ਚੰਡੀਗੜ੍ਹ, 18 ਦਸੰਬਰ: ਪੰਜਾਬ ਸਰਕਾਰ ਨੇ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀਆਂ ਮਾਵਾਂ ਦੀ ਸਿਹਤ ਸੰਭਾਲ ਲਈ 28 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਸ ਫੰਡ ਦਾ 70 ਹਜ਼ਾਰ ਔਰਤਾਂ ਨੂੰ ਲਾਭ ਹੋਵੇਗਾ।
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਸੁਰੱਖਿਆ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮਾਤਰੂ ਵੰਦਨਾ ਯੋਜਨਾ ਦੇ ਤਹਿਤ ਅਕਤੂਬਰ ਮਹੀਨੇ ਵਿਚ 22 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ 19 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਪਹਿਲੇ ਬੱਚੇ ਦੇ ਜਨਮ ਸਮੇਂ ਪੰਜ ਹਜ਼ਾਰ ਰੁਪਏ ਦਿੱਤੇ ਜਾਂਦੇ ਹਨ। ਇਸ ਤੋਂ ਇਲਾਵਾ ਜੇਕਰ ਦੂਜਾ ਬੱਚਾ ਲੜਕੀ ਹੁੰਦੀ ਹੈ ਤਾਂ ਫੇਰ 6 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ। ਇਨ੍ਹਾਂ ਯੋਜਨਾਵਾਂ ਦਾ ਉਦੇਸ਼ ਮਾਂ ਅਤੇ ਬੱਚੇ ਦੀ ਸਿਹਤ ਅਤੇ ਸੰਤੁਲਿਤ ਭੋਜਨ ਮੁਹਈਆ ਕਰਵਾਉਣਾ ਹੈ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਵੀ ਸਖ਼ਤ ਹਦਾਇਤਾਂ ਦਿੱਤੀਆਂ ਕਿ ਲਾਭਪਾਤਰੀ ਔਰਤਾਂ ਨੂੰ ਸਮੇਂ ਸਿਰ ਸਹੂਲਤਾਂ ਮੁਹਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।