ਚੰਡੀਗੜ੍ਹ, 29 ਨਵੰਬਰ : ਪੰਜਾਬ ਸਰਕਾਰ ਨੇ ਟੈਕਸ ਨਾ ਭਰਨ ਵਾਲੇ ਮੋਟਰ ਡੀਲਰਾਂ ਖਿਲਾਫ ਸਖਤੀ ਵਰਤਦਿਆਂ ਟਰਾਂਸਪੋਰਟ ਵਿਭਾਗ ਦੇ ਪੋਰਟਲ ਤੋਂ ਖਾਤੇ ਬੰਦ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੱਡੀਆਂ ਦੇ ਡੀਲਰਾਂ ਦਾ 7.85 ਕਰੋੜ ਰੁਪਏ ਦਾ ਪੋਜੈਸ਼ਨ ਟੈਕਸ ਬਕਾਇਆ ਹੈ, ਜੋ ਹੁਣ ਜਲਦੀ ਉੁਗਰਾਹਿਆ ਜਾਵੇਗਾ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਬਕਾਇਆ ਟੈਕਸ ਉਗਰਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਡਿਫਾਲਟਰ ਡੀਲਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਡਿਫਾਲਟਰ ਡੀਲਰਾਂ ਨੂੰ ਪਹਿਲਾਂ ਵੀ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ, ਪਰ ਫਿਰ ਵੀ ਉਨ੍ਹਾਂ ਨੇ ਟੈਕਸ ਦੀ ਅਦਾਇਗੀ ਨਹੀਂ ਕੀਤੀ।
ਟਰਾਂਸਪੋਰਟ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਆਟੋਮੋਬਾਈਲ ਡੀਲਰਜ਼ ਐਸੋਸੀਏਸ਼ਨ ਨੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫਤਰ ਪਾਸੋਂ ਰਿਆਇਤ ਦੀ ਮੰਗ ਕੀਤੀ ਸੀ, ਜਿਸ ਤਹਿਤ ਉਨ੍ਹਾਂ ਨੂੰ ਕਈ ਮੌਕੇ ਦਿੱਤੇ ਜਾ ਚੁੱਕੇ ਹਨ। ਇਸ ਲਈ ਕਈ ਡਿਫਾਲਟਰ ਡੀਲਰਾਂ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਕਾਰ ਬਾਜਾਰਾਂ ਵਿਚ ਪੁਰਾਣੀਆਂ ਕਾਰਾਂ ਦੀ ਵਿੱਕਰੀ ਕਰਨ ਅਤੇ ਕਾਰਾਂ ਖੜ੍ਹੀਆਂ ਕਰਨ ਦੇ ਕੰਮ ਵਿਚ ਪਾਰਦਰਸ਼ਤਾ ਲਿਆਉਣ ਲਈ ਕਾਰ ਡੀਲਰਾਂ ਨੂੰ ਕਾਨੂੰਨ ਦੇ ਦਾਇਰੇ ਵਿਚ ਲਿਆਂਦਾ ਜਾ ਰਿਹਾ ਹੈ।