇ ਹੁਣ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।
ਸਿੱਖਿਆ ਵਿਭਾਗ ਦੀਆ ਚਾਰ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਕੀਤੀ। ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਬਹੁਤ ਸਾਰੇ ਕੱਚੇ ਮੁਲਾਜ਼ਮਾਂ ਪੱਕੇ ਹੋਣ ਦੀ ਆਸ ਲਾਈ ਬੈਠੇ ਹਨ। ਇਸ ਮੀਟਿੰਗ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਸਰਕਾਰ ਵਲੋਂ ਪੂਰੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਸਿੱਖਿਆ ਵਿਭਾਗ, ਪ੍ਰਸੋਨਲ ਵਿਭਾਗ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਦੀ ਇਕ ਸਾਂਝੀ ਕਮੇਟੀ ਗਠਿਤ ਕੀਤੀ ਜਾਵੇਗੀ। ਇਸ ਕਮੇਟੀ ਵਲੋਂ ਮੁਲਾਜ਼ਮ ਯੂਨੀਅਨਾਂ ਵਲੋਂ ਉਠਾਈਆਂ ਗਈਆਂ ਮੰਗਾਂ ਬਾਰੇ ਜਾਂਚ ਪੜਤਾਲ ਕਰਕੇ ਆਪਣੀ ਰਿਪੋਰਟ ਸਰਕਾਰ ਨੂੰ ਪੇਸ਼ ਕਰੇਗੀ। ਇਸ ਕਮੇਟੀ ਦੀਆਂ ਸਿਫਾਰਿਸ਼ਾਂ ਪਿਛੋਂ ਸਰਕਾਰ ਵਲੋਂ ਫੈਸਲਾ ਲਿਆ ਜਾਵੇਗਾ।
ਇਸ ਮੀਟਿੰਗ ਤੋਂ ਬਾਅਦ ਮੁਲਾਜ਼ਮਾਂ ਯੂਨੀਅਨਾਂ ਦੇ ਆਗੂਆਂ ਨੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਭਰੇ ਗਏ ਹੁੰਗਾਰੇ ਮੁਤਾਬਿਕ ਜਲਦੀ ਹੀ ਮੰਗਾਂ ਪੂਰੀਆਂ ਹੋਣ ਦੀ ਉਮੀਦ ਹੈ।
ਇਸ ਮੀਟਿੰਗ ਵਿਚ ਆਈ ਈ ਈ ਆਰ ਟੀ ਵਿਸ਼ੇਸ਼ ਅਧਿਆਪਕ ਯੂਨੀਅਨ ਦੇ ਪ੍ਰਧਾਨ ਰਮੇਸ਼ ਕੁਮਾਰ ਅਤੇ ਮੀਤ ਪ੍ਰਧਾਨ ਗੁਰਮੀਤ ਸਿੰਘ, ਏ ਆਈ ਆਈ ਕੱਚੇ ਅਧਿਕਾਰੀ ਯੂਨੀਅਨ ਦੇ ਪ੍ਰਧਾਨ ਤੇਜਿੰਦਰ ਕੌਰ ਅਤੇ ਸਕੱਤਰ ਕੁਲਵਿੰਦਰ ਕੌਰ, ਸਰਵ ਸਿੱਖਿਆ ਅਭਿਆਨ ਮਿਡ ਡੇਅ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਅਤੇ ਸਕੱਤਰ ਰਜਿੰਦਰ ਸਿੰਘ, ਕੰਪਿਊਟਰ ਟੀਚਰਜ਼ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ, ਮੀਤ ਪ੍ਰਧਾਨ ਅਨਿਲ ਐਰੀ, ਜਨਰਲ ਸਕੱਤਰ ਹਰਪ੍ਰੀਤ ਸਿੰਘ ਅਤੇ ਜਨਰਲ ਸਕੱਤਰ ਪਰਮਿੰਦਰ ਸਿੰਘ ਹਾਜਰ ਸਨ