ਫਰੀਦਕੋਟ, 3 ਦਸੰਬਰ : ਪੰਜਾਬ ਸਰਕਾਰ ਵਲੋਂ ਅੰਗਹੀਣਾ ਅਤੇ ਕਮਜ਼ੋਰ ਵਰਗਾਂ ਦੇ ਸਰਵਪੱਖੀ ਵਿਕਾਸ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਨ੍ਹਾਂ ਵਰਗਾਂ ਲਈ ਰੋਜ਼ਗਾਰ ਦੇ ਮੌਕੇ ਵੀ ਮੁਹਈਆ ਕਰਵਾਏ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਬਾਕੀ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ।
ਅੱਜ ਫਰੀਦਕੋਟ ਵਿਖੇ ਕੌਮਾਂਤਰੀ ਦਿਵਿਆਂਗ ਦਿਵਸ ਮੌਕੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨੈਤਰਹੀਣਾ ਲਈ ਅਤੇ ਉਨ੍ਹਾਂ ਦੇ ਸਹਾਇਕਾਂ ਲਈ ਮੁਫਤ ਯਾਤਰਾ ਲਈ ਵੀ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਦੁਨੀਆਂ ‘ਤੇ ਕੋਈ ਵੀ ਇਨਸਾਨ ਸੰਪੂਰਨ ਨਹੀਂ ਹੁੰਦਾ ਅਤੇ ਹਰ ਇਨਸਾਨ ਵਿਚ ਕੋਈ ਨਾ ਕੋਈ ਨੁਕਸ ਹੁੰਦਾ ਹੈ। ਇਸ ਲਈ ਸਾਨੂੰ ਦਿਵਿਆਂਗ ਵਿਅਕਤੀਆਂ ਨੂੰ ਵੀ ਆਪਣੇ ਬਰਾਬਰ ਸਮਝਣਾ ਚਾਹੀਦਾ ਹੈ। ਉਨ੍ਹਾਂ ਨੇ ਦਿਵਿਆਂਗ ਵਿਅਕਤੀਆਂ ਨੂੰ ਪ੍ਰੇਰਨਾ ਦਿੰਦਿਆਂ ਕਿਹਾ ਕਿ ਸਰੀਰਕ ਕਮਜ਼ੋਰੀ ਉਨੇਂ ਮਾਅਨੇ ਨਹੀਂ ਰੱਖਦੀ, ਜਦੋਂ ਮਨੁੱਖ ਦਾ ਮਨ ਕਮਜ਼ੋਰ ਨਾ ਹੋਵੇ। ਇਸ ਲਈ ਉਨ੍ਹਾਂ ਨੇ ਕਿਹਾ ਕਿ ਤੁਹਾਨੂੰ ਮਾਨਸਿਕ ਤੌਰ ‘ਤੇ ਮਜਬੂਤ ਹੋਣਾ ਚਾਹੀਦਾ ਹੈ।
ਇਸ ਰਾਜ ਪੱਧਰੀ ਸਮਾਗਮ ਵਿਚ ਸਥਾਨਕ ਵਿਧਾਇਕ ਗੁਰਦਿੱਤ ਸਿੰਘ ਸੇਖੋ਼, ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ, ਐਸ.ਐਸ.ਪੀ. ਪ੍ਰੱਗਿਆ ਜੈਨ ਅਤੇ ਡਾਇਰੈਕਟਰ ਸ਼ੇਨਾ ਅਗਰਵਾਲ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।