Thursday, November 13Malwa News
Shadow

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ

ਚੰਡੀਗੜ੍ਹ, 13 ਨਵੰਬਰ:

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਕਦਮ ਚੁੱਕ ਰਹੀ ਹੈ, ਉਥੇ ਹੀ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸੁਖ-ਸੁਵਿਧਾਵਾਂ ਅਤੇ ਭਲਾਈ ਉੱਤੇ ਵੀ ਖਾਸ ਧਿਆਨ ਦੇ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿੱਚ ਵੱਖ-ਵੱਖ ਆਂਗਨਵਾੜੀ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਕੀਤਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਆਂਗਨਵਾੜੀ ਹੈਲਪਰਾਂ ਅਤੇ ਵਰਕਰਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦੀ ਮੰਗ ਪੂਰੀ ਕਰੇਗੀ, ਤਾਂ ਜੋ ਆਂਗਨਵਾੜੀ ਪੱਧਰ ਤੇ ਕੰਮਕਾਜ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਸਰਕਾਰ ਤਨਖਾਹ ਵਿੱਚ ਵਾਧੇ, ਮੋਬਾਈਲ ਭੱਤੇ ਵਿੱਚ ਵਾਧੇ ਦੀ ਮੰਗ ਅਤੇ ਹੋਰ ਮੰਗਾਂ ਸਬੰਧੀ ਮਾਮਲਿਆਂ ‘ਤੇ ਵੀ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ, ਤਾਂ ਜੋ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹੋਰ ਉਤਸ਼ਾਹ ਤੇ ਸਮਰਪਣ ਨਾਲ ਸੇਵਾ ਦੇਣ ਲਈ ਪ੍ਰੇਰਣਾ ਮਿਲੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਵੱਖ-ਵੱਖ ਮੰਗਾਂ —  ਬੜੇ ਧਿਆਨ ਨਾਲ ਸੁਣੀਆਂ ਗਈਆਂ ਹਨ ਅਤੇ ਜਿਹੜੀਆਂ ਮੰਗਾਂ ਵਿਭਾਗ ਪੱਧਰ ‘ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ। ਜਿਹੜੀਆਂ ਮੰਗਾਂ ਸਰਕਾਰ ਪੱਧਰ ‘ਤੇ ਸੰਬੰਧਿਤ ਹਨ, ਉਨ੍ਹਾਂ ਦੀ ਪ੍ਰਕਿਰਿਆ ਵੀ ਜਲਦ ਸ਼ੁਰੂ ਕੀਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਆਂਗਨਵਾੜੀ ਹੈਲਪਰਾਂ ਅਤੇ ਵਰਕਰਾਂ ਦੀ ਭਰਤੀ ਦੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇਗੀ, ਤਾਂ ਜੋ ਸਾਰੇ ਖਾਲੀ ਅਸਾਮੀਆਂ ਨੂੰ ਭਰਿਆ ਜਾ ਸਕੇ ਅਤੇ ਸੇਵਾਵਾਂ ਦਾ ਪੱਧਰ ਹੋਰ ਮਜ਼ਬੂਤ ਹੋਵੇ।

ਇਸ ਮੌਕੇ ਆਂਗਨਵਾੜੀ ਯੂਨੀਅਨਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਵਰਕਰਾਂ ਅਤੇ ਹੈਲਪਰਾਂ ਦੀਆਂ ਕਈ ਮੰਗਾਂ — ਜਿਵੇਂ ਪਿਛਲੇ ਮਹੀਨਿਆਂ ਦਾ ਤਨਖਾਹ ਏਰੀਅਰ ਜਾਰੀ ਕਰਨਾ, ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨਾ ਅਤੇ ਮੌਤ ਜਾਂ ਜਾਨਲੇਵਾ ਬਿਮਾਰੀ ਦੇ ਮਾਮਲਿਆਂ ਵਿੱਚ ਆਸ਼ਰਿਤਾਂ ਨੂੰ ਨੌਕਰੀ ਦੇਣ ਲਈ ਨਿਯਮਾਂ ਵਿੱਚ ਸੋਧ ਕਰਨ ਤੋਂ ਇਲਾਵਾ ਹੋਰ ਮੰਗਾਂ ਨੂੰ ਸਕਾਰਾਤਮਕ ਤਰੀਕੇ ਨਾਲ ਲਿਆ ਜਾ ਰਿਹਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮਹਿਲਾ ਤੇ ਬਾਲ ਵਿਕਾਸ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿੱਚ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਸਰਕਾਰ ਉਨ੍ਹਾਂ ਦੇ ਹੱਕਾਂ ਅਤੇ ਸੁਵਿਧਾਵਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ  ਵਿਕਾਸ ਪ੍ਰਤਾਪ, ਡਾਇਰੈਕਟਰ ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰ ਅਮਰਜੀਤ ਸਿੰਘ, ਸੁਖਦੀਪ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।